ਗੁਰੂ ਸਾਹਿਬ ਦੀ ਮਰਿਆਦਾ ਤੇ ਸੂਬੇ ਲਈ ਕੰਮ ਕਰ ਰਹੀ ‘ਆਪ’ : ਮਾਨ
ਆਪ ਸਰਕਾਰ ਗੁਰੂ ਸਾਹਿਬ ਦੀ ਮਰਿਆਦਾ ਅਤੇ ਪੰਜਾਬ ਦੀ ਤਰੱਕੀ ਲਈ ਕੰਮ ਕਰ ਰਹੀ ਹੈ: ਮਾਨ
Publish Date: Fri, 08 May 2026 04:49 PM (IST)
Updated Date: Sat, 09 May 2026 04:06 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਸ਼ੁਕਰਾਨਾ ਯਾਤਰਾ’ ਦੇ ਤੀਜੇ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ ਉੱਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪੁੱਜੀ ਸੰਗਤਾਂ ਅਤੇ ਲੋਕਾਂ ਦੇ ਅਥਾਹ ਪਿਆਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਅੱਜ ਵੀ ਇਮਾਨਦਾਰ ਤੇ ਲੋਕਪੱਖੀ ਸਰਕਾਰ ਦੇ ਨਾਲ ਡੱਟ ਕੇ ਖੜ੍ਹੇ ਹਨ। ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈਡ ਪੰਜਾਬ ਨੇ ਕਿਹਾ ਕਿ ਗੁਰੂਆਂ ਅਤੇ ਸ਼ਹੀਦਾਂ ਦੀ ਇਸ ਧਰਤੀ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਭਾਈਚਾਰਕ ਸਾਂਝ, ਤਰੱਕੀ ਤੇ ਗੁਰੂ ਸਾਹਿਬ ਦੀ ਮਰਿਆਦਾ ਦੀ ਰਾਖੀ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ। ਮਾਨ ਸਰਕਾਰ ਵੱਲੋਂ ਬਣਾਇਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ’ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਵਾਲਾ ਇਤਿਹਾਸਕ ਕਦਮ ਹੈ, ਜਿਸ ਤਹਿਤ ਹੁਣ ਬੇਅਦਬੀ ਕਰਨ ਵਾਲੇ ਕਿਸੇ ਵੀ ਹਾਲਤ ਵਿਚ ਕਾਨੂੰਨ ਤੋਂ ਨਹੀਂ ਬਚ ਸਕਣਗੇ। ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਣ ਅਤੇ ਲੋਕਾਂ ਨੂੰ ਵੰਡਣ ਦੀ ਰਾਜਨੀਤੀ ਕੀਤੀ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਵਰਗ ਦੀ ਭਲਾਈ ਅਤੇ ਸਰਬੱਤ ਦੇ ਭਲੇ ਦੀ ਸੋਚ ਨਾਲ ਕੰਮ ਕਰ ਰਹੀ ਹੈ। ਪੰਜਾਬ ਨਾਲ ਧੋਖਾ ਕਰਨ ਵਾਲੇ ਲੋਕਾਂ ਨੂੰ ਪੰਜਾਬ ਦੀ ਜਨਤਾ ਨੇ ਨਕਾਰ ਦਿੱਤਾ ਹੈ ਅਤੇ ਅੱਜ ਉਹ ਮੈਦਾਨ ਛੱਡ ਕੇ ਭੱਜ ਰਹੇ ਹਨ। ਉੱਥੇ ਹੀ ਚੇਅਰਮੈਨ ਮਾਰਕਫੈੱਡ ਪੰਜਾਬ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ‘ਆਪ’ ਦੀ ਸਰਕਾਰ ਪੰਜਾਬ ਦੀ ਤਰੱਕੀ, ਨੌਜਵਾਨਾਂ ਦੇ ਭਵਿੱਖ, ਕਿਸਾਨਾਂ ਦੀ ਭਲਾਈ ਅਤੇ ਪੰਜਾਬ ਦੀ ਅਮਨ-ਸ਼ਾਂਤੀ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਲੋਕਾਂ ਦਾ ਮਿਲ ਰਿਹਾ ਪਿਆਰ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਲੋਕ ਬਦਲਾਅ ਦੀ ਇਸ ਸਿਆਸਤ ਨਾਲ ਮਜ਼ਬੂਤੀ ਨਾਲ ਜੁੜੇ ਹੋਏ ਹਨ।