ਰਾਠੌੜ ਅਕਾਲੀ ਦਲ ਪੁਨਰ ਸੁਰਜੀਤ ਦੇ ਬਣੇ ਮੀਤ ਪ੍ਰਧਾਨ
ਮਾਸਟਰ ਮਾਨ ਸਿੰਘ ਰਾਠੌੜ ਅਕਾਲੀ ਦਲ ਪੁਨਰ ਸੁਰਜੀਤ ਦੇ ਮੀਤ ਪ੍ਰਧਾਨ ਨਿਯੁਕਤ
Publish Date: Sat, 09 May 2026 07:33 PM (IST)
Updated Date: Sun, 10 May 2026 04:12 AM (IST)
ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ
ਸ੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਮਾਸਟਰ ਮਾਨ ਸਿੰਘ ਰਾਠੌੜ ਨੂੰ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਸਮੂਹ ਵਰਕਰਾਂ, ਅਹੁਦੇਦਾਰਾਂ ਅਤੇ ਰਾਠੌੜ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਮਾਸਟਰ ਮਾਨ ਸਿੰਘ ਰਾਠੌੜ ਸਮੂਹ ਸਾਥੀਆਂ ਸਮੇਤ ਦਸਵੀਂ ਪਾਤਸ਼ਾਹੀ ਕਿਲਾ ਮੁਬਾਰਕ ਬਠਿੰਡਾ ਵਿਖੇ ਨਤਮਸਤਕ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਅਦਾ ਕੀਤਾ। ਇਸ ਮੌਕੇ ਪੰਥ ਦੀ ਚੜ੍ਹਦੀ ਕਲਾ, ਪੰਜਾਬ ਦੀ ਖੁਸ਼ਹਾਲੀ ਅਤੇ ਸਾਂਝੇਵਾਲਤਾ ਭਾਈਚਾਰੇ ਦੀ ਏਕਤਾ ਲਈ ਅਰਦਾਸ ਵੀ ਕਰਵਾਈ ਗਈ। ਇਸ ਦੌਰਾਨ ਮਾਸਟਰ ਮਾਨ ਸਿੰਘ ਰਾਠੌੜ ਨੇ ਕਿਹਾ ਕਿ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਾਂਤਮਈ ਢੰਗ ਨਾਲ ਕੀਤੇ ਗਏ ਰੋਸ ਮਾਰਚ ਦੌਰਾਨ ਸਿੱਖ ਆਗੂਆਂ ਅਤੇ ਵਰਕਰਾਂ ਨੂੰ ਗ੍ਰਿਫ਼ਤਾਰ ਕਰਨਾ ਨਿੰਦਣਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਮਾਸਟਰ ਰਾਠੌੜ ਨੇ 1984 ਦੇ ਸਿੱਖ ਕਤਲੇਆਮ ਦਾ ਜ਼ਿਕਰ ਕਰਦਿਆਂ ਕਿਹਾ ਕਿ 42 ਸਾਲ ਬੀਤ ਜਾਣ ਦੇ ਬਾਵਜੂਦ ਸਿੱਖ ਕੌਮ ਨੂੰ ਅਜੇ ਤੱਕ ਪੂਰਾ ਇਨਸਾਫ ਨਹੀਂ ਮਿਲ ਸਕਿਆ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹਮੇਸ਼ਾ ਪੰਥ, ਪੰਜਾਬ ਅਤੇ ਸਾਂਝੀਵਾਲਤਾ ਦੀ ਮਜ਼ਬੂਤੀ ਲਈ ਸੰਘਰਸ਼ ਕਰਦਾ ਰਹੇਗਾ। ਉਨ੍ਹਾਂ ਸਮੂਹ ਪੰਥਕ ਧਿਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਹੱਕਾਂ ਅਤੇ ਪੰਥਕ ਮਸਲਿਆਂ ਲਈ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕੀਤੀ ਜਾਵੇ। ਇਸ ਮੌਕੇ ਸਰਦਾਰ ਸੁਰਜੀਤ ਸਿੰਘ, ਦੀਵਾਨ ਸਿੰਘ ਡਿੱਖ, ਬਲਵੀਰ ਸਿੰਘ ਅਤੇ ਗਿਆਨ ਸਿੰਘ ਵੱਲੋਂ ਮਾਸਟਰ ਮਾਨ ਸਿੰਘ ਰਾਠੌੜ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਮਾਸਟਰ ਰਾਠੌੜ ਨੇ ਇਸ ਮੌਕੇ ਪਹੁੰਚੀਆਂ ਸਮੂਹ ਸੰਗਤਾਂ, ਵਰਕਰਾਂ ਅਤੇ ਅਹੁਦੇਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।