ਮੈਡੀਕਲ ਸਟੋਰ 'ਚੋਂ ਨਕਦੀ ਤੇ ਕਚਹਿਰੀਆਂ 'ਚੋਂ ਬਾਈਕ ਚੋਰੀ, 3 ਮੁਲਜ਼ਮ ਕਾਬੂ
ਮੈਡੀਕਲ ਸਟੋਰ 'ਚੋਂ ਨਕਦੀ ਅਤੇ ਕਚਹਿਰੀਆਂ 'ਚੋਂ ਮੋਟਰਸਾਈਕਲ ਚੋਰੀ, ਤਿੰਨ ਮੁਲਜ਼ਮ ਗ੍ਰਿਫ਼ਤਾਰ
Publish Date: Fri, 15 May 2026 07:53 PM (IST)
Updated Date: Sat, 16 May 2026 04:13 AM (IST)

ਦੀਪਕ ਸ਼ਰਮਾ, ਪੰਜਾਬੀ ਜਾਗਰਣ. ਬਠਿੰਡਾ ਜ਼ਿਲ੍ਹੇ ਵਿੱਚ ਵੱਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਚੋਰਾਂ ਦੇ ਹੌਸਲੇ ਇਨ੍ਹੇ ਬੁਲੰਦ ਹੋ ਚੁੱਕੇ ਹਨ ਕਿ ਉਹ ਸ਼ਰੇਆਮ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਜਿਸ ਦੀ ਤਾਜ਼ਾ ਮਿਸਾਲ ਲੰਘੇ ਦਿਨ ਹੀ ਵਾਪਰੀਆਂ ਚੋਰੀ ਦੀਆਂ ਤਿੰਨ ਵਾਰਦਾਤਾ ਤੋਂ ਮਿਲਦੀ ਹੈ। ਭਾਵੇਂ ਪੁਲਿਸ ਦਾ ਦਾਅਵਾ ਹੈ ਕਿ ਉਸਨੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਦ ਕਿ ਦਿਨ ਦਿਹਾੜੇ ਮੋਟਰਸਾਈਕਲ ਚੋਰੀ ਕਰਨ ਵਾਲੇ ਵਿਅਕਤੀ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਹੈ। ਪਰ ਇਸ ਤਰ੍ਹਾਂ ਦੀਆਂ ਗ੍ਰਿਫਤਾਰੀਆਂ ਦੇ ਬਾਵਜੂਦ ਚੋਰੀ ਦੀਆਂ ਇਹ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਜਾਣਕਾਰੀ ਅਨੁਸਾਰ ਪਿੰਡ ਭੂੰਦੜ ਵਿਖੇ ਲੰਘੀ 12 ਮਈ ਦੀ ਰਾਤ ਨੂੰ ਇੱਕ ਮੈਡੀਕਲ ਸਟੋਰ ਵਿੱਚ ਚੋਰੀ ਹੋਣ ਦਾ ਸਮਾਚਾਰ ਹੈ। ਦੁਕਾਨ ਮਾਲਕ ਜਸਵੀਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਰਹਿਣ ਵਾਲੇ ਲਵਦੀਪ ਸਿੰਘ ਅਤੇ ਹਰਜੋਤ ਸਿੰਘ ਵਾਸੀ ਭੂੰਦੜ ਉਸ ਦੀ ਦੁਕਾਨ ਵਿੱਚੋਂ 25 ਹਜ਼ਾਰ ਰੁਪਏ ਚੋਰੀ ਕਰਕੇ ਲੈ ਗਏ। ਥਾਣਾ ਬਾਲਿਆਂਵਾਲੀ ਦੀ ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਕ ਹੋਰ ਮਾਮਲੇ ਵਿਚ ਥਾਣਾ ਸਿਟੀ ਰਾਮਪੁਰਾ ਦੇ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਹੈ ਕਿ ਸੂਚਨਾ ਮਿਲੀ ਸੀ ਗੁਰਦੇਵ ਸਿੰਘ ਵਾਸੀ ਮਹਿਰਾਜ ਵਹੀਕਲ ਚੋਰੀ ਕਰਨ ਦਾ ਆਦੀ ਹੈ। ਇਸ ਵਕਤ ਉਹ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਘੁੰਮ ਰਿਹਾ ਹੈ, ਜਿਸ ’ਤੇ ਕਾਰਵਾਈ ਕਰਦਿਆਂ ਹੋਇਆਂ ਪੁਲਿਸ ਨੇ ਕਥਿਤ ਦੋਸ਼ੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਕਚਹਿਰੀ ਬਠਿੰਡਾ ਦੇ ਬਾਹਰੋਂ ਕਿਸੇ ਅਣਪਛਾਤੇ ਵਿਅਕਤੀ ਨੇ ਬੈਂਕ ਆਫ ਇੰਡੀਆ ਦੇ ਕਰਮਚਾਰੀ ਰਾਜੇਸ਼ ਕੁਮਾਰ ਦਾ ਮੋਟਰਸਾਈਕਲ ਚੋਰੀ ਕਰ ਲਿਆ। ਪੀੜਤ ਵਿਅਕਤੀ ਨੇ ਇਸ ਸਬੰਧੀ ਥਾਣਾ ਸਿਵਲ ਲਾਈਨ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ਆਧਾਰ ਤੇ ਥਾਣਾ ਸਿਵਲ ਲਾਈਨ ਵਿਖੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਕਥਿਤ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।