ਤੇਲ ਕੀਮਤਾਂ ’ਚ ਵਾਧੇ ਦੀ ਵੱਖ-ਵੱਖ ਵਰਗਾਂ ਵੱਲੋਂ ਨਿੰਦਾ, ਲੋਕਾਂ ਨੇ ਕਿਹਾ ਵਧੇਗਾ ਆਰਥਿਕ ਬੋਝ

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਦੇਸ਼ ਅਤੇ ਰਾਜ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਤਾਜ਼ਾ ਵਾਧੇ ਨੂੰ ਲੈ ਕੇ ਵੱਖ-ਵੱਖ ਵਰਗਾਂ ਵੱਲੋਂ ਤਿੱਖੀ ਨਿਖੇਧੀ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ, ਸਮਾਜਿਕ ਸੰਗਠਨਾਂ ਅਤੇ ਆਮ ਲੋਕਾਂ ਨੇ ਇਸ ਫੈਸਲੇ ਨੂੰ ਗਲਤ ਕਰਾਰ ਦਿੰਦਿਆਂ ਕਿਹਾ ਹੈ ਕਿ ਇਸ ਨਾਲ ਆਮ ਆਦਮੀ ਦੀ ਆਰਥਿਕ ਹਾਲਤ ਹੋਰ ਖਰਾਬ ਹੋ ਜਾਵੇਗੀ। ਤੇਲ ਕੀਮਤਾਂ ਵਿਚ ਵਾਧੇ ਕਾਰਨ ਸਾਰੀਆਂ ਵਸਤਾਂ ਹੀ ਮਹਿੰਗੀਆਂ ਹੋਣ ਜਾਣਗੀਆਂ, ਜਿਸ ਨਾਲ ਲੋਕਾਂ ‘ਤੇ ਹਰ ਆਰਥਿਕ ਬੋਝ ਵਧੇਗਾ।
-ਬਾਕਸ-
ਕਿਸਾਨ ਆਗੂ ਸਰੂਪ ਸਿੰਘ ਰਾਮਾਂ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਸਿੱਧਾ ਤੌਰ ’ਤੇ ਕਿਸਾਨੀ ਖਰਚਿਆਂ ਨੂੰ ਪ੍ਰਭਾਵਿਤ ਕਰੇਗਾ। ਉਨ੍ਹਾਂ ਕਿਹਾ ਕਿ ਡੀਜ਼ਲ ਮਹਿੰਗਾ ਹੋਣ ਨਾਲ ਖੇਤੀਬਾੜੀ ਦੀ ਲਾਗਤ ਵਧੇਗੀ ਅਤੇ ਕਿਸਾਨਾਂ ਲਈ ਫਸਲ ਦੀ ਪੈਦਾਵਾਰ ਹੋਰ ਮਹਿੰਗੀ ਹੋ ਜਾਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕੀਮਤਾਂ ਨੂੰ ਕਾਬੂ ਨਾ ਕੀਤਾ ਤਾਂ ਕਿਸਾਨੀ ਸੰਕਟ ਹੋਰ ਗੰਭੀਰ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਫ਼ਸਲਾਂ ਦੀ ਐਮਐਸਪੀ ਵਿਚ ਮਾਮੂਲੀ ਵਾਧਾ ਕੀਤਾ ਹੈ ਜਦੋਂ ਕਿ ਤੇਲ ਕੀਮਤਾਂ ਵਿਚ ਤਿੰਨ ਰੁਪਏ ਤਕ ਦਾ ਵਾਧਾ ਕੀਤਾ ਗਿਆ ਹੈ।
-ਬਾਕਸ-
ਗੁਰਤੇਜ ਸਿੰਘ ਭੇਜੀ ਨੇ ਕਿਹਾ ਕਿ ਸਰਕਾਰ ਵੱਲੋਂ ਹਰ ਵਾਰ ਤੇਲ ਕੀਮਤਾਂ ਵਿੱਚ ਵਾਧਾ ਕਰਕੇ ਆਮ ਲੋਕਾਂ ’ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਮਹਿੰਗੀ ਹੋਣ ਕਾਰਨ ਸਬਜ਼ੀਆਂ, ਅਨਾਜ ਅਤੇ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਣਾ ਲਾਜ਼ਮੀ ਹੈ, ਜਿਸ ਦਾ ਸਿੱਧਾ ਅਸਰ ਗਰੀਬ ਵਰਗ ’ਤੇ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੋਕ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਹਨ, ਪਰ ਹੁਣ ਤੇਲ ਕੀਮਤਾਂ ’ਚ ਵਾਧਾ ਗਲਤ ਹੈ।
-ਬਾਕਸ-
ਸਮਾਜ ਸੇਵੀ ਭੋਲਾ ਸਿੰਘ ਮਾਨ ਦਾ ਕਹਿਣਾ ਸੀ ਮਹਿੰਗਾਈ ਪਹਿਲਾਂ ਹੀ ਲੋਕਾਂ ਦੀ ਕਮਰ ਤੋੜ ਚੁੱਕੀ ਹੈ ਅਤੇ ਹੁਣ ਤੇਲ ਕੀਮਤਾਂ ਵਿੱਚ ਵਾਧੇ ਨਾਲ ਹਾਲਾਤ ਹੋਰ ਵੀ ਗੰਭੀਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਹਰ ਘਰੇਲੂ ਬਜਟ ਪ੍ਰਭਾਵਿਤ ਹੋ ਰਿਹਾ ਹੈ ਅਤੇ ਆਮ ਪਰਿਵਾਰ ਲਈ ਜੀਵਨ ਚਲਾਉਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਗੈਸ ਸਿਲੰਡਰਾਂ ਕੀਮਤਾਂ ਵਿਚ ਵੱਡਾ ਵਾਧਾ ਕੀਤਾ ਸੀ, ਪਰ ਹੁਣ ਤੇਲ ਕੀਮਤਾਂ ਵਿਚ ਵਾਧਾ ਕਰਕੇ ਲੋਕਾਂ ’ਤੇ ਆਰਥਿਕ ਬੋਝ ਪਾਇਆ ਹੈ।
