ਭਾਕਿਯੂ ਏਕਤਾ ਉਗਰਾਹਾਂ ਵੱਲੋਂ ਸੂਬਾ ਪੱਧਰੀ ਕਨਵੈਂਸ਼ਨ ਅੱਜ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ
Publish Date: Sat, 09 May 2026 05:40 PM (IST)
Updated Date: Sun, 10 May 2026 04:06 AM (IST)

ਹਰਮੇਲ ਸਾਗਰ, ਪੰਜਾਬੀ ਜਾਗਰਣ, ਭੁੱਚੋਂ ਮੰਡੀ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਵਿਚ ਪਾਣੀਆਂ ਨਾਲ ਜੁੜੇ ਮਸਲਿਆਂ ‘ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਝੰਡਾ ਸਿੰਘ ਜੇਠੂਕੇ ਅਤੇ ਸਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਦਰਿਆਈ ਪਾਣੀਆਂ ਦੀ ਵੰਡ, ਪਾਣੀਆਂ ਦੇ ਹੱਕ ਅਤੇ ਨਿਆਂਸੰਗਤ ਵੰਡ ਦਾ ਹੱਲ ਮਿਲ ਬੈਠ ਕੇ ਕੱਢਣ ਦੀ ਲੋੜ ਹੈ। ਇਸ ਲਈ 10 ਮਈ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਵੱਡੀ ਕਨਵੈਂਸ਼ਨ ਕਰਕੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਜਾਵੇਗੀ, ਜਿਸ ਵਿਚ ਜ਼ਿਲ੍ਹੇ ਦੇ ਸਰਗਰਮ ਕਿਸਾਨਾਂ ਅਤੇ ਮਹਿਲਾਵਾਂ ਦੀ ਵੱਡੀ ਸ਼ਮੂਲੀਅਤ ਕਰਵਾਉਣ ਦਾ ਫੈਸਲਾ ਕੀਤਾ ਗਿਆ। ਆਗੂਆਂ ਨੇ ਦੋਸ਼ ਲਾਇਆ ਕਿ ਵੱਖ-ਵੱਖ ਸਿਆਸੀ ਪਾਰਟੀਆਂ ਪਾਣੀਆਂ ਦੇ ਮਸਲੇ ਨੂੰ ਹੱਲ ਕਰਨ ਦੀ ਬਜਾਏ ਕਿਸਾਨ ਏਕਤਾ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਣੀ ਦੀ ਸਹੀ ਵਰਤੋਂ ਨਹੀਂ ਹੋ ਰਹੀ, ਅਣਗਹਿਲੀ ਕਾਰਨ ਪਾਣੀ ਵਿਅਰਥ ਜਾ ਰਿਹਾ ਹੈ ਅਤੇ ਦੂਸ਼ਿਤ ਪਾਣੀ ਦੇ ਹੱਲ ਲਈ ਵੀ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ ਜਾ ਰਿਹਾ। ਉਨ੍ਹਾਂ ਇਹ ਵੀ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੂੰ ਪਾਣੀ ਸਰੋਤਾਂ ’ਤੇ ਕਬਜ਼ਾ ਕਰਨ ਦੀ ਮਨਜੂਰੀ ਦਿੱਤੀ ਜਾ ਰਹੀ ਹੈ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਵਿਚ 15 ਮਈ ਨੂੰ ਪਾਣੀਆਂ ਦੇ ਮਸਲੇ ‘ਤੇ ਕੀਤੇ ਜਾ ਰਹੇ ਐਕਸ਼ਨ ਵਿਚ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਜਥੇਬੰਦੀ ਦੇ ਲੰਬੇ ਸਮੇਂ ਤੋਂ ਲਟਕ ਰਹੇ ਅਜਲਾਸ ਲਈ ਮਈ ਮਹੀਨੇ ਦੌਰਾਨ ਪਿੰਡ ਇਕਾਈਆਂ ਦੀਆਂ ਚੋਣਾਂ ਮੁਕੰਮਲ ਕਰਨ ਦਾ ਫੈਸਲਾ ਵੀ ਕੀਤਾ ਗਿਆ। ਮੀਟਿੰਗ ਵਿਚ ਕੋਆਪਰੇਟਿਵ ਸੁਸਾਇਟੀਆਂ ਵੱਲੋਂ ਕਿਸਾਨਾਂ ਦੇ ਲੈਣ-ਦੇਣ ਵਿੱਚ ਛੇ ਮਹੀਨਿਆਂ ਤੋਂ ਆ ਰਹੀਆਂ ਰੁਕਾਵਟਾਂ ਦੀ ਸਖ਼ਤ ਨਿੰਦਾ ਕੀਤੀ ਗਈ । ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਜਲਦੀ ਹੱਲ ਨਾ ਕੀਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜਸਵੀਰ ਸਿੰਘ ਬੁਰਜ ਸੇਮਾ, ਨਛੱਤਰ ਸਿੰਘ ਢੱਡੇ, ਜਗਸੀਰ ਸਿੰਘ ਝੁੰਬਾ, ਮਾਲਣ ਕੌਰ ਕੋਠਾ ਗੁਰੂ, ਬੂਟਾ ਸਿੰਘ ਬੱਲੋ, ਅਵਤਾਰ ਸਿੰਘ ਪੂਹਲਾ, ਜਗਜੀਤ ਸਿੰਘ ਚੱਕ ਫਤਿਹ ਸਿੰਘ ਵਾਲਾ, ਨਗੌਰਾ ਸਿੰਘ ਗਿੱਦੜ, ਅਮਰੀਕ ਸਿੰਘ ਸਿਵੀਆਂ, ਗੁਰਪਾਲ ਸਿੰਘ ਦਿਓਣ, ਰਾਮ ਸਿੰਘ ਕੋਟਗੁਰੂ, ਧਰਮਪਾਲ ਸਿੰਘ ਜੰਡੀਆਂ, ਜਸਕਰਨ ਸਿੰਘ ਕੋਟਗੁਰੂ ਅਤੇ ਗੁਰਦੀਪ ਸਿੰਘ ਮਾਈਸਰਖਾਨਾ ਆਦਿ ਹਾਜ਼ਰ ਸਨ।