ਪ੍ਰਧਾਨ ਮੰਤਰੀ ਦੇ ਬਿਆਨ ਦੇਸ਼ ਵਿਰੋਧੀ, ਕੇਂਦਰ ਸਰਕਾਰ ਨੂੰ ਲੋਕਾਂ ਦੀ ਨਹੀਂ ਪਰਵਾਹ : ਰਵਿੰਦਰ ਡਾਲਵੀਆ

- ਨੀਟ ਪੇਪਰ ਲੀਕ ਮਾਮਲੇ ’ਚ ਕੇਂਦਰ ਸਰਕਾਰ ਘੇਰੇ ’ਚ, ਨਗਰ ਨਿਗਮ ਚੋਣਾਂ ’ਚ ਕਾਂਗਰਸ ਦੇ ਪੂਰਨ ਬਹੁਮਤ ਦਾ ਦਾਅਵਾ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ
ਬਠਿੰਡਾ : ਪੰਜਾਬ ਕਾਂਗਰਸ ਦੇ ਸਹਾਇਕ ਇੰਚਾਰਜ ਰਵਿੰਦਰ ਡਾਲਵੀਆ ਬਠਿੰਡਾ ਪਹੁੰਚੇ, ਜਿੱਥੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਹੇਠ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਨਾਲ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਸਬੰਧੀ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ, ਵਰਕਰ ਅਤੇ ਸੀਨੀਅਰ ਆਗੂ ਵੱਡੀ ਗਿਣਤੀ ਵਿੱਚ ਮੌਜੂਦ ਸਨ। ਇਸ ਮੌਕੇ ਰਵਿੰਦਰ ਡਾਲਵੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕਾਂ ਨੂੰ ਤੇਲ ਦੀ ਘੱਟ ਵਰਤੋਂ ਕਰਨ, ਖਾਦ ਘੱਟ ਇਸਤੇਮਾਲ ਕਰਨ ਅਤੇ ਸੋਨਾ ਨਾ ਖ਼ਰੀਦਣ ਸਬੰਧੀ ਦਿੱਤੇ ਬਿਆਨ ਨੂੰ ਹੈਰਾਨੀਜਨਕ ਅਤੇ ਦੇਸ਼ ਵਿਰੋਧੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਵਾਸੀ ਆਪਣੀ ਲੋੜ ਅਨੁਸਾਰ ਚੀਜ਼ਾਂ ਦੀ ਖਰੀਦ ਕਰਦੇ ਹਨ, ਪਰ ਇਸ ਤਰ੍ਹਾਂ ਦੇ ਬਿਆਨ ਇਹ ਦਰਸਾਉਂਦੇ ਹਨ ਕਿ ਕੇਂਦਰ ਸਰਕਾਰ ਦੇਸ਼ ਵਿੱਚ ਬਿਨਾਂ ਕਾਰਨ ਐਮਰਜੈਂਸੀ ਵਰਗੇ ਹਾਲਾਤ ਪੈਦਾ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਨੂੰ ਕਿਸੇ ਵੱਡੇ ਖਤਰੇ ਦਾ ਸਾਹਮਣਾ ਹੈ ਤਾਂ ਪ੍ਰਧਾਨ ਮੰਤਰੀ ਨੂੰ ਵਿਰੋਧੀ ਧਿਰਾਂ ਅਤੇ ਦੇਸ਼ ਵਾਸੀਆਂ ਨੂੰ ਇਸ ਸਬੰਧੀ ਸਪੱਸ਼ਟ ਜਾਣਕਾਰੀ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਦੇ ਹਾਲਾਤ ਖ਼ਰਾਬ ਹੋ ਰਹੇ ਹਨ ਅਤੇ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਡਟ ਕੇ ਸੰਘਰਸ਼ ਕਰ ਰਹੀ ਹੈ।
