ਸਫਾਈ ਕਾਮਿਆਂ ਦੀ ਹੜਤਾਲ ਥਾਂ-ਥਾਂ ਲੱਗੇ ਗੰਦਗੀ ਦੇ ਢੇਰ, ਹਾਲਾਤ ਬੇਕਾਬੂ
ਨਿਗਮ ਅਤੇ ਯੂਨੀਅਨ ਦੀ ਖਿੱਚੋਤਾਣ ਨਾਲ ਸ਼ਹਿਰ ਬਣਿਆ ਕੂੜਾ ਡੰਪ, ਸਫਾਈ ਕਾਮਿਆਂ ਦੀ ਹੜਤਾਲ ਕਾਰਨ ਹਾਲਾਤ ਹੋਏ ਬੇਕਾਬੂ
Publish Date: Fri, 15 May 2026 05:16 PM (IST)
Updated Date: Sat, 16 May 2026 04:01 AM (IST)
ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਨਗਰ ਨਿਗਮ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਸ਼ੁੱਕਰਵਾਰ ਨੂੰ 10ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ, ਜਿਸ ਕਾਰਨ ਪੂਰਾ ਸ਼ਹਿਰ ਕੂੜੇ ਦੇ ਢੇਰ ਵਿੱਚ ਤਬਦੀਲ ਹੁੰਦਾ ਜਾ ਰਿਹਾ ਹੈ। ਸ਼ਹਿਰ ਦੀਆਂ ਮੁੱਖ ਸੜਕਾਂ, ਬਾਜ਼ਾਰ, ਗਲੀਆਂ ਅਤੇ ਰਿਹਾਇਸ਼ੀ ਇਲਾਕੇ ਬਦਬੂ ਅਤੇ ਗੰਦਗੀ ਨਾਲ ਬੁਰੀ ਤਰ੍ਹਾਂ ਜੂਝ ਰਹੇ ਹਨ। ਨਿਗਮ ਦੇ ਅਨੁਮਾਨ ਮੁਤਾਬਕ ਸ਼ਹਿਰ ਵਿੱਚ ਹੁਣ ਤਕ 1200 ਟਨ ਤੋਂ ਵੱਧ ਕੂੜਾ ਜਮ੍ਹਾਂ ਹੋ ਚੁੱਕਾ ਹੈ। ਸ਼ਹਿਰ ਦੇ ਕਈ ਇਲਾਕਿਆਂ ਵਿੱਚ ਪਿਛਲੇ ਡੇਢ ਹਫ਼ਤੇ ਤੋਂ ਘਰਾਂ ਵਿੱਚੋਂ ਕੂੜਾ ਨਹੀਂ ਚੁੱਕਿਆ ਗਿਆ। ਲੋਕਾਂ ਦੇ ਕੂੜੇਦਾਨ ਪੂਰੀ ਤਰ੍ਹਾਂ ਭਰ ਚੁੱਕੇ ਹਨ ਅਤੇ ਹੁਣ ਉਹ ਕੂੜਾ ਪਲਾਸਟਿਕ ਦੇ ਲਿਫ਼ਾਫ਼ਿਆਂ ਅਤੇ ਬੋਰੀਆਂ ਵਿੱਚ ਭਰ ਕੇ ਘਰਾਂ ਅੰਦਰ ਰੱਖਣ ਲਈ ਮਜਬੂਰ ਹਨ। ਸੜ ਰਹੇ ਕੂੜੇ ਵਿੱਚੋਂ ਉੱਠ ਰਹੀ ਤੇਜ਼ ਬਦਬੂ ਕਾਰਨ ਲੋਕਾਂ ਦਾ ਘਰਾਂ ਵਿੱਚ ਬੈਠਣਾ ਵੀ ਮੁਸ਼ਕਲ ਹੋ ਗਿਆ ਹੈ।
