ਬਾਬਾ ਮੋਨੀ ਕਾਲਜ ’ਚ ਕੌਮਾਂਤਰੀ ਨਰਸਿੰਗ ਡੇ ਉਤਸ਼ਾਹ ਨਾਲ ਮਨਾਇਆ
ਬਾਬਾ ਮੋਨੀ ਜੀ ਕਾਲਜ ’ਚ ਅੰਤਰਰਾਸ਼ਟਰੀ ਨਰਸਿੰਗ ਡੇ ਉਤਸ਼ਾਹ ਨਾਲ ਮਨਾਇਆ
Publish Date: Sat, 16 May 2026 06:42 PM (IST)
Updated Date: Sun, 17 May 2026 04:10 AM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ ਬਾਬਾ ਮੋਨੀ ਜੀ ਮਹਾਰਾਜ ਕਾਲਜ ਆਫ਼ ਨਰਸਿੰਗ ਵਿਖੇ ਅੰਤਰਰਾਸ਼ਟਰੀ ਨਰਸਜ਼ ਡੇ ਬਹੁਤ ਹੀ ਉਤਸ਼ਾਹ ਅਤੇ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਵੱਖ-ਵੱਖ ਸੱਭਿਆਚਾਰਕ ਅਤੇ ਅਕਾਦਮਿਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ, ਜਿਸ ਨੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਸਮਾਗਮ ਦੌਰਾਨ ਰੰਗੋਲੀ ਮੁਕਾਬਲਾ, ਭਾਸ਼ਣ ਮੁਕਾਬਲਾ, ਕਵਿਜ਼ ਮੁਕਾਬਲਾ, ਪੋਸਟਰ ਮੇਕਿੰਗ, ਕਵਿਤਾ ਮੁਕਾਬਲਾ ਅਤੇ ਹੋਰ ਕਈ ਰਚਨਾਤਮਕ ਪ੍ਰੋਗਰਾਮ ਕਰਵਾਏ ਗਏ। ਵਿਦਿਆਰਥੀਆਂ ਨੇ ਇਨ੍ਹਾਂ ਸਾਰੀਆਂ ਗਤੀਵਿਧੀਆਂ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਕੰਪਲੈਕਸ ਵਿੱਚ ਪੂਰੇ ਦਿਨ ਤਕ ਜੋਸ਼ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ। ਇਸ ਮੌਕੇ ਵਿਦਿਆਰਥੀਆਂ ਨੇ ਨਰਸਾਂ ਦੀ ਸਮਾਜ ਵਿੱਚ ਮਹੱਤਵਪੂਰਨ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਕਾਲਜ ਦੇ ਐਮਡੀ ਲਖਵੀਰ ਸਿੰਘ ਸਿੱਧੂ ਨੇ ਕਿਹਾ ਕਿ ਨਰਸਾਂ ਮਰੀਜ਼ਾਂ ਦੀ ਦੇਖਭਾਲ ਵਿੱਚ ਸਭ ਤੋਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਮਨੁੱਖਤਾ ਦੀ ਸੇਵਾ ਵਿੱਚ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਰਸਿੰਗ ਸਿਰਫ਼ ਇੱਕ ਪੇਸ਼ਾ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਕਰਨ ਦਾ ਇੱਕ ਮਹੱਤਵਪੂਰਨ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਨਰਸਿੰਗ ਵਿਦਿਆਰਥੀਆਂ ਲਈ ਇਸ ਤਰ੍ਹਾਂ ਦੇ ਸਮਾਗਮ ਸਿਰਫ਼ ਮਨੋਰੰਜਨ ਹੀ ਨਹੀਂ, ਸਗੋਂ ਸਿੱਖਣ ਅਤੇ ਆਪਣੇ ਪੇਸ਼ੇ ਪ੍ਰਤੀ ਜ਼ਿੰਮੇਵਾਰੀ ਨੂੰ ਸਮਝਣ ਦਾ ਮੌਕਾ ਵੀ ਪ੍ਰਦਾਨ ਕਰਦੇ ਹਨ। ਵਿਦਿਆਰਥੀਆਂ ਨੂੰ ਸਮਾਜ ਵਿੱਚ ਨਰਸਾਂ ਦੀ ਮਹੱਤਤਾ ਅਤੇ ਉਨ੍ਹਾਂ ਦੇ ਯੋਗਦਾਨ ਬਾਰੇ ਵਧੇਰੇ ਜਾਣਕਾਰੀ ਮਿਲਦੀ ਹੈ, ਜੋ ਉਨ੍ਹਾਂ ਦੇ ਭਵਿੱਖੀ ਕਰੀਅਰ ਲਈ ਲਾਭਦਾਇਕ ਹੁੰਦੀ ਹੈ। ਸਮਾਗਮ ਦੌਰਾਨ ਹੋਏ ਵੱਖ-ਵੱਖ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਕਾਲਜ ਪ੍ਰਬੰਧਕਾਂ ਵੱਲੋਂ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਇਨਾਮ ਪ੍ਰਾਪਤ ਕਰਕੇ ਵਿਦਿਆਰਥੀਆਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਉਤਸ਼ਾਹ ਸਪਸ਼ਟ ਨਜ਼ਰ ਆ ਰਿਹਾ ਸੀ। ਸਮਾਗਮ ਦੇ ਅੰਤ ਵਿੱਚ ਵਿਦਿਆਰਥੀਆਂ ਵੱਲੋਂ ਕਾਲਜ ਦੀ ਪ੍ਰਬੰਧਕ ਕਮੇਟੀ ਅਤੇ ਮੈਨੇਜਮੈਂਟ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।