ਜੁਗਾੜੂ ਰੇਹੜੀਆਂ ’ਤੇ ਸਿਕੰਜਾ ਕਸਣ ਲੱਗੀ ਪੁਲਿਸ, ਰੇਹੜੀਆਂ ਬਣਾਉਣ ਵਾਲੇ ਦੋ ਖਿਲਾਫ਼ ਕੇਸ ਦਰਜ

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਸੜਕਾਂ ’ਤੇ ਦਿਨੋਂ-ਦਿਨ ਵੱਧ ਰਹੀਆਂ ਜੁਗਾੜੂ ਰੇਹੜੀਆਂ ਕਾਰਨ ਵਾਪਰ ਰਹੇ ਹਾਦਸਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਅਤੇ ਟਰੈਫਿਕ ਵਿਭਾਗ ਨੇ ਅਜਿਹੀਆਂ ਗੈਰ-ਕਾਨੂੰਨੀ ਵਾਹਨ ਨੁਮਾ ਰੇਹੜੀਆਂ ਖ਼ਿਲਾਫ਼ ਮੁਹਿੰਮ ਤੇਜ਼ ਕਰ ਦਿੱਤੀ ਹੈ। ਜਿੱਥੇ ਟਰੈਫਿਕ ਪੁਲਿਸ ਵੱਲੋਂ ਜੁਗਾੜੂ ਰੇਹੜੀਆਂ ਨੂੰ ਜ਼ਬਤ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਹੁਣ ਅਜਿਹੀਆਂ ਰੇਹੜੀਆਂ ਤਿਆਰ ਕਰਨ ਵਾਲੇ ਲੋਕਾਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਦੋ ਵੱਖ-ਵੱਖ ਥਾਣਿਆਂ ਦੀ ਪੁਲਿਸ ਵੱਲੋਂ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਨੇਹੀਆਵਾਲਾ ਦੀ ਪੁਲਿਸ ਨੇ ਬਲਵਿੰਦਰ ਸਿੰਘ ਵਾਸੀ ਖਿਆਲੀਵਾਲਾ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਦਾ ਦੋਸ਼ ਹੈ ਕਿ ਉਕਤ ਵਿਅਕਤੀ ਵੱਲੋਂ ਜੁਗਾੜੂ ਰੇਹੜੀਆਂ ਤਿਆਰ ਕਰਕੇ ਲੋਕਾਂ ਦੀ ਜਾਨ ਨੂੰ ਖ਼ਤਰੇ ਵਿੱਚ ਪਾਇਆ ਜਾ ਰਿਹਾ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਇਹ ਰੇਹੜੀਆਂ ਬਿਨਾਂ ਕਿਸੇ ਤਕਨੀਕੀ ਮਾਪਦੰਡਾਂ ਅਤੇ ਸੁਰੱਖਿਆ ਪ੍ਰਬੰਧਾਂ ਦੇ ਤਿਆਰ ਕੀਤੀਆਂ ਜਾਂਦੀਆਂ ਹਨ, ਜਿਨ੍ਹਾਂ ਕਾਰਨ ਸੜਕ ਹਾਦਸਿਆਂ ਦਾ ਖ਼ਤਰਾ ਕਾਫ਼ੀ ਵੱਧ ਜਾਂਦਾ ਹੈ।
ਇਸੇ ਤਰ੍ਹਾਂ ਥਾਣਾ ਭਗਤਾ ਭਾਈ ਕਾ ਦੀ ਪੁਲਿਸ ਨੇ ਸੁਖਜੀਤ ਸਿੰਘ ਵਾਸੀ ਪਿੰਡ ਚੀਦਾ, ਜ਼ਿਲ੍ਹਾ ਮੋਗਾ ਦੇ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਉਕਤ ਵਿਅਕਤੀ ਵੀ ਜੁਗਾੜੂ ਰੇਹੜੀਆਂ ਤਿਆਰ ਕਰਕੇ ਅਤੇ ਉਨ੍ਹਾਂ ਨੂੰ ਲੋਕਾਂ ਤਕ ਪਹੁੰਚਾ ਕੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰ ਰਿਹਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਰੇਹੜੀਆਂ ਵਿੱਚ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਨਾ ਹੋਣ ਕਾਰਨ ਇਹ ਕਿਸੇ ਵੀ ਸਮੇਂ ਵੱਡੇ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ। ਪੁਲਿਸ ਅਧਿਕਾਰੀਆਂ ਅਨੁਸਾਰ ਪਿਛਲੇ ਕੁਝ ਸਮੇਂ ਦੌਰਾਨ ਇਲਾਕੇ ਵਿੱਚ ਜੁਗਾੜੂ ਰੇਹੜੀਆਂ ਕਾਰਨ ਕਈ ਹਾਦਸੇ ਵਾਪਰ ਚੁੱਕੇ ਹਨ, ਜਿਨ੍ਹਾਂ ਵਿੱਚ ਕਈ ਲੋਕ ਜ਼ਖ਼ਮੀ ਹੋਏ ਅਤੇ ਕੁਝ ਨੂੰ ਆਪਣੀ ਜਾਨ ਤੋਂ ਵੀ ਹੱਥ ਧੋਣਾ ਪਿਆ। ਇਸ ਕਾਰਨ ਪੁਲਿਸ ਨੇ ਹੁਣ ਅਜਿਹੇ ਵਾਹਨਾਂ ਅਤੇ ਉਨ੍ਹਾਂ ਦੇ ਨਿਰਮਾਤਾਵਾਂ ਖ਼ਿਲਾਫ਼ ਸਖ਼ਤ ਰਵੱਈਆ ਅਪਣਾਉਣ ਦਾ ਫੈਸਲਾ ਕੀਤਾ ਹੈ। ਟਰੈਫਿਕ ਵਿਭਾਗ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਗੈਰ-ਕਾਨੂੰਨੀ ਅਤੇ ਅਸੁਰੱਖਿਅਤ ਜੁਗਾੜੂ ਰੇਹੜੀਆਂ ਦੀ ਵਰਤੋਂ ਤੋਂ ਗੁਰੇਜ਼ ਕਰਨ। ਜੇਕਰ ਕੋਈ ਵਿਅਕਤੀ ਅਜਿਹੀਆਂ ਰੇਹੜੀਆਂ ਤਿਆਰ ਕਰਦਾ ਜਾਂ ਵੇਚਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਮੋਟਰ ਵਹੀਕਲ ਐਕਟ ਅਤੇ ਹੋਰ ਸੰਬੰਧਤ ਧਾਰਾਵਾਂ ਹੇਠ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੋਹਾਂ ਮਾਮਲਿਆਂ ’ਚ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਜਮਾਨਤ ’ਤੇ ਰਿਹਾਅ ਕਰ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਗੈਰ-ਕਾਨੂੰਨੀ ਸਰਗਰਮੀਆਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ। ਸਥਾਨਕ ਲੋਕਾਂ ਨੇ ਵੀ ਪੁਲਿਸ ਦੀ ਇਸ ਕਾਰਵਾਈ ਦਾ ਸਵਾਗਤ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੁਗਾੜੂ ਰੇਹੜੀਆਂ ਸੜਕਾਂ ’ਤੇ ਨਾ ਸਿਰਫ਼ ਆਵਾਜਾਈ ਨੂੰ ਪ੍ਰਭਾਵਿਤ ਕਰਦੀਆਂ ਹਨ, ਸਗੋਂ ਆਮ ਲੋਕਾਂ ਦੀ ਸੁਰੱਖਿਆ ਲਈ ਵੀ ਵੱਡਾ ਖ਼ਤਰਾ ਬਣਦੀਆਂ ਜਾ ਰਹੀਆਂ ਹਨ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੇ ਵਾਹਨਾਂ ਦੀ ਤਿਆਰੀ ਅਤੇ ਚਲਾਉਣ ’ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾਵੇ, ਤਾਂ ਜੋ ਸੜਕ ਹਾਦਸਿਆਂ ਵਿਚ ਕਮੀ ਆ ਸਕੇ।