ਅਮਰੀਕ ਸਿੰਘ ਰੋਡ, ਮਾਡਲ ਟਾਊਨ, ਭਾਗੂ ਰੋਡ, ਭੱਟੀ ਰੋਡ, ਸੰਤਪੁਰਾ ਰੋਡ, ਮਾਲ ਗੋਦਾਮ ਰੋਡ, ਬਸੰਤ ਵਿਹਾਰ ਅਤੇ ਗ੍ਰੀਨ ਸਿਟੀ ਵਰਗੇ ਪੌਸ਼ ਇਲਾਕਿਆਂ ਵਿੱਚ ਵੀ ਜਗ੍ਹਾ-ਜਗ੍ਹਾ ਗੰਦਗੀ ਦੇ ਪਹਾੜ ਲੱਗੇ ਹੋਏ ਹਨ। ਸਫ਼ਾਈ ਸੇਵਕ ਆਪਣੀਆਂ ਨੌਕਰੀਆਂ ਪੱਕੀਆਂ ਕਰਨ ਦੀ ਮੰਗ ਨੂੰ ਲੈ ਕੇ ਨਗਰ ਨਿਗਮ ਦਫ਼ਤਰ ਦੇ ਬਾਹਰ ਪੱਕੇ ਧਰਨੇ 'ਤੇ ਬੈਠੇ ਹਨ। ਯੂਨੀਅਨ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਰੋਸ ਮਾਰਚ ਕੱਢ ਕੇ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਦੂਜੇ ਪਾਸੇ ਨਿਗਮ ਅਧਿਕਾਰੀਆਂ ਅਤੇ ਯੂਨੀਅਨ ਆਗੂਆਂ ਵਿਚਕਾਰ ਕਈ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਹਾਲੇ ਤਕ ਕੋਈ ਸਾਰਥਕ ਨਤੀਜਾ ਸਾਹਮਣੇ ਨਹੀਂ ਆਇਆ। ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਸਾਲਾਂ ਤੋਂ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ ਅਤੇ ਹਰ ਵਾਰ ਸਿਰਫ਼ ਭਰੋਸਾ ਦੇ ਕੇ ਮਾਮਲਾ ਟਾਲ ਦਿੱਤਾ ਜਾਂਦਾ ਹੈ। ਨਿਗਮ ਅਧਿਕਾਰੀਆਂ ਦਾ ਦਾਅਵਾ ਹੈ ਕਿ ਕੁੱਝ ਮੰਗਾਂ 'ਤੇ ਸਹਿਮਤੀ ਬਣ ਗਈ ਹੈ ਅਤੇ ਬਾਕੀ ਮਸਲੇ ਸਰਕਾਰ ਦੇ ਪੱਧਰ 'ਤੇ ਵਿਚਾਰੇ ਜਾ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਨਗਰ ਨਿਗਮ ਪ੍ਰਸ਼ਾਸਨ ਅਤੇ ਸਫ਼ਾਈ ਸੇਵਕ ਯੂਨੀਅਨ ਦੋਵੇਂ ਆਪਣੀ ਜ਼ਿੰਮੇਵਾਰੀ ਸਮਝਣ। ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਜਾਇਜ਼ ਹਨ ਤਾਂ ਸਰਕਾਰ ਨੂੰ ਸੰਵੇਦਨਸ਼ੀਲਤਾ ਨਾਲ ਹੱਲ ਕੱਢਣਾ ਚਾਹੀਦਾ ਹੈ, ਉੱਥੇ ਹੀ ਯੂਨੀਅਨ ਨੂੰ ਵੀ ਲੋਕਾਂ ਦੀਆਂ ਪਰੇਸ਼ਾਨੀਆਂ ਦੇਖਦੇ ਹੋਏ ਹੜਤਾਲ ਖ਼ਤਮ ਕਰਕੇ ਸ਼ਹਿਰ ਦੀ ਸਫ਼ਾਈ ਵੱਲ ਕਦਮ ਵਧਾਉਣੇ ਚਾਹੀਦੇ ਹਨ।