ਨਿਗਮ ਚੋਣਾਂ ਲਈ ਚੇਅਰਮੈਨ ਭੱਲਾ ਸਕਰੀਨਿੰਗ ਕਮੇਟੀ ਦੇ ਮੈਂਬਰ ਨਿਯੁਕਤ
ਨਿਗਮ ਚੋਣਾਂ ਲਈ ਚੇਅਰਮੈਨ ਜਤਿੰਦਰ ਭੱਲਾ ਸਕਰੀਨਿੰਗ ਕਮੇਟੀ ਦੇ ਮੈਂਬਰ ਨਿਯੁਕਤ
Publish Date: Fri, 08 May 2026 06:16 PM (IST)
Updated Date: Sat, 09 May 2026 04:09 AM (IST)

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ‘ਆਪ’ ਵੱਲੋਂ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੂੰ ਨਗਰ ਨਿਗਮ ਚੋਣਾਂ ਲਈ ਬਣਾਈ ਗਈ ਸਕਰੀਨਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਹਾਈ ਕਮਾਂਡ ਵੱਲੋਂ ਕੀਤੀ ਗਈ ਇਸ ਨਿਯੁਕਤੀ ਨੂੰ ਬਠਿੰਡਾ ਦੀ ਸਿਆਸਤ ਵਿੱਚ ਇਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਸਕਰੀਨਿੰਗ ਕਮੇਟੀ ਦੀ ਜ਼ਿੰਮੇਵਾਰੀ ਬਠਿੰਡਾ ਨਗਰ ਨਿਗਮ ਦੇ ਵੱਖ-ਵੱਖ ਵਾਰਡਾਂ ਤੋਂ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਦੇ ਨਾਮਾਂ ‘ਤੇ ਵਿਚਾਰ ਕਰਨਾ ਅਤੇ ਯੋਗ ਉਮੀਦਵਾਰਾਂ ਦੀ ਸਿਫਾਰਸ਼ ਪਾਰਟੀ ਹਾਈ ਕਮਾਂਡ ਨੂੰ ਭੇਜਣਾ ਹੋਵੇਗੀ। ਕਮੇਟੀ ਉਮੀਦਵਾਰਾਂ ਦੀ ਸਿਆਸੀ ਪਹੁੰਚ, ਲੋਕਪ੍ਰਿਯਤਾ, ਪਾਰਟੀ ਪ੍ਰਤੀ ਨਿਸ਼ਠਾ ਅਤੇ ਸੇਵਾ ਦੇ ਅਧਾਰ ‘ਤੇ ਟਿਕਟਾਂ ਲਈ ਨਾਮ ਤੈਅ ਕਰੇਗੀ। ਜਤਿੰਦਰ ਸਿੰਘ ਭੱਲਾ ਨੇ ਇਸ ਨਿਯੁਕਤੀ ਲਈ ਪਾਰਟੀ ਦੀ ਸੰਯੁਕਤ ਲੀਡਰਸ਼ਿਪ ਤੇ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ। ਆਮ ਆਦਮੀ ਪਾਰਟੀ ਬਠਿੰਡਾ ਨਿਗਮ ਚੋਣਾਂ ਨੂੰ ਪੂਰੀ ਤਾਕਤ ਨਾਲ ਲੜੇਗੀ। ਸ਼ਹਿਰ ਵਿੱਚ ਆਪਣਾ ਮੇਅਰ ਬਣਾਉਣ ਵਿੱਚ ਕਾਮਯਾਬ ਰਹੇਗੀ। ਭੱਲਾ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਵਰਕਰਾਂ ਨੂੰ ਤਰਜੀਹ ਦਿੱਤੀ ਜਾਵੇਗੀ ਜਿਨ੍ਹਾਂ ਨੇ ਲੰਮੇ ਸਮੇਂ ਤਕ ਪਾਰਟੀ ਲਈ ਮਿਹਨਤ ਕੀਤੀ ਹੈ ਤੇ ਲੋਕਾਂ ਵਿਚਕਾਰ ਰਹਿ ਕੇ ਜਨਹਿਤ ਦੇ ਮੁੱਦਿਆਂ ਲਈ ਆਵਾਜ਼ ਉਠਾਈ ਹੈ। ਉਨ੍ਹਾਂ ਕਿਹਾ ਕਿ ਮਿਹਨਤੀ, ਇਮਾਨਦਾਰ ਅਤੇ ਸਾਫ਼-ਸੁਥਰੀ ਛਵੀ ਵਾਲੇ ਵਰਕਰਾਂ ਨੂੰ ਹੀ ਟਿਕਟਾਂ ਨਾਲ ਨਿਵਾਜਿਆ ਜਾਵੇਗਾ ਤਾਂ ਜੋ ਲੋਕਾਂ ਦੀ ਉਮੀਦਾਂ ‘ਤੇ ਖਰ੍ਹਾ ਉਤਰ ਸਕਣ ਵਾਲੀ ਟੀਮ ਤਿਆਰ ਕੀਤੀ ਜਾ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਨੀਤੀਆਂ ਦਾ ਸਿੱਧਾ ਲਾਭ ਪਾਰਟੀ ਨੂੰ ਨਗਰ ਨਿਗਮ ਚੋਣਾਂ ਵਿੱਚ ਮਿਲੇਗਾ। ਲੋਕ ਹੁਣ ਰਵਾਇਤੀ ਪਾਰਟੀਆਂ ਦੀ ਸਿਆਸਤ ਤੋਂ ਉੱਕ ਚੁੱਕੇ ਹਨ ਤੇ ਉਹ ਇਮਾਨਦਾਰ ਅਤੇ ਜਵਾਬਦੇਹ ਪ੍ਰਸ਼ਾਸਨ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਦਿੱਤਾ ਜਾਵੇਗਾ।