13 ਮਈ ਤੋਂ ਵੇਰਕਾ ਆਊਟਸੋਰਸ ਮੁਲਾਜ਼ਮ ਮੋਹਾਲੀ ਪਲਾਂਟ ਅੱਗੇ ਦੇਣਗੇ ਧਰਨਾ
ਵੇਰਕਾ ਆਊਟਸੋਰਸ ਮੁਲਾਜ਼ਮਾਂ ਵੱਲੋਂ ਪੰਜਾਬ ਭਰ
Publish Date: Sun, 10 May 2026 07:45 PM (IST)
Updated Date: Mon, 11 May 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ : ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਅੱਜ ਸੂਬੇ ਭਰ ਦੇ ਸਮੂਹ ਮਿਲਕ ਅਤੇ ਕੈਟਲ ਫੀਡ ਪਲਾਂਟਾਂ ਦੇ ਗੇਟਾਂ ’ਤੇ ਰੋਸ ਰੈਲੀਆਂ ਕਰਕੇ ਮਿਲਕਫੈੱਡ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਇਆ ਗਿਆ।
ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ ਮੰਗਾਂ ਦੇ ਹੱਲ ਲਈ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਅਣਦੇਖੀ ਕਾਰਨ ਹੁਣ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਨੇ ਕਿਹਾ ਕਿ ਮੈਨੇਜਮੈਂਟ ਵੱਲੋਂ ਵਾਰ-ਵਾਰ ਭਰੋਸੇ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਕੋਈ ਢੁੱਕਵਾਂ ਫੈਸਲਾ ਨਹੀਂ ਲਿਆ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਦਫ਼ਤਰ ਮਿਲਕਫੈੱਡ ਚੰਡੀਗੜ੍ਹ ਵੱਲੋਂ ਲੰਬੇ ਸਮੇਂ ਤੋਂ ਆਊਟਸੋਰਸ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੀਆਂ ਮੀਟਿੰਗਾਂ ਦੌਰਾਨ ਮੈਨੇਜਮੈਂਟ ਵੱਲੋਂ ਸਮੱਸਿਆਵਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਇੱਥੋਂ ਤੱਕ ਕਿ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਵੱਲੋਂ ਬਣਾਈ ਗਈ ਉੱਚ ਪੱਧਰੀ ਕਮੇਟੀ ਦੀ ਇੱਕ ਵੀ ਮੀਟਿੰਗ ਨਹੀਂ ਬੁਲਾਈ ਗਈ, ਜੋ ਪ੍ਰਬੰਧਕਾਂ ਦੀ ਗੈਰ-ਸੰਜੀਦਗੀ ਨੂੰ ਦਰਸਾਉਂਦੀ ਹੈ।ਯੂਨੀਅਨ ਆਗੂਆਂ ਨੇ ਕਿਹਾ ਕਿ ਪਿਛਲੇ 10 ਤੋਂ 15 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਆਊਟਸੋਰਸ ਮੁਲਾਜ਼ਮ ਆਪਣੇ ਭਵਿੱਖ ਨੂੰ ਲੈ ਕੇ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਮੂਹ ਆਊਟਸੋਰਸ ਕਰਮਚਾਰੀਆਂ ਨੂੰ ਤੁਰੰਤ ਵਿਭਾਗ ਵਿਚ ਮਰਜ ਕਰਕੇ ਸੇਵਾਵਾਂ ਰੈਗੂਲਰ ਕੀਤੀਆਂ ਜਾਣ।
ਇਸ ਤੋਂ ਇਲਾਵਾ ਕਿਰਤ ਕਾਨੂੰਨਾਂ ਤਹਿਤ ਬਣਦਾ ਬੋਨਸ ਜਾਰੀ ਕੀਤਾ ਜਾਵੇ ਅਤੇ ਉੱਚ ਵਿਦਿਅਕ ਯੋਗਤਾ ਰੱਖਣ ਵਾਲੇ ਕਰਮਚਾਰੀਆਂ ਨੂੰ ਯੋਗਤਾ ਅਨੁਸਾਰ ਅਪਗ੍ਰੇਡ ਕੀਤਾ ਜਾਵੇ। ਯੂਨੀਅਨ ਨੇ ਐਲਾਨ ਕੀਤਾ ਕਿ ਅੱਜ ਦੀਆਂ ਗੇਟ ਰੈਲੀਆਂ ਤੋਂ ਬਾਅਦ 13 ਮਈ ਤੋਂ ਮੋਹਾਲੀ ਪਲਾਂਟ ਅੱਗੇ ਅਣਮਿੱਥੇ ਸਮੇਂ ਲਈ ਰੋਸ਼ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੰਗਾਂ ਦਾ ਪੱਕਾ ਹੱਲ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ ਅਤੇ ਜੇਕਰ ਸਰਕਾਰ ਨੇ ਜਲਦ ਕੋਈ ਠੋਸ ਫੈਸਲਾ ਨਾ ਲਿਆ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।