ਸ਼ੁਕਰਾਨਾ ਯਾਤਰਾ ਨੂੰ ਮਿਲ ਰਿਹੈ ਭਰਵਾਂ ਸਮਰਥਨ : ਇੰਦਰਜੀਤ ਮਾਨ
ਸ਼ੁਕਰਾਨਾ ਯਾਤਰਾ ਨੂੰ ਮਿਲ ਰਿਹਾ ਲੋਕਾਂ ਦਾ ਭਰਵਾਂ ਸਮਰਥਨ: ਇੰਦਰਜੀਤ ਮਾਨ
Publish Date: Fri, 08 May 2026 06:09 PM (IST)
Updated Date: Sat, 09 May 2026 04:09 AM (IST)

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਚੇਅਰਮੈਨ ਮਾਰਕਫੈਡ ਪੰਜਾਬ ਸਰਦਾਰ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੱਢੀ ਜਾ ਰਹੀ ‘ਸ਼ੁਕਰਾਨਾ ਯਾਤਰਾ’ ਨੂੰ ਪੰਜਾਬ ਭਰ ਵਿਚ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ, ਜੋ ਮਾਨ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਅਤੇ ਇਮਾਨਦਾਰ ਕਾਰਗੁਜ਼ਾਰੀ ਦਾ ਸਪੱਸ਼ਟ ਸਬੂਤ ਹੈ। ਰਾਮਪੁਰਾ ਫੂਲ ਵਿਖੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕਰਨਾ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਸਤਿਕਾਰਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਗੁਰੂਆਂ ਅਤੇ ਸ਼ਹੀਦਾਂ ਦੀ ਇਸ ਧਰਤੀ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਭਾਈਚਾਰਕ ਸਾਂਝ, ਤਰੱਕੀ ਅਤੇ ਗੁਰੂ ਸਾਹਿਬ ਦੀ ਮਰਿਆਦਾ ਦੀ ਰਾਖੀ ਲਈ ਆਪਣੀ ਵਚਨਬੱਧਤਾ ਦੁਹਰਾਈ ਹੈ। ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਲਿਆਂਦਾ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ’ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਵਾਲਾ ਇਤਿਹਾਸਕ ਕਦਮ ਹੈ, ਜਿਸ ਤਹਿਤ ਬੇਅਦਬੀ ਕਰਨ ਵਾਲੇ ਹੁਣ ਕਿਸੇ ਵੀ ਹਾਲਤ ਵਿਚ ਕਾਨੂੰਨ ਤੋਂ ਨਹੀਂ ਬਚ ਸਕਣਗੇ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਣ ਅਤੇ ਲੋਕਾਂ ਨੂੰ ਵੰਡਣ ਦੀ ਰਾਜਨੀਤੀ ਕੀਤੀ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦੀ ਭਲਾਈ ਅਤੇ ਸਰਬੱਤ ਦੇ ਭਲੇ ਦੀ ਸੋਚ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਧੋਖਾ ਕਰਨ ਵਾਲੇ ਲੋਕਾਂ ਨੂੰ ਜਨਤਾ ਨਕਾਰ ਚੁੱਕੀ ਹੈ ਅਤੇ ਅੱਜ ਉਹ ਮੈਦਾਨ ਛੱਡ ਕੇ ਭੱਜ ਰਹੇ ਹਨ। ਚੇਅਰਮੈਨ ਮਾਨ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਦੀ ਤਰੱਕੀ, ਨੌਜਵਾਨਾਂ ਦੇ ਭਵਿੱਖ, ਕਿਸਾਨਾਂ ਦੀ ਭਲਾਈ ਅਤੇ ਅਮਨ-ਸ਼ਾਂਤੀ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਭਰਵਾਂ ਪਿਆਰ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਲੋਕ ਬਦਲਾਅ ਦੀ ਇਸ ਰਾਜਨੀਤੀ ਨਾਲ ਮਜ਼ਬੂਤੀ ਨਾਲ ਜੁੜੇ ਹੋਏ ਹਨ।