ਭੁੱਚੋ ਮੰਡੀ ਵਿਖੇ ਨਗਰ ਕੌਂਸਲ ਚੋਣਾਂ ਲਈ ਭਾਜਪਾ ਵੱਲੋਂ ਮੀਟਿੰਗਾਂ ਜਾਰੀ
ਭੁੱਚੋ ਮੰਡੀ ਨਗਰ ਕੌਂਸਲ ਚੋਣਾਂ ਲਈ ਭਾਜਪਾ ਨੇ ਤੇਜ਼ ਕੀਤੀਆਂ ਤਿਆਰੀਆਂ
Publish Date: Tue, 12 May 2026 05:01 PM (IST)
Updated Date: Wed, 13 May 2026 04:03 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭੁੱਚੋ ਮੰਡੀ : ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਐਲਾਨ ਬਾਅਦ ਰਾਜਨੀਤਕ ਪਾਰਟੀਆਂ ਵੱਲੋਂ ਆਪਣੀਆਂ ਤਿਆਰੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਭਾਰਤੀ ਜਨਤਾ ਪਾਰਟੀ ਵੱਲੋਂ ਵੀ ਹਾਈ ਕਮਾਂਡ ਦੇ ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਭੁੱਚੋ ਮੰਡੀ ਦੀਆਂ ਚੋਣਾਂ ਲਈ ਸਰਗਰਮੀਆਂ ਵਿੱਚ ਤੇਜ਼ੀ ਲਿਆਂਦੀ ਹੈ। ਪਿਛਲੇ ਦਿਨੀਂ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਵਰਿੰਦਰ ਸ਼ਰਮਾ ਨੂੰ ਨਗਰ ਕੌਂਸਲ ਭੁੱਚੋ ਮੰਡੀ ਦਾ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਭੁੱਚੋ ਮੰਡੀ ਦੇ ਭਾਜਪਾ ਵਰਕਰਾਂ ਵਿਚ ਖਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸ਼ਰਮਾ ਵੱਲੋਂ ਸਭ ਤੋਂ ਪਹਿਲਾਂ ਨਗਰ ਕੌਂਸਲ ਚੋਣ ਕਮੇਟੀ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਚੋਣ ਕਮੇਟੀ ਮੈਂਬਰਾਂ ਨੂੰ ਵੱਖ-ਵੱਖ ਵਾਰਡਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਤੇ ਚੋਣ ਪ੍ਰਚਾਰ ਅਤੇ ਪ੍ਰਬੰਧਾਂ ਦੀ ਦੇਖਰੇਖ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਭੁੱਚੋ ਮੰਡੀ ਦੇ ਵੱਖ-ਵੱਖ ਵਾਰਡਾਂ ਵਿੱਚ ਚੋਣ ਲੜਨ ਵਾਲੇ ਸੰਭਾਵੀ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨਾਲ ਮੀਟਿੰਗਾਂ ਕੀਤੀਆਂ। ਸਭ ਤੋਂ ਪਹਿਲਾਂ ਵਾਰਡ ਨੰਬਰ 7 ਵਿੱਚ ਸ਼ਾਟਾ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਹੋਈ, ਜਿੱਥੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਚੋਣਾਂ ਵਿੱਚ ਭਰਪੂਰ ਸਾਥ ਦੇਣ ਦਾ ਭਰੋਸਾ ਦਿੱਤਾ ਗਿਆ। ਵਾਰਡ ਨੰਬਰ 6 ਵਿੱਚ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਬੈਠਕ ਕੀਤੀ ਗਈ। ਇਸ ਮੌਕੇ ਸਮਰਥਕਾਂ ਨੇ ਆਉਣ ਵਾਲੀਆਂ ਚੋਣਾਂ ਵਿੱਚ ਹਰਪ੍ਰੀਤ ਸਿੰਘ ਨੂੰ ਜੇਤੂ ਬਣਾਉਣ ਦਾ ਸੰਕਲਪ ਲਿਆ। ਉੱਧਰ ਵਾਰਡ-2 ਤੋਂ ਸੰਭਾਵੀ ਉਮੀਦਵਾਰ ਚਰਨਜੀਵ ਸਿੰਗਲਾ ਦੇ ਸਮਰਥਕਾਂ ਨਾਲ ਵੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਾਰਡ ਦੇ ਹਾਲਾਤ ਅਤੇ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ। ਵਰਿੰਦਰ ਸ਼ਰਮਾ ਨੇ ਚੋਣਾਂ ਨੂੰ ਜਿੱਤ ਵਿੱਚ ਬਦਲਣ ਲਈ ਰਣਨੀਤੀ ਸਾਂਝੀ ਕਰਦਿਆਂ ਵੋਟਰ ਸੂਚੀਆਂ ਦੀ ਸਕਰੂਟਨੀ ਕਰਨ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਵਰਿੰਦਰ ਸ਼ਰਮਾ ਨੇ ਕਿਹਾ ਕਿ ਇਸ ਵਾਰ ਭਾਜਪਾ ਵੱਲੋਂ ਭੁੱਚੋ ਨਗਰ ਕੌਂਸਲ ਦੀਆਂ 13 ਦੀਆਂ 13 ਸੀਟਾਂ ’ਤੇ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾਣਗੇ ਅਤੇ ਨਗਰ ਕੌਂਸਲ ਦਾ ਪ੍ਰਧਾਨ ਵੀ ਭਾਜਪਾ ਦਾ ਹੀ ਬਣੇਗਾ। ਇਸ ਮੌਕੇ ਸਰਕਲ ਪ੍ਰਧਾਨ ਵਿਸ਼ਾਲ ਮਹੇਸ਼ਵਰੀ, ਵਿਨੋਦ ਬਿੰਟਾ, ਪ੍ਰਦੇਸ਼ ਕਾਰਜਕਾਰਨੀ ਮੈਂਬਰ ਨਰੇਸ਼ ਬਾਂਸਲ, ਸੁਰਜੀਤ ਸਿੰਘ, ਲਵਨੀਸ਼ ਗਰਗ, ਰਣਜੀਤ ਟੀਨੂ, ਜ਼ਿਲ੍ਹਾ ਉਪ ਪ੍ਰਧਾਨ ਸੰਦੀਪ ਮਹੇਸ਼ਵਰੀ ਅਤੇ ਕੁਲਰਾਜ ਸਿੰਘ ਸਮੇਤ ਹੋਰ ਆਗੂ ਵੀ ਮੌਜੂਦ ਸਨ।