ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਨੌਜਵਾਨ ਦੀ ਮੌਤ
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਨੌਜਵਾਨ ਦੀ ਮੌਤ
Publish Date: Fri, 08 May 2026 04:28 PM (IST)
Updated Date: Sat, 09 May 2026 04:05 AM (IST)
ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਤਲਵੰਡੀ ਸਾਬੋ ਦੇ ਪਿੰਡ ਸ਼ੇਖਪੁਰਾ ਕੋਲ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਇਕ ਸਮਾਚਾਰ ਮਿਲਿਆ ਹੈ। ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਹੈ ਕੁਲਵੰਤ ਸਿੰਘ ਵਾਸੀ ਪਿੰਡ ਲਹਿਰਾ ਮੁਹੱਬਤ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸਦਾ ਪੁੱਤਰ ਮਨਪ੍ਰੀਤ ਸਿੰਘ 30 ਸਾਲਾਂ ਲੰਘੀ 6 ਮਈ ਨੂੰ ਬਾਈਕ 'ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਾਂਚ ਅਧਿਕਾਰੀ ਅਨੁਸਾਰ ਜਦੋਂ ਮਨਪ੍ਰੀਤ ਸਿੰਘ ਪਿੰਡ ਸੇਖਪੁਰਾ ਦੇ ਕੋਲ ਪਹੁੰਚਿਆ ਤਾਂ ਇਕ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਉਸ ਦੀ ਬਾਈਕ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਭਿਆਨਕ ਸੀ ਕਿ ਮਨਪ੍ਰੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਅਣਪਛਾਤਾ ਡਰਾਈਵਰ ਆਪਣੇ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਥਾਣਾ ਤਲਵੰਡੀ ਸਾਬੋ ਵਿਖੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਆਸ-ਪਾਸ ਦੇ ਇਲਾਕੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਾਦਸੇ ਲਈ ਜ਼ਿੰਮੇਵਾਰ ਵਾਹਨ ਤੇ ਡਰਾਈਵਰ ਦੀ ਪਛਾਣ ਕੀਤੀ ਜਾ ਸਕੇ।