ਸਫ਼ਾਈ ਸੇਵਕਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ
ਸਫ਼ਾਈ ਸੇਵਕਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ, ਸਫਾਈ ਪ੍ਰਬੰਧ ਡਗਮਗਾਏ
Publish Date: Tue, 12 May 2026 06:01 PM (IST)
Updated Date: Wed, 13 May 2026 04:06 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦੇ ਰੋਸ ਵਜੋਂ ਸਫ਼ਾਈ ਸੇਵਕ ਯੂਨੀਅਨ ਨਗਰ ਪੰਚਾਇਤ ਭਗਤਾ ਭਾਈਕਾ ਦੇ ਕਾਮਿਆਂ ਵੱਲੋਂ ਅਣਮਿੱਥੇ ਸਮੇਂ ਲਈ ਕੰਮ-ਛੋੜ ਹੜਤਾਲ ਸੁਰੂ ਕਰਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਸਫ਼ਾਈ ਸੇਵਕ ਯੂਨੀਅਨ ਭਗਤਾ ਭਾਈ ਦੇ ਪ੍ਰਧਾਨ ਸੁਖਦੀਪ ਕੁਮਾਰ ਭਗਤਾ ਨੇ ਦੱਸਿਆ ਕਿ ਪੰਜਾਬ ਭਰ ਦੇ ਮਿਉਂਸਪਲ ਮੁਲਾਜ਼ਮ, ਸਫ਼ਾਈ ਸੇਵਕ ਤੇ ਸੀਵਰਮੈਨ ਆਪਣੀਆਂ ਮੰਗਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਮਿਲ ਰਿਹਾ। ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਸਫ਼ਾਈ ਸੇਵਕਾਂ ਨੂੰ ਕੰਟਰੈਕਟ 'ਤੇ ਭਰਤੀ ਕਰਨ ਦੀ ਪ੍ਰਕਿਰਿਆ ਤੁਰੰਤ ਮੁਕੰਮਲ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ (ਓਪੀਐੱਸ) ਨੂੰ ਤੁਰੰਤ ਬਹਾਲ ਕੀਤਾ ਜਾਵੇ, ਕੰਟਰੈਕਟ ਮੁਲਾਜ਼ਮਾਂ ਦਾ ਬਕਾਇਆ ਈਪੀਐੱਫ ਤੁਰੰਤ ਜਮ੍ਹਾਂ ਕਰਵਾਇਆ ਜਾਵੇ, ਰੈਗੂਲਰ ਕਰਮਚਾਰੀਆਂ ਨੂੰ ਡੀਏ ਦੀਆਂ ਪੈਂਡਿੰਗ ਕਿਸ਼ਤਾਂ ਜਾਰੀ ਕੀਤੀਆਂ ਜਾਣ, 2016 ਦੇ ਐਕਟ ਤਹਿਤ 3 ਸਾਲਾ ਪਾਲਿਸੀ ਲਾਗੂ ਕੀਤੀ ਜਾਵੇ ਅਤੇ 10 ਸਾਲਾ ਪਾਲਿਸੀ ਨੂੰ ਤੁਰੰਤ ਰੱਦ ਕੀਤਾ ਜਾਵੇ। ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਸਰਕਾਰ ਅਤੇ ਪ੍ਰਸ਼ਾਸਨ ਉਹਨਾਂ ਦੀਆਂ ਮੰਗਾਂ ਨੂੰ ਨਹੀਂ ਮੰਨਦਾ, ਇਹ ਹੜਤਾਲ ਜਾਰੀ ਰਹੇਗੀ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਮੁਕੰਮਲ ਤੌਰ 'ਤੇ ਬੰਦ ਰੱਖੀ ਜਾਵੇਗੀ। ਇਸ ਦੌਰਾਨ ਹੋਣ ਵਾਲੀ ਕਿਸੇ ਵੀ ਪ੍ਰੇਸ਼ਾਨੀ ਲਈ ਪੰਜਾਬ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੋਵੇਗੀ। ਇਸ ਮੌਕੇ ਕ੍ਰਿਸ਼ਨ ਕੁਮਾਰ ਜਰਨਲ ਸੈਕਟਰੀ, ਰਾਜੇਸ਼ ਲਾਲ ਮੀਤ ਪ੍ਰਧਾਨ, ਬਲਜਿੰਦਰ ਖਜਾਨਚੀ, ਰੂਪ ਭਗਤਾ ਆਦਿ ਹਾਜਰ ਸਨ।