ਸਿਫ਼ਾਰਸ਼ ਕੀਤੀਆਂ ਕਿਸਮਾਂ ਦੀ ਹੀ ਕੀਤੀ ਜਾਵੇ ਕਾਸ਼ਤ
ਸਿਫ਼ਾਰਸ਼ ਕੀਤੀਆਂ ਕਿਸਮਾਂ ਦੀ ਹੀ ਕੀਤੀ ਜਾਵੇ ਕਾਸ਼ਤ
Publish Date: Tue, 12 May 2026 07:22 PM (IST)
Updated Date: Wed, 13 May 2026 04:10 AM (IST)
ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਪਿੰਡ ਮਹਿਮਾ ਸਰਕਾਰੀ (ਤਹਿਸੀਲ ਬਠਿੰਡਾ) ਵਿਖੇ ਪੀਏਯੂ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ), ਬਠਿੰਡਾ ਵੱਲੋਂ ਖਾਦਾਂ ਦੀ ਸੁਚੱਜੀ ਤੇ ਸੰਤੁਲਿਤ ਵਰਤੋਂ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਘੱਟ ਲਾਗਤ ਨਾਲ ਵੱਧ ਉਤਪਾਦਨ ਪ੍ਰਾਪਤ ਕਰਨ ਲਈ ਵਿਗਿਆਨਕ ਤਰੀਕਿਆਂ ਬਾਰੇ ਜਾਣੂ ਕਰਵਾਉਣਾ ਸੀ। ਕੈਂਪ ਦੌਰਾਨ ਡਾ. ਗੁਰਮੀਤ ਸਿੰਘ ਢਿੱਲੋਂ, ਪ੍ਰੋਫੈਸਰ (ਪਸਾਰ ਸਿੱਖਿਆ) ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਿਤ ਝੋਨੇ ਦੀਆਂ ਪ੍ਰਮਾਣਿਤ ਪੀ.ਆਰ ਕਿਸਮਾਂ ਪੀ.ਆਰ 133. ਪੀਆਰ 132, ਪੀਆਰ 131, ਪੀਆਰ 128, ਪੀ.ਆਰ 126, ਪੀਆਰ 114 ਅਤੇ ਬਾਸਮਤੀ 1509 ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਹ ਕਿਸਮਾਂ ਵੱਧ ਉਪਜ ਦੇਣ ਦੇ ਨਾਲ-ਨਾਲ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਫਾਰਸ਼ ਕੀਤੀਆਂ ਕਿਸਮਾਂ ਦੀ ਹੀ ਕਾਸ਼ਤ ਕਰਨ ਅਤੇ ਵਿਗਿਆਨਕ ਤਰੀਕਿਆਂ ਨੂੰ ਅਪਣਾਉਣ। ਉਨ੍ਹਾਂ ਕੇਵੀਕੇ ਬਠਿੰਡਾ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਕਿੱਤਾ ਮੁਖੀ ਸਿਖਲਾਈ ਕੋਰਸ, ਖੇਤੀਬਾੜੀ ਪ੍ਰਦਰਸ਼ਨ, ਮਿੱਟੀ ਤੇ ਪਾਣੀ ਦੀ ਜਾਂਚ ਅਤੇ ਨਵੀਂ ਤਕਨਾਲੋਜੀ ਦੇ ਪ੍ਰਚਾਰ ਬਾਰੇ ਵੀ ਵਿਸਥਾਰ ਨਾਲ ਦੱਸਿਆ।