ਮਾਸੂਮ ਨਾਲ ਅਸ਼ਲੀਲ ਹਰਕਤ ਕਰਨ ਦੀ ਕੋਸ਼ਿਸ਼ ਦਾ ਮਾਮਲਾ, ਪਰਿਵਾਰ ਐੱਸਐੱਸਪੀ ਦਫ਼ਤਰ ਪਹੁੰਚਿਆ
ਮਾਸੂਮ ਨਾਲ ਅਸ਼ਲੀਲ ਹਰਕਤ ਕਰਨ ਦੀ ਕੋਸ਼ਿਸ਼ ਦਾ ਮਾਮਲਾ, ਕਾਰਵਾਈ ਨਾ ਹੋਣ ‘ਤੇ ਪਰਿਵਾਰ ਐਸਐਸਪੀ ਦਫ਼ਤਰ ਪਹੁੰਚਿਆ
Publish Date: Thu, 07 May 2026 07:32 PM (IST)
Updated Date: Thu, 07 May 2026 07:32 PM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਦੇ ਇਕ ਪਿੰਡ ਵਿਚ ਸੱਤ ਸਾਲਾਂ ਦੀ ਮਾਸੂਮ ਬੱਚੀ ਨਾਲ ਕਥਿਤ ਤੌਰ ’ਤੇ ਅਸ਼ਲੀਲ ਹਰਕਤ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਕਾਰਵਾਈ ਨਾ ਹੋਣ ਕਾਰਨ ਪੀੜਤ ਪਰਿਵਾਰ ਮੰਗਲਵਾਰ ਨੂੰ ਐੱਸਐੱਸਪੀ ਦਫ਼ਤਰ ਪਹੁੰਚ ਕੇ ਇਨਸਾਫ਼ ਦੀ ਗੁਹਾਰ ਲਗਾਈ। ਪਰਿਵਾਰ ਦੇ ਨਾਲ ਪਿੰਡ ਦੀ ਪੰਚਾਇਤ ਵੀ ਮੌਜੂਦ ਰਹੀ। ਪੀੜਤ ਪੱਖ ਨੇ ਦੋਸ਼ ਲਾਇਆ ਕਿ ਘਟਨਾ ਨੂੰ ਕਈ ਦਿਨ ਬੀਤ ਜਾਣ ਦੇ ਬਾਵਜੂਦ ਸਥਾਨਕ ਪੁਲਿਸ ਨੇ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ। ਇਨਸਾਫ਼ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ ਪਿੰਡ ਦੀ ਪੰਚਾਇਤ ਦੇ ਨਾਲ ਐੱਸਐੱਸਪੀ ਦਫ਼ਤਰ ਪਹੁੰਚਿਆ ਅਤੇ ਅਧਿਕਾਰੀਆਂ ਤੋਂ ਤੁਰੰਤ ਦਖਲ ਦੀ ਅਪੀਲ ਕੀਤੀ। ਪਰਿਵਾਰ ਨੇ ਕਿਹਾ ਕਿ ਜੇਕਰ ਸਮੇਂ ਸਿਰ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਉਹ ਅੰਦੋਲਨ ਦਾ ਰਸਤਾ ਅਪਣਾਉਣ ਲਈ ਮਜਬੂਰ ਹੋਣਗੇ। ਇਸ ਉਪਰੰਤ ਡੀਐੱਸਪੀ ਹਰਵਿੰਦਰ ਸਿੰਘ ਸਰਾਂ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ ਅਤੇ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡੀਐੱਸਪੀ ਨੇ ਕਿਹਾ ਕਿ ਸ਼ਿਕਾਇਤ ਮਿਲਣ ਦੇ ਬਾਵਜੂਦ ਕਾਰਵਾਈ ਵਿਚ ਹੋਈ ਦੇਰੀ ਦੀ ਜਾਂਚ ਕੀਤੀ ਜਾਵੇਗੀ ਜੇਕਰ ਕਿਸੇ ਪੁਲਿਸ ਕਰਮਚਾਰੀ ਦੀ ਲਾਪ੍ਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਦੇ ਖ਼ਿਲਾਫ਼ ਵੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾਣਗੇ।