ਸਹਿਕਾਰੀ ਸਭਾ ਤੋਂ 1.10 ਲੱਖ ਦਾ ਸਾਮਾਨ ਚੋਰੀ
ਸਹਿਕਾਰੀ ਸਭਾ ’ਚੋਂ 1.10 ਲੱਖ ਦਾ ਸਮਾਨ ਚੋਰੀ
Publish Date: Sun, 17 May 2026 05:05 PM (IST)
Updated Date: Mon, 18 May 2026 04:07 AM (IST)

ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਦੇ ਪਿੰਡ ਬੱਲੋ ਵਿੱਚ ਚੋਰਾਂ ਵੱਲੋਂ ਇੱਕ ਸਹਿਕਾਰੀ ਸਭਾ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੇ ਸਾਮਾਨ ’ਤੇ ਹੱਥ ਸਾਫ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਦੀ ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸਦਰ ਰਾਮਪੁਰਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕਾਰਵਾਈ ਪਿੰਡ ਬੱਲੋ ਦੀ ਸਹਿਕਾਰੀ ਸਭਾ ਦੇ ਸਕੱਤਰ ਭੁਪਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ 11 ਮਈ ਦੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀ ਸਹਿਕਾਰੀ ਸਭਾ ਦੇ ਕਮਰਿਆਂ ਵਿੱਚ ਦਾਖਲ ਹੋਏ ਅਤੇ ਉੱਥੇ ਰੱਖਿਆ ਕੀਮਤੀ ਸਾਮਾਨ ਚੋਰੀ ਕਰਕੇ ਲੈ ਗਏ। ਚੋਰਾਂ ਵੱਲੋਂ ਡੇਢ ਕੁਇੰਟਲ ਚਾਹ ਪੱਤੀ, ਡਾਲਡਾ ਘਿਓ ਅਤੇ ਰੂਹ-ਅਫਜ਼ਾ ਦੀਆਂ ਬੋਤਲਾਂ ਚੋਰੀ ਕੀਤੀਆਂ। ਉਨ੍ਹਾਂ ਦੱਸਿਆ ਕਿ ਚੋਰੀ ਹੋਏ ਸਾਮਾਨ ਦੀ ਕੁੱਲ ਕੀਮਤ ਕਰੀਬ 1 ਲੱਖ 10 ਹਜ਼ਾਰ ਰੁਪਏ ਬਣਦੀ ਹੈ। ਘਟਨਾ ਦਾ ਪਤਾ ਉਸ ਵੇਲੇ ਲੱਗਾ ਜਦੋਂ ਅਗਲੇ ਦਿਨ ਸਵੇਰੇ ਸਹਿਕਾਰੀ ਸਭਾ ਦੇ ਕਰਮਚਾਰੀ ਮੌਕੇ ’ਤੇ ਪਹੁੰਚੇ। ਕਮਰਿਆਂ ਦੇ ਜਿੰਦਰੇ ਅਤੇ ਸਾਮਾਨ ਖਿੱਲਰਿਆ ਹੋਇਆ ਦੇਖ ਕੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਸਦਰ ਰਾਮਪੁਰਾ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕਰਨ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਹਿਚਾਣ ਕੀਤੀ ਜਾ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਚੋਰੀ ਦੀ ਇਸ ਵਾਰਦਾਤ ਵਿੱਚ ਸ਼ਾਮਲ ਵਿਅਕਤੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਇਲਾਕੇ ਵਿੱਚ ਵਧ ਰਹੀਆਂ ਚੋਰੀਆਂ ’ਤੇ ਚਿੰਤਾ ਜਤਾਈ ਹੈ ਅਤੇ ਰਾਤ ਸਮੇਂ ਪੁਲਿਸ ਗਸ਼ਤ ਵਧਾਉਣ ਦੀ ਮੰਗ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ।