ਫਤਹਿ ਕਾਲਜ ’ਚ ਰਾਸ਼ਟਰੀ ਤਕਨਾਲੋਜੀ ਦਿਵਸ ਉਤਸ਼ਾਹ ਨਾਲ ਮਨਾਇਆ
ਫਤਿਹ ਕਾਲਜ ਵਿਖੇ ਰਾਸ਼ਟਰੀ ਤਕਨਾਲੋਜੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ
Publish Date: Thu, 14 May 2026 04:30 PM (IST)
Updated Date: Thu, 14 May 2026 04:33 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਰਾਮਪੁਰਾ ਫੂਲ ਵਿਖੇ ਮਾਈ ਭਾਰਤ ਬਠਿੰਡਾ ਅਤੇ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਸਾਂਝੇ ਉਪਰਾਲੇ ਤਹਿਤ ਜ਼ਿਲ੍ਹਾ ਯੁਵਾ ਅਫਸਰ ਮਿਸ਼ਾ ਦੀ ਅਗਵਾਈ ਹੇਠ ਰਾਸ਼ਟਰੀ ਤਕਨਾਲੋਜੀ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਸੰਸਥਾ ਦੇ ਕੰਪਿਊਟਰ ਵਿਭਾਗ ਵੱਲੋਂ ਕੀਤਾ ਗਿਆ, ਜਿਸ ਵਿੱਚ ਹਰ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਰਗਰਮੀ ਨਾਲ ਹਿੱਸਾ ਲਿਆ। ਵਿਦਿਆਰਥੀਆਂ ਵੱਲੋਂ ਭਾਸ਼ਣ, ਕਵਿਤਾ ਪਾਠ, ਪੋਸਟਰ ਤਿਆਰੀ, ਚਿੱਤਰਕਲਾ, ਲੇਖ ਲਿਖਣ ਅਤੇ ਨੁੱਕੜ ਨਾਟਕ ਰਾਹੀਂ ਤਕਨਾਲੋਜੀ ਦੇ ਮਨੁੱਖੀ ਜੀਵਨ ਉੱਤੇ ਪੈਣ ਵਾਲੇ ਚੰਗੇ ਅਤੇ ਮਾੜੇ ਪ੍ਰਭਾਵਾਂ ਨੂੰ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਮੌਕੇ ਰਾਸ਼ਟਰੀ ਯੁਵਾ ਆਗੂ ਹੁਸਨਦੀਪ ਸਿੰਘ ਨੇ ਕਿਹਾ ਕਿ ਆਧੁਨਿਕ ਯੁੱਗ ਵਿੱਚ ਤਕਨਾਲੋਜੀ ਜੀਵਨ ਦਾ ਅਤੁੱਟ ਹਿੱਸਾ ਬਣ ਚੁੱਕੀ ਹੈ ਅਤੇ ਇਸ ਦੀ ਸਹੀ ਅਤੇ ਜ਼ਿੰਮੇਵਾਰ ਵਰਤੋਂ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ਸਕੂਲ ਦੇ ਪ੍ਰਿੰਸੀਪਲ ਬਘੇਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਸੁਚੱਜੇ ਉਪਯੋਗ ਲਈ ਪ੍ਰੇਰਿਤ ਕੀਤਾ। ਸੰਸਥਾ ਦੇ ਡੀਨ ਡਾ. ਜਗਵਿੰਦਰ ਸਿੰਘ, ਸਹਾਇਕ ਡਾਇਰੈਕਟਰ ਹਰਪ੍ਰੀਤ ਸ਼ਰਮਾ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਤਕਨਾਲੋਜੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਨੌਜਵਾਨਾਂ ਦੀ ਭੂਮਿਕਾ ਦੇਸ਼ ਦੇ ਭਵਿੱਖ ਨੂੰ ਨਿਰਧਾਰਤ ਕਰਦੀ ਹੈ। ਚਿੱਤਰਕਲਾ ਅਤੇ ਲੇਖ ਲਿਖਣ ਮੁਕਾਬਲਿਆਂ ਵਿੱਚ ਕਰੀਬ 30 ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਵਿੱਚ ਹਰਮਨ ਕੌਰ ਨੇ ਪਹਿਲਾ, ਸਾਹਿਬਦੀਪ ਕੌਰ ਨੇ ਦੂਜਾ ਅਤੇ ਜਸ਼ਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ, ਜਦਕਿ ਸਾਰੇ ਭਾਗੀਦਾਰਾਂ ਨੂੰ ਕਾਪੀਆਂ ਅਤੇ ਪੈੱਨ ਵੰਡੇ ਗਏ। ਬਘੇਲ ਸਿੰਘ ਨੇ ਰਾਸ਼ਟਰੀ ਤਕਨਾਲੋਜੀ ਦਿਵਸ ਦੇ ਇਤਿਹਾਸ ਅਤੇ ਇਸ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਮੰਚ ਦਾ ਸੰਚਾਲਨ ਪ੍ਰੋਫੈਸਰ ਸੋਨੀਆ ਵੱਲੋਂ ਬਹੁਤ ਸੁਚੱਜੇ ਢੰਗ ਨਾਲ ਕੀਤਾ ਗਿਆ। ਸਮਾਗਮ ਦੇ ਅਖੀਰ ਵਿੱਚ ਡਾ. ਜਗਵਿੰਦਰ ਸਿੰਘ ਨੇ ਮਾਈ ਭਾਰਤ ਬਠਿੰਡਾ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਰਚਨਾਤਮਕਤਾ, ਵਿਗਿਆਨਕ ਸੋਚ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।