ਨੈਸ਼ਨਲ ਲੋਕ ਅਦਾਲਤ ’ਚ 13774 ਕੇਸਾਂ ਦਾ ਕੀਤਾ ਨਿਪਟਾਰਾ
ਨੈਸ਼ਨਲ ਲੋਕ ਅਦਾਲਤ: 13774 ਕੁੱਲ ਕੇਸਾਂ ਦਾ ਨਿਪਟਾਰਾ, 41,61,91,486 ਰੁਪਏ ਦੀ ਰਕਮ ਦੇ ਅਵਾਰਡ ਪਾਸ
Publish Date: Sun, 10 May 2026 06:54 PM (IST)
Updated Date: Mon, 11 May 2026 04:09 AM (IST)
-ਇਸ ਦੌਰਾਨ 41,61,91,486 ਰੁਪਏ ਦੀ ਰਕਮ ਦੇ ਅਵਾਰਡ ਕੀਤੇ ਪਾਸ
ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸਏਐਸ ਨਗਰ ਦੀਆਂ ਹਦਾਇਤਾਂ ਮੁਤਾਬਕ ਅਤੇ ਕਰੁਨੇਸ਼ ਕੁਮਾਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ. ਬਲਜਿੰਦਰ ਕੌਰ ਮਾਨ ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੁਆਰਾ ਸੈਸ਼ਨਜ਼ ਡਿਵੀਜ਼ਨ, ਬਠਿੰਡਾ ਅਧੀਨ ਸਮੂਹ ਨਿਆਇਕ ਅਦਾਲਤਾਂ ਬਠਿੰਡਾ ਅਤੇ ਸਬ-ਡਵੀਜਨ, ਤਲਵੰਡੀ ਅਤੇ ਫੂਲ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ ਲਗਾਈ ਗਈ। ਇਸ ਨੈਸ਼ਨਲ ਲੋਕ ਅਦਾਲਤ ਲਈ ਬਠਿੰਡਾ, ਤਲਵੰਡੀ ਅਤੇ ਫੂਲ ਵਿਖੇ ਦੇ ਨਿਆਂਇਕ ਅਧਿਕਾਰੀਆਂ ਦੇ ਕੁੱਲ 19 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਂਦੇ ਹਨ।
ਇਸ ਤੋਂ ਇਲਾਵਾ ਇਸ ਨੈਸ਼ਨਲ ਲੋਕ ਅਦਾਲਤ ਵਿਚ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਜਲ ਸਪਲਾਈ, ਲੇਬਰ ਆਦਿ ਕੇਸ ਵੀ ਲਗਾਏ ਜਾਂਦੇ ਹਨ। ਇਸ ਲੋਕ ਅਦਾਲਤ ਵਿੱਚ ਰਾਜੀਨਾਮਾ ਹੋਣ ਯੋਗ ਕੇਸਾਂ ਦੇ ਨਿਪਟਾਰੇ ਲਈ 21000 ਕੇਸ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ਵਿੱਚੋਂ 13774 ਕੁੱਲ ਕੇਸਾਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ ਅਤੇ 41,61,91,486/- ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ। ਇਸ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰੜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬੱਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ।
ਲੋਕ ਅਦਾਲਤਾਂ ਰਾਹੀਂ ਫੈਸਲੇ ਹੋਏ ਕੇਸਾਂ ਦੇ ਲਾਭਾਂ ’ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾਂ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀਂ ਹੋ ਸਕਦੀ ਕਿਉਂਕਿ ਲੋਕ ਅਦਾਲਤ ਵਿੱਚ ਫੈਸਲਾ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ। ਇਸ ਨਾਲ ਝਗੜਾ ਹਮੇਸ਼ਾ ਲਈ ਖਤਮ ਹੋ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸਾਂ ਵਿਚ ਲਗਾਈ ਗਈ, ਕੋਰਟ ਫੀਸ ਵੀ ਵਾਪਸ ਕੀਤੀ ਜਾਂਦੀ ਹੈ।