ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਗੁਰੂ ਦੇ ਲੜ ਲੱਗੇ 283 ਪ੍ਰਾਣੀ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਗਮ ਮੌਕੇ 283 ਪ੍ਰਾਣੀਆਂ ਨੇ ਪ੍ਰਾਪਤ ਕੀਤੀ ਅੰਮ੍ਰਿਤ ਦੀ ਦਾਤ
Publish Date: Mon, 11 May 2026 07:59 PM (IST)
Updated Date: Tue, 12 May 2026 04:12 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਗੁਰੂ ਕਾਂਸ਼ੀ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਹਫ਼ਤਾਵਰੀ ਗੁਰਮਤਿ ਸਮਾਗਮ ਬੜੇ ਜਾਹੋ-ਜਲਾਲ ਨਾਲ ਸੰਪੰਨ ਹੋਇਆ। ਇਸ ਸਮਾਗਮ ਵਿੱਚ ਪੰਜਾਬ ਦੇ ਕੋਨੇ-ਕੋਨੇ ਤੋਂ ਸੰਗਤ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਸਮਾਗਮ ਦੌਰਾਨ ਜਿੱਥੇ ਢਾਡੀ ਜਥਿਆਂ ਨੇ ਬੀਰ-ਰਸੀ ਵਾਰਾਂ ਰਾਹੀਂ ਸਿੱਖ ਇਤਿਹਾਸ ਦੇ ਗੌਰਵਮਈ ਪੰਨਿਆਂ ਨੂੰ ਜਾਣੂ ਕਰਵਾਇਆ, ਉੱਥੇ ਹੀ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸੰਗਤ ਨੂੰ ਗੁਰਮਤਿ ਮਰਯਾਦਾ ਅਤੇ ਸ਼ਬਦ ਗੁਰੂ ਨਾਲ ਜੁੜਨ ਦਾ ਸੁਨੇਹਾ ਦਿੱਤਾ।
ਵਿਸ਼ੇਸ਼ ਤੌਰ 'ਤੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿੱਚ 283 ਪ੍ਰਾਣੀਆਂ ਨੇ ਖੰਡੇ-ਬਾਟੇ ਦੀ ਪਾਹੁਲ ਪ੍ਰਾਪਤ ਕਰਕੇ ਸਿੱਖੀ ਸਰੂਪ ਵਿੱਚ ਪ੍ਰਵੇਸ਼ ਕੀਤਾ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਨੇ ਅੰਮ੍ਰਿਤ ਅਭਿਲਾਖੀਆਂ ਨੂੰ ਗੁਰੂ ਵਾਲੇ ਬਣਨ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਿੱਖੀ ਸਿਧਾਂਤਾਂ 'ਤੇ ਪਹਿਰਾ ਦੇਣ ਲਈ ਪ੍ਰੇਰਿਤ ਕੀਤਾ। ਆਪਣੇ ਸੰਬੋਧਨ ਦੌਰਾਨ ਜਥੇਦਾਰ ਬਾਬਾ ਟੇਕ ਸਿੰਘ ਨੇ ਮੌਜੂਦਾ ਹਾਲਾਤਾਂ 'ਤੇ ਚਰਚਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਪਾਸ ਕੀਤੇ ਗਏ ਕਾਨੂੰਨ ਪ੍ਰਤੀ ਸਖ਼ਤ ਇਤਰਾਜ਼ ਪ੍ਰਗਟਾਇਆ।
ਉਨ੍ਹਾਂ ਕਿਹਾ ਕਿ ਨਵਾਂ ਐਕਟ ਗ੍ਰੰਥੀ ਸਿੰਘਾਂ, ਰਾਗੀ ਸਿੰਘਾਂ, ਪ੍ਰਚਾਰਕਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ 'ਤੇ ਅਣਚਾਹਿਆ ਅਤੇ ਗੈਰ-ਵਾਜਬ ਦਬਾਅ ਬਣਾਉਣ ਵਾਲਾ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਲਈ ਸਿੱਧੇ ਤੌਰ 'ਤੇ ਸੇਵਾਦਾਰਾਂ ਨੂੰ ਜਵਾਬਦੇਹ ਠਹਿਰਾਉਣਾ ਉਨ੍ਹਾਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੀ ਸਾਜ਼ਿਸ਼ ਹੈ। ਸਿੰਘ ਸਾਹਿਬ ਨੇ ਕਿਹਾ ਕਿ ਕਸਟੋਡੀਅਨ ਮਤ' ਦੀ ਆੜ ਵਿੱਚ ਘਰਾਂ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਜਾਂ ਸ੍ਰੀ ਸਹਿਜ ਪਾਠ ਸਾਹਿਬ ਦੀ ਜ਼ਿੰਮੇਵਾਰੀ ਤੈਅ ਕਰਨ ਨਾਲ ਸੰਗਤ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸੇ ਸਹਿਮ ਕਾਰਨ ਸੰਗਤ ਆਪਣੇ ਘਰਾਂ ਵਿੱਚੋਂ ਪਵਿੱਤਰ ਪੋਥੀਆਂ ਅਤੇ ਗੁਟਕਾ ਸਾਹਿਬ ਗੁਰਦੁਆਰਾ ਸਾਹਿਬਾਨ ਵਿੱਚ ਜਮ੍ਹਾ ਕਰਵਾ ਰਹੀ ਹੈ। ਇਹ ਰੁਝਾਨ ਸਿੱਖੀ ਦੇ ਪ੍ਰਚਾਰ ਅਤੇ ਘਰ-ਘਰ ਬਾਣੀ ਪਹੁੰਚਾਉਣ ਦੇ ਮਿਸ਼ਨ ਲਈ ਇੱਕ ਵੱਡੀ ਚੁਣੌਤੀ ਹੈ। ਸਿੰਘ ਸਾਹਿਬ ਨੇ ਸਮੂਹ ਸਿੱਖ ਸੰਗਤ ਅਤੇ ਪੰਥਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਧਾਰਮਿਕ ਮਾਮਲਿਆਂ ਵਿੱਚ ਸਰਕਾਰੀ ਦਖਲਅੰਦਾਜ਼ੀ ਵਿਰੁੱਧ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿੱਖ ਕੌਮ ਆਪਣੇ ਸੇਵਾਦਾਰਾਂ ਨੂੰ ਕਿਸੇ ਵੀ ਕੀਮਤ 'ਤੇ ਪ੍ਰਸ਼ਾਸਨਿਕ ਜ਼ੁਲਮ ਦਾ ਸ਼ਿਕਾਰ ਨਹੀਂ ਹੋਣ ਦੇਵੇਗੀ।