ਬਾਕਸ
ਡਾ. ਅਜੀਤ ਪਾਲ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਆਮ ਲੋਕਾਂ ਦੀ ਪਰੇਸ਼ਾਨੀ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਤੇਲ ਕੀਮਤਾਂ ਵਿੱਚ ਕਟੌਤੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੀਮਤਾਂ ਇਸੇ ਤਰ੍ਹਾਂ ਵਧਦੀਆਂ ਰਹੀਆਂ ਤਾਂ ਛੋਟੇ ਵਪਾਰੀ, ਮਜ਼ਦੂਰ ਅਤੇ ਕਿਸਾਨ ਸਭ ਤੋਂ ਵੱਧ ਪ੍ਰਭਾਵਿਤ ਹੋਣਗੇ। ਉਨ੍ਹਾਂ ਕਿਹਾ ਕਿ ਤੇਲ ਕੀਮਤਾਂ ਵਿਚ ਵਾਧਾ ਹੋਣ ਨਾਲ ਖਾਣ ਪੀਣ ਸਮੇਤ ਹੋਰਨਾਂ ਵਸਤਾਂ ਮਹਿੰਗੀਆਂ ਹੋ ਜਾਣਗੀਆਂ। ਇਸ ਨਾਲ ਲੋਕਾਂ ’ਤੇ ਆਰਥਿਕ ਬੋਝ ਵਧੇਗਾ, ਜਦੋਂ ਕਿ ਲੋਕ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਹਨ।
-ਬਾਕਸ-
ਟਰਾਂਸਪੋਰਟਰ ਗਗਨ ਨਥਾਣਾ ਨੇ ਇਸ ਫੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਤੇਲ ਕੀਮਤਾਂ ਵਿੱਚ ਵਾਧਾ ਸਿਰਫ਼ ਡੀਜ਼ਲ ਜਾਂ ਪੈਟਰੋਲ ਤਕ ਸੀਮਿਤ ਨਹੀਂ ਰਹਿੰਦਾ, ਸਗੋਂ ਇਸ ਦਾ ਪ੍ਰਭਾਵ ਹਰ ਖੇਤਰ ’ਤੇ ਪੈਂਦਾ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਲਾਗਤ ਵਧਣ ਨਾਲ ਸਾਰੇ ਸਮਾਨ ਦੀਆਂ ਕੀਮਤਾਂ ਵਿੱਚ ਬੇਤਹਾਸ਼ਾ ਵਾਧਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਨੇ ਪਹਿਲਾਂ ਹੀ ਲੋਕਾਂ ਦੀ ਆਰਥਿਕ ਹਾਲਤ ਨੂੰ ਕਮਜ਼ੋਰ ਕਰ ਦਿੱਤਾ ਹੈ ਅਤੇ ਹੁਣ ਤੇਲ ਕੀਮਤਾਂ ਵਿੱਚ ਵਾਧੇ ਨਾਲ ਹਾਲਾਤ ਹੋਰ ਵੀ ਬਿਹਤਰ ਹੋਣ ਦੀ ਬਜਾਏ ਬਦਤਰ ਹੋ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਕੀਮਤਾਂ ਨੂੰ ਘਟਾ ਕੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ।
-ਬਾਕਸ-
ਵਪਾਰੀ ਸੁਰਿੰਦਰ ਕੁਮਾਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਉਹ ਲੋਕਾਂ ਨੂੰ ਨਾਲ ਲੈ ਕੇ ਵੱਡੇ ਪੱਧਰ ’ਤੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਆਰਥਿਕ ਨਹੀਂ ਸਗੋਂ ਸਮਾਜਿਕ ਨਿਆਂ ਨਾਲ ਜੁੜਿਆ ਹੋਇਆ ਮੁੱਦਾ ਹੈ। ਸਮਾਜਿਕ ਵਰਗਾਂ ਨੇ ਵੀ ਇਸ ਵਾਧੇ ਨੂੰ ਗਲਤ ਦੱਸਦਿਆਂ ਕਿਹਾ ਹੈ ਕਿ ਇਸ ਨਾਲ ਗਰੀਬ ਅਤੇ ਮੱਧ ਵਰਗ ਸਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ। ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਤੇਲ ਕੀਮਤਾਂ ਨੂੰ ਜਨਹਿਤ ਵਿੱਚ ਤੁਰੰਤ ਕੰਟਰੋਲ ਕੀਤਾ ਜਾਵੇ ਤਾਂ ਜੋ ਆਮ ਜੀਵਨ ਕੁਝ ਹੱਦ ਤੱਕ ਰਾਹਤ ਮਹਿਸੂਸ ਕਰ ਸਕੇ।