ਨੀਟ ਪ੍ਰੀਖਿਆ ਦਾ ਪੇਪਰ ਲੀਕ ਹੋਣ ਦੇ ਮਾਮਲੇ ’ਤੇ ਵੀ ਉਨ੍ਹਾਂ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਅਤੇ ਵਿਜੀਲੈਂਸ ਵਿਚਾਲੇ ਚੱਲ ਰਿਹਾ ਟਕਰਾਅ ਕੇਂਦਰ ਅਤੇ ਪੰਜਾਬ ਸਰਕਾਰਾਂ ਦੀ ਨਲਾਇਕੀ ਦਾ ਨਤੀਜਾ ਹੈ, ਜਿਸ ਦਾ ਨੁਕਸਾਨ ਆਮ ਲੋਕਾਂ ਅਤੇ ਅਧਿਕਾਰੀਆਂ ਨੂੰ ਝੱਲਣਾ ਪੈ ਰਿਹਾ ਹੈ। ਡਾਲਵੀਆ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਪੂਰਨ ਬਹੁਮਤ ਨਾਲ ਜਿੱਤ ਹਾਸਲ ਕਰ ਕੇ ਮੇਅਰ ਬਣਾਏਗੀ। ਉਨ੍ਹਾਂ ਕਿਹਾ ਕਿ ਲੋਕ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਤੋਂ ਨਾਰਾਜ਼ ਹਨ ਅਤੇ ਪੰਜਾਬ ਦੇ ਮੌਜੂਦਾ ਹਾਲਾਤ ਬਦਤਰ ਹੋ ਚੁੱਕੇ ਹਨ, ਜਿਸ ਕਾਰਨ ਲੋਕ ਕਾਂਗਰਸ ਵੱਲ ਉਮੀਦ ਨਾਲ ਦੇਖ ਰਹੇ ਹਨ। ਉਨ੍ਹਾਂ ਸਫਾਈ ਕਰਮਚਾਰੀਆਂ ਦੇ ਹੱਕਾਂ ਦੀ ਅਣਦੇਖੀ ਨੂੰ ਵੀ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਸ਼ਹਿਰ ਵਿੱਚ ਸਫਾਈ ਦੇ ਮਾੜੇ ਹਾਲਾਤਾਂ ਲਈ ਨਿਗਮ ਪ੍ਰਸ਼ਾਸਨ ਅਤੇ ਸਰਕਾਰ ਦੀ ਨਲਾਇਕੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਇਕਜੁੱਟ ਹੋ ਕੇ ਚੋਣਾਂ ਲੜੇਗੀ ਅਤੇ ਪੂਰਨ ਬਹੁਮਤ ਹਾਸਲ ਕਰੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੇ ਰਵਿੰਦਰ ਡਾਲਵੀਆ ਦਾ ਬਠਿੰਡਾ ਪਹੁੰਚਣ ’ਤੇ ਸਵਾਗਤ ਕੀਤਾ। ਇਸ ਦੌਰਾਨ ਹਰਦੀਪ ਸਿੰਘ ਕਿੰਗਰਾ, ਟਹਿਲ ਸਿੰਘ ਸੰਧੂ, ਅਸ਼ੋਕ ਕੁਮਾਰ, ਕੇਕੇ. ਅਗਰਵਾਲ, ਪਵਨ ਮਾਨੀ, ਅਰੁਣ ਵਧਾਵਣ, ਜ਼ਿਲ੍ਹਾ ਮੀਤ ਪ੍ਰਧਾਨ ਅਤੇ ਪ੍ਰੈੱਸ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ਬਲਜਿੰਦਰ ਠੇਕੇਦਾਰ, ਮਾਧਵ ਰਾਮ ਸ਼ਰਮਾ, ਬਲਰਾਜ ਪੱਕਾ, ਮਲਕੀਤ ਸਿੰਘ ਐੱਮਸੀ., ਅੰਮ੍ਰਿਤਾ ਗਿੱਲ, ਸੋਖਾ ਐੱਮਸੀ., ਸੁਰਜੀਤ ਮੋਖਾ, ਨੱਥੂ ਰਾਮ, ਪ੍ਰਕਾਸ਼ ਚੰਦ, ਕਿਰਨਜੀਤ ਸਿੰਘ ਗਹਿਰੀ, ਰੂਪ ਸਿੰਘ ਆਦਿ ਹਾਜ਼ਰ ਸਨ।