ਨਸ਼ਾ ਤਸਕਰੀ ਦੇ ਦੋਸ਼ ਵਿਚ 8 ਵਿਅਕਤੀ ਗ੍ਰਿਫ਼ਤਾਰ

ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਹੈਰੋਇਨ, ਪਾਬੰਦੀਸ਼ੁਦਾ ਕੈਪਸੂਲ ਤੇ ਲਾਹਣ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਕੀਤੀ ਕਾਰਵਾਈ ਦੌਰਾਨ 60 ਗ੍ਰਾਮ ਹੈਰੋਇਨ, 105 ਪਾਬੰਦੀਸ਼ੁਦਾ ਕੈਪਸੂਲ, 70 ਲੀਟਰ ਲਾਹਣ ਤੇ ਹੋਰ ਪਾਬੰਦੀਸ਼ੁਦਾ ਪਦਾਰਥ ਬਰਾਮਦ ਕੀਤੇ। ਥਾਣਾ ਸਿਵਲ ਲਾਈਨ ਦੀ ਪੁਲਿਸ ਨੇ 60 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਾਟਰ ਸਪਲਾਈ ਦਫ਼ਤਰ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਇਕ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ, ਤਾਂ ਉਸ ਕੋਲੋਂ 60 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਸ਼ੀ ਸਾਹਿਲ ਵਾਸੀ ਪਾਵਰ ਹਾਊਸ ਰੋਡ ਫਿਰੋਜ਼ਪੁਰ ਕੈਂਟ ਨੂੰ ਗ੍ਰਿਫ਼ਤਾਰ ਕਰਕੇ ਪਰਚਾ ਦਰਜ ਕੀਤਾ ਹੈ। ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ 6 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਏਐੱਸਆਈ ਰਜਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਬਲਾਹੜ ਵਿੰਝੂ ਇਲਾਕੇ ਵਿੱਚ ਮੌਜੂਦ ਸੀ। ਇਸ ਦੌਰਾਨ ਜਸਕਰਨ ਸਿੰਘ ਵਾਸੀ ਖਿਆਲੀਵਾਲਾ ਅਤੇ ਹਰਪ੍ਰੀਤ ਸਿੰਘ ਵਾਸੀ ਬਲਾਹੜ ਵਿੰਝੂ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਆਧਾਰ ’ਤੇ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਪਰਚਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ 4.50 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਰਾਮਪੁਰਾ ਇਲਾਕੇ ’ਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸੁਰਜੀਤ ਸਿੰਘ ਵਾਸੀ ਪਿੰਡ ਚਾਉਕੇ ਅਤੇ ਗੁਰਪ੍ਰੀਤ ਸਿੰਘ ਵਾਸੀ ਮਹਿਰਾਜ ਰੋਡ ਰਾਮਪੁਰਾ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 4.50 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਪਰਚਾ ਦਰਜ ਕੀਤਾ ਗਿਆ। ਇਕ ਹੋਰ ਮਾਮਲੇ ’ਚ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ 105 ਪਾਬੰਦੀਸ਼ੁਦਾ ਕੈਪਸੂਲ ਸਮੇਤ ਗੁਰਲਾਲ ਸਿੰਘ ਵਾਸੀ ਤਲਵੰਡੀ ਸਾਬੋ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਮ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਪਾਰਟੀ ਨੇ ਸ਼ੱਕ ਪੈਣ ’ਤੇ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 105 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ, ਜਿਸ ਆਧਾਰ ’ਤੇ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਕੇਸ ਦਰਜ ਕੀਤਾ ਗਿਆ। ਇਕ ਹੋਰ ਮਾਮਲੇ ਵਿਚ ਥਾਣਾ ਰਾਮਾਂ ਦੀ ਪੁਲਿਸ ਨੇ 6 ਗ੍ਰਾਮ ਹੈਰੋਇਨ ਸਮੇਤ ਜਗਸੀਰ ਸਿੰਘ ਵਾਸੀ ਗਾਟਵਾਲੀ ਨੂੰ ਕਾਬੂ ਕੀਤਾ ਹੈ। ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਬਾਘਾ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸ਼ੱਕ ਪੈਣ ’ਤੇ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਕਥਿਤ ਦੋਸ਼ੀ ਨੂੰ ਮੌਕੇ ’ਤੇ ਕਾਬੂ ਕਰਕੇ ਨਸ਼ਾ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣਾ ਕੋਟਫੱਤਾ ਦੀ ਪੁਲਿਸ ਨੇ 70 ਲੀਟਰ ਲਾਹਣ ਸਮੇਤ ਬਾਬੂ ਸਿੰਘ ਵਾਸੀ ਬੁਰਜ ਸੇਮਾ ਨੂੰ ਗ੍ਰਿਫ਼ਤਾਰ ਕੀਤਾ ਹੈ।