ਮੁੱਖ ਮੰਤਰੀ ਮਾਨ ਤੇ ਡਾ. ਗੁਰਪ੍ਰੀਤ ਕੌਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ
ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ
Publish Date: Fri, 08 May 2026 06:14 PM (IST)
Updated Date: Sat, 09 May 2026 04:09 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਲਈ ਅਕਾਲ ਪੁਰਖ ਦਾ ਕੋਟਨ-ਕੋਟ ਸ਼ੁਕਰਾਨਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਕਰਾਨਾ ਯਾਤਰਾ ਕੱਢੀ ਗਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਵਿਚ ਮੱਥਾ ਟੇਕ ਕੇ ਪੰਜਾਬ ਦੀ ਚੜ੍ਹਦੀ ਕਲਾ, ਅਮਨ-ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚਣ ‘ਤੇ ਹਲਕਾ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਨੇ ਆਪਣੀ ਟੀਮ ਸਮੇਤ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਧਰਮ ਪਤਨੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰੂ ਘਰ ਵਿਚ ਕੀਰਤਨ ਸਰਵਣ ਕਰਨ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਮੂਹ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤੇ ਪੰਜਾਬ ਸਰਕਾਰ ਇਸ ਮਾਮਲੇ ਵਿਚ ਕੋਈ ਵੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕਰੇਗੀ। ਮੁੱਖ ਮੰਤਰੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਦਸਮੇਸ਼ ਮਾਰਕੀਟ ਦੇ ਸਾਹਮਣੇ ਵੱਡੀ ਗਿਣਤੀ ਵਿਚ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤਲਵੰਡੀ ਸਾਬੋ ਹਲਕੇ ’ਚ ‘ਸ਼ੁਕਰਾਨਾ ਯਾਤਰਾ’ ਦੌਰਾਨ ਅੱਤ ਦੀ ਗਰਮੀ ਦੇ ਬਾਵਜੂਦ ਪਹੁੰਚੀ ਸੰਗਤ ਦੇ ਪਿਆਰ ਲਈ ਉਹ ਤਹਿ ਦਿਲੋਂ ਧੰਨਵਾਦੀ ਹਨ। ਇਸ ਮੌਕੇ ਬਲਤੇਜ ਸਿੰਘ ਪੰਨੂ ਮੀਡੀਆ ਸਲਾਹਕਾਰ ਮੁੱਖ ਮੰਤਰੀ, ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ, ਡਾ.ਜੋਤੀ ਯਾਦਵ ਬੈਂਸ ਐਸਐਸਪੀ ਬਠਿੰਡਾ, ਜਥੇਦਾਰ ਦਰਸ਼ਨ ਸਿੰਘ ਜਗਾ ਰਾਮ ਤੀਰਥ, ਚੌਧਰੀ ਜਸਵਿੰਦਰ ਕੌਰ ਮੈਂਬਰ ਮਹਿਲਾ ਕਮਿਸ਼ਨ ਪੰਜਾਬ, ਉਦੇਵੀਰ ਸਿੰਘ ਜਗਾ ਰਾਮ ਤੀਰਥ, ਗੁਰਪ੍ਰੀਤ ਕੌਰ ਚੇਅਰਮੈਨ ਮਾਰਕਿਟ ਕਮੇਟੀ ਰਾਮਾ, ਟੇਕ ਸਿੰਘ ਬੰਗੀ ਚੇਅਰਮੈਨ ਮਾਰਕਿਟ ਕਮੇਟੀ ਤਲਵੰਡੀ ਸਾਬੋ, ਹਰਜੀਤ ਸਿੰਘ ਸਰਾਂ ਹਲਕਾ ਕੋਆਰਡੀਨੇਟਰ, ਬਲਵਿੰਦਰ ਸਿੰਘ ਗਿੱਲ, ਕੁਲਵੰਤ ਸਿੰਘ ਸਿੰਗੋ, ਜਿੰਮੀ ਸਿੱਧੂ ਗਾਟਵਾਲੀ, ਗੁਰਪ੍ਰੀਤ ਸਿੰਘ ਬੰਗੀ, ਤਰਸੇਮ ਕੁਮਾਰ ਸਿੰਗਲਾ, ਗੁਰਤੇਜ ਸਿੰਘ ਜੋਗੇਵਾਲਾ ਤੋਂ ਇਲਾਵਾ ਸ਼ੁਕਰਾਨਾ ਯਾਤਰਾ ਦੌਰਾਨ ਵੱਡੀ ਗਿਣਤੀ ’ਚ ‘ਆਪ’ ਦੇ ਆਗੂ, ਵਰਕਰ ਅਤੇ ਸੰਗਤਾਂ ਹਾਜ਼ਰ ਸਨ।