ਮੁੱਖ ਮੰਤਰੀ ਸਿਹਤ ਯੋਜਨਾ : ਕਰੀਬ 2 ਲੱਖ 10 ਹਜ਼ਾਰ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਮੁਕੰਮਲ

-ਸੀਐੱਮ ਸਿਹਤ ਯੋਜਨਾ ਤਹਿਤ 2 ਲੱਖ 10 ਹਜ਼ਾਰ ਲਾਭਪਾਤਰੀਆਂ ਦੀ ਹੋਈ ਰਜਿਸਟ੍ਰੇਸ਼ਨ
ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜਿਸ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤਕ ਦਾ ਮੁਫ਼ਤ ਇਲਾਜ ਮਿਲ ਰਿਹਾ ਹੈ। ਇਸ ਸਕੀਮ ਤਹਿਤ 2,09,498 ਲੋਕ ਲਾਭਪਾਤਰੀ ਵਜੋਂ ਆਪਣੀ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ, ਜਦਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ 17,415 ਮਰੀਜ਼ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਅੱਜ ਇਸ ਸਬੰਧੀ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਐਡਵਾਂਸਡ ਕੈਂਸਰ ਕੇਅਰ ਇੰਸਟੀਚਿਊਟ ਬਠਿੰਡਾ ਦੇ 2883 ਮਰੀਜ਼ਾਂ ਨੂੰ ਇਸ ਸਕੀਮ ਤਹਿਤ ਮੁਫ਼ਤ ਇਲਾਜ ਪ੍ਰਦਾਨ ਕੀਤਾ ਗਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਦੇ 13 ਸਰਕਾਰੀ ਹਸਪਤਾਲਾਂ ਵਿੱਚ ਕੁੱਲ 7689 ਮਰੀਜ਼ਾਂ ਨੂੰ ਮੁਫ਼ਤ ਇਲਾਜ ਦਿੱਤਾ ਗਿਆ ਹੈ।
ਇਨ੍ਹਾਂ ਵਿੱਚ ਜ਼ਿਲ੍ਹਾ ਹਸਪਤਾਲ ਬਠਿੰਡਾ, ਸਬ ਡਿਵੀਜ਼ਨ ਹਸਪਤਾਲ ਰਾਮਪੁਰਾ, ਤਲਵੰਡੀ ਸਾਬੋ ਅਤੇ ਘੁੱਦਾ ਹਸਪਤਾਲ ਸ਼ਾਮਲ ਹਨ। ਇਸ ਤੋਂ ਇਲਾਵਾ ਕਮਿਊਨਿਟੀ ਹੈਲਥ ਸੈਂਟਰ ਗੋਨਿਆਣਾ, ਰਾਮਾਂ, ਸੰਗਤ, ਭਗਤਾ, ਬਾਲਿਆਂਵਾਲੀ, ਮੌੜ, ਮਹਿਰਾਜ, ਨਥਾਣਾ ਅਤੇ ਭੁੱਚੋ ਵਿੱਚ ਵੀ ਮਰੀਜ਼ਾਂ ਨੂੰ ਮੁਫ਼ਤ ਇਲਾਜ ਦਿੱਤਾ ਗਿਆ। ਏਮਜ਼ ਬਠਿੰਡਾ ਵਿੱਚ 6843 ਮਰੀਜ਼ਾਂ ਦਾ ਇਲਾਜ ਕੀਤਾ ਗਿਆ। ਮਾਨਸਾ ਦੇ ਗੁਰਪ੍ਰੀਤ ਸਿੰਘ, ਜਿਨ੍ਹਾਂ ਦੀ ਮਾਤਾ ਦਾ ਸਿਵਲ ਹਸਪਤਾਲ ਬਠਿੰਡਾ ਵਿੱਚ ਗੋਡੇ ਦਾ ਆਪਰੇਸ਼ਨ ਹੋਇਆ, ਨੇ ਦੱਸਿਆ ਕਿ ਸਾਰਾ ਖਰਚਾ ਇਸ ਬੀਮਾ ਸਕੀਮ ਤਹਿਤ ਕਵਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮਾਤਾ ਹੁਣ ਠੀਕ ਹੋ ਰਹੀ ਹੈ। ਇਸੇ ਤਰ੍ਹਾਂ ਅਮਰਜੀਤ ਕੌਰ ਦੇ ਪੁੱਤਰ ਬਿੱਟੂ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਦੇ ਗੋਡੇ ਦਾ ਇਲਾਜ ਸਿਵਲ ਹਸਪਤਾਲ ਬਠਿੰਡਾ ਵਿੱਚ ਮੁਫ਼ਤ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦਾ ਹਰ ਨਾਗਰਿਕ, ਭਾਵੇਂ ਉਸਦੀ ਆਮਦਨ ਕੋਈ ਵੀ ਹੋਵੇ, ਇਸ ਸਿਹਤ ਬੀਮਾ ਸਕੀਮ ਤਹਿਤ ਰਜਿਸਟਰ ਹੋ ਸਕਦਾ ਹੈ। ਲਾਭਪਾਤਰੀਆਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਿਹਤ ਬੀਮਾ ਸਹੂਲਤ ਮਿਲਦੀ ਹੈ। ਇਸ ’ਚ ਦਿਲ ਦੀਆਂ ਬਿਮਾਰੀਆਂ, ਕੈਂਸਰ, ਸਰਜਰੀਆਂ ਆਦਿ ਸਮੇਤ ਕਈ ਹੋਰ ਬਿਮਾਰੀਆਂ ਦਾ ਇਲਾਜ ਸ਼ਾਮਲ ਹੈ। ਰਜਿਸਟ੍ਰੇਸ਼ਨ ਪ੍ਰਕਿਰਿਆ ਬਹੁਤ ਆਸਾਨ ਹੈ। ਕੋਈ ਵੀ ਵਿਅਕਤੀ ਆਪਣੇ ਨਜ਼ਦੀਕੀ ਸਰਕਾਰੀ ਹਸਪਤਾਲ ਜਾਂ ਕਾਮਨ ਸਰਵਿਸ ਸੈਂਟਰ ’ਚ ਵੋਟਰ ਆਈ ਕਾਰਡ ਅਤੇ ਆਧਾਰ ਕਾਰਡ ਨਾਲ ਜਾ ਕੇ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ। ਹਰ ਪਰਿਵਾਰ ਵਿੱਚੋਂ ਘੱਟੋ-ਘੱਟ 18 ਸਾਲ ਤੋਂ ਵੱਧ ਉਮਰ ਦੇ ਦੋ ਮੈਂਬਰਾਂ ਦਾ ਰਜਿਸਟ੍ਰੇਸ਼ਨ ਲਈ ਜਾਣਾ ਲਾਜ਼ਮੀ ਹੈ। 18 ਸਾਲ ਤੋਂ ਘੱਟ ਉਮਰ ਦੇ ਪਰਿਵਾਰਕ ਮੈਂਬਰਾਂ ਦੀ ਰਜਿਸ਼ਟ੍ਰੇਸ਼ਨ ਲਈ ਜਨਮ ਸਰਟੀਫਿਕੇਟ ਦੇਣਾ ਜ਼ਰੂਰੀ ਹੈ।