ਪਾਬੰਦੀਸ਼ੁਦਾ ਪਦਾਰਥਾਂ ਸਮੇਤ ਚਾਰ ਵਿਅਕਤੀ ਗ੍ਰਿਫਤਾਰ
ਨਸ਼ੀਲੇ ਪਦਾਰਥਾਂ ਸਮੇਤ ਚਾਰ ਗ੍ਰਿਫਤਾਰ, 40 ਗ੍ਰਾਮ ਹੈਰੋਇਨ, 300 ਨਸ਼ੀਲੇ ਕੈਪਸੂਲ ਬਰਾਮਦ।
Publish Date: Sat, 09 May 2026 05:07 PM (IST)
Updated Date: Sun, 10 May 2026 04:06 AM (IST)

ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 4 ਵਿਅਕਤੀਆਂ ਨੂੰ ਭਾਰੀ ਮਾਤਰਾ ਵਿਚ ਹੈਰੋਇਨ ਤੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਫੜੇ ਗਏ ਵਿਅਕਤੀਆਂ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਪੁਲਿਸ ਨੇ ਹੈਰੋਇਨ ਸਮੇਤ ਤਿੰਨ ਨੌਜਵਾਨ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਰੈਣਾ ਟੀਸੀਪੀ ਗੇਟ ਤੋਂ ਅੱਗੇ ਸਲਿਪ ਰੋਡ ਬਠਿੰਡਾ ਕੋਲ ਮੌਜੂਦ ਸੀ। ਇਸ ਦੌਰਾਨ ਸ਼ੱਕ ਪੈਣ 'ਤੇ ਤਿੰਨ ਨੌਜਵਾਨਾਂ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ, ਤਾਂ ਉਨ੍ਹਾਂ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੌਕੇ 'ਤੇ ਹੀ ਸਨਮਦੀਪ ਸਿੰਘ ਵਾਸੀ ਧੋਬੀਆਣਾ ਬਸਤੀ ਬਠਿੰਡਾ, ਰਾਜੇਸ਼ ਕੁਮਾਰ ਵਾਸੀ ਧੋਬੀਆਣਾ ਬਸਤੀ ਬਠਿੰਡਾ ਅਤੇ ਰੋਹਿਤ ਜਿੰਦਲ ਵਾਸੀ ਅਜੀਤ ਰੋਡ ਬਠਿੰਡਾ ਨੂੰ ਗ੍ਰਿਫਤਾਰ ਕਰ ਲਿਆ। ਇਕ ਹੋਰ ਮਾਮਲੇ ਵਿੱਚ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਇਕ ਵਿਅਕਤੀ ਨੂੰ 300 ਪਾਬੰਦੀ ਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਮਨਪ੍ਰੀਤ ਸਿੰਘ ਵਾਸੀ ਪਿੰਡ ਗਾਟਵਾਲੀ ਨੂੰ ਸ਼ੱਕੀ ਹਾਲਤ ਵਿੱਚ ਰੋਕਿਆ ਗਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ 300 ਨਸ਼ੀਲੇ ਕੈਪਸੂਲ ਬਰਾਮਦ ਕੀਤੇ। ਪੁਲਿਸ ਨੇ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।