ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
ਸ੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਵੀ ਕੀਤੀ ਜਾਰੀ
Publish Date: Fri, 15 May 2026 07:08 PM (IST)
Updated Date: Sat, 16 May 2026 04:10 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : 26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਲਈ ਸ੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰਾਂ ਦੀ ਦੂਜੀ ਅਤੇ ਆਖਰੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਬਾਕੀ ਰਹਿੰਦੇ ਛੇ ਵਾਰਡਾਂ ਦੇ ਉਮੀਦਵਾਰਾਂ ਦੇ ਨਾਮ ਸ਼ਾਮਲ ਕੀਤੇ ਹਨ। ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਦੱਸਿਆ ਕਿ ਪਾਰਟੀ ਵੱਲੋਂ ਹੁਣ ਸਾਰੇ 50 ਵਾਰਡਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਜਾਰੀ ਕੀਤੀ ਗਈ ਪਹਿਲੀ ਸੂਚੀ ਵਿੱਚ 44 ਉਮੀਦਵਾਰਾਂ ਦੇ ਨਾਮ ਸ਼ਾਮਲ ਸਨ, ਜਦਕਿ ਦੂਜੀ ਸੂਚੀ ਵਿੱਚ ਛੇ ਉਮੀਦਵਾਰਾਂ ਨੂੰ ਟਿਕਟ ਦਿੱਤੀ ਗਈ ਹੈ। ਪਾਰਟੀ ਨੂੰ ਉਮੀਦ ਹੈ ਕਿ ਬਠਿੰਡਾ ਦੇ ਲੋਕ ਸ੍ਰੋਮਣੀ ਅਕਾਲੀ ਦਲ ਦੀ ਪਿਛਲੀ 10 ਸਾਲਾਂ ਦੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਚੋਣਾਂ ਵਿੱਚ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਫਤਵਾ ਦੇਣਗੇ ਅਤੇ ਆਪਣਾ ਮੇਅਰ ਬਣਾਉਣਗੇ। ਪਾਰਟੀ ਦੇ ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਦੂਜੀ ਸੂਚੀ ਵਿੱਚ ਵਾਰਡ ਨੰਬਰ 20 ਤੋਂ ਗੁਰਬਖਸ਼ੀਸ਼ ਸਿੰਘ ਚੀਮਾ, ਵਾਰਡ ਨੰਬਰ 41 ਤੋਂ ਡਿੰਪੀ ਰਾਣੀ, ਵਾਰਡ ਨੰਬਰ 43 ਤੋਂ ਸੰਤੋਸ਼ ਰਾਣੀ, ਵਾਰਡ ਨੰਬਰ 44 ਤੋਂ ਅਵਤਾਰ ਸਿੰਘ, ਵਾਰਡ ਨੰਬਰ 46 ਤੋਂ ਅਮਨਦੀਪ ਸਿੰਘ ਰਾਜਾ ਅਤੇ ਵਾਰਡ ਨੰਬਰ 47 ਤੋਂ ਰੀਨਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਗਿਆ ਹੈ।