ਡੀਸੀ ਤੇ ਐੱਸਐੱਸਪੀ ਨੇ ਸਟਰਾਂਗ ਰੂਮਾਂ ਦਾ ਲਿਆ ਜਾਇਜ਼ਾ
ਡੀਸੀ ਤੇ ਐੱਸਐੱਸਪੀ ਨੇ ਸਟਰਾਂਗ ਰੂਮਾਂ ਦਾ ਲਿਆ ਜਾਇਜ਼ਾ
Publish Date: Wed, 13 May 2026 08:19 PM (IST)
Updated Date: Thu, 14 May 2026 04:15 AM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਭਵਿੱਖ ਦੀਆਂ ਨਿਗਮ ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਕੜੀ ਤਹਿਤ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਐੱਸਐੱਸਪੀ ਡਾ. ਜਯੋਤੀ ਯਾਦਵ ਦੇ ਨਾਲ ਵੱਖ-ਵੱਖ ਸਟਰਾਂਗ ਰੂਮਾਂ ਦਾ ਦੌਰਾ ਕਰਕੇ ਉੱਥੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਅਧਿਕਾਰੀਆਂ ਨੇ ਸਟਰਾਂਗ ਰੂਮਾਂ ਵਿੱਚ ਲਗਾਏ ਗਏ ਸੁਰੱਖਿਆ ਉਪਕਰਣਾਂ, ਸੀਸੀਟੀਵੀ ਕੈਮਰਿਆਂ, ਨਿਗਰਾਨੀ ਪ੍ਰਣਾਲੀ ਅਤੇ ਪੁਲਿਸ ਬਲ ਦੀ ਤਾਇਨਾਤੀ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਉਨ੍ਹਾਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਡੀਸੀ ਰਾਜੇਸ਼ ਧੀਮਾਨ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਪੂਰੀ ਗੰਭੀਰਤਾ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸਟਰਾਂਗ ਰੂਮਾਂ ਦੀ 24 ਘੰਟੇ ਨਿਗਰਾਨੀ ਯਕੀਨੀ ਬਣਾਈ ਜਾਵੇ ਅਤੇ ਉੱਥੇ ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਗਤੀਵਿਧੀ ‘ਤੇ ਪੂਰੀ ਨਜ਼ਰ ਰੱਖੀ ਜਾਵੇ। ਇਸ ਮੌਕੇ ਐੱਸਐੱਸਪੀ ਡਾ. ਯਾਦਵ ਨੇ ਦੱਸਿਆ ਕਿ ਨਗਰ ਨਿਗਮ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਸੰਵੇਦਨਸ਼ੀਲ ਇਲਾਕਿਆਂ ਵਿੱਚ ਵਾਧੂ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ ਅਤੇ ਪੁਲਿਸ ਟੀਮਾਂ ਵੱਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ। ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅਸਮਾਜਿਕ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਿਰੀਖਣ ਦੌਰਾਨ ਚੋਣ ਡਿਊਟੀ ਨਾਲ ਜੁੜੇ ਹੋਰ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਵੀ ਮੌਜੂਦ ਰਹੇ। ਅਧਿਕਾਰੀਆਂ ਨੇ ਸਾਂਝੇ ਤੌਰ ‘ਤੇ ਵਿਸ਼ਵਾਸ ਜਤਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਆਪਸੀ ਸਹਿਯੋਗ ਨਾਲ ਨਗਰ ਨਿਗਮ ਚੋਣਾਂ ਪੂਰੀ ਤਰ੍ਹਾਂ ਸ਼ਾਂਤੀਪੂਰਨ ਮਾਹੌਲ ਵਿੱਚ ਸੰਪੰਨ ਹੋਣਗੀਆਂ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਚੋਣਾਂ ਦੌਰਾਨ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਵਿੱਚ ਸਹਿਯੋਗ ਦਿੱਤਾ ਜਾਵੇ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪ੍ਰਸ਼ਾਸਨ ਜਾਂ ਪੁਲਿਸ ਨੂੰ ਸੂਚਿਤ ਕੀਤਾ ਜਾਵੇ।