ਦਾਜ ਲਈ ਵਿਆਹੁਤਾ ਨੂੰ ਤੰਗ ਕਰਨ ਦੇ ਦੋਸ਼ ’ਚ ਕੇਸ ਦਰਜ
ਦਾਜ ਲਈ ਵਿਆਹੁਤਾ ਨੂੰ ਤੰਗ ਕਰਨ ਦੇ ਦੋਸ਼ ’ਚ ਕੇਸ ਦਰਜ
Publish Date: Sun, 17 May 2026 05:06 PM (IST)
Updated Date: Mon, 18 May 2026 04:07 AM (IST)
ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ
ਮਹਿਲਾ ਥਾਣਾ ਬਠਿੰਡਾ ਨੇ ਇੱਕ ਵਿਆਹੁਤਾ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਇਹ ਕਾਰਵਾਈ ਪੀੜਤ ਔਰਤ ਦੇ ਪਿਤਾ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਗੁਰੂ ਗੋਬਿੰਦ ਸਿੰਘ ਨਗਰ ਬਠਿੰਡਾ ਦੇ ਰਹਿਣ ਵਾਲੇ ਜਸਵੰਤ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਕਿ ਉਸਦੀ ਧੀ ਮਨਪ੍ਰੀਤ ਕੌਰ ਦਾ ਵਿਆਹ ਫਤਿਹਗੜ੍ਹ ਕੋਠੇ ਦੇ ਪਰਿਵਾਰ ਵਿੱਚ ਹੋਇਆ ਸੀ। ਵਿਆਹ ਸਮੇਂ ਉਨ੍ਹਾਂ ਆਪਣੀ ਸਮਰੱਥਾ ਅਨੁਸਾਰ ਦਾਜ ਤੇ ਹੋਰ ਸਾਮਾਨ ਦਿੱਤਾ ਸੀ, ਪਰ ਵਿਆਹ ਤੋਂ ਬਾਅਦ ਉਸਦੀ ਧੀ ਨੂੰ ਲਗਾਤਾਰ ਤੰਗ ਕੀਤਾ ਜਾਣ ਲੱਗ ਪਿਆ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮਨਪ੍ਰੀਤ ਕੌਰ ਦੇ ਸਹੁਰੇ ਨਿਸ਼ਾਨ ਸਿੰਘ ਵਾਸੀ ਕੈਨੇਡਾ ’ਚ ਰਹਿ ਰਿਹਾ ਹੈ, ਅਤੇ ਮਲਕੀਤ ਸਿੰਘ ਵਾਸੀ ਫਤਿਹਗੜ੍ਹ ਕੋਠੇ ਹਾਲ ਆਬਾਦ ਫਰੀਦਕੋਟ ਵੱਲੋਂ ਉਸਦੀ ਧੀ ਨੂੰ ਘੱਟ ਦਾਜ ਲਿਆਉਣ ਦੇ ਤਾਅਨੇ ਮਾਰੇ ਜਾਂਦੇ ਸਨ। ਉਸਨੇ ਦੱਸਿਆ ਕਿ ਦੋਵੇਂ ਮੁਲਜ਼ਮ ਮਨਪ੍ਰੀਤ ਕੌਰ ਨਾਲ ਕੁੱਟਮਾਰ ਕਰਦੇ ਅਤੇ ਮਾਨਸਿਕ ਤੌਰ ’ਤੇ ਵੀ ਪਰੇਸ਼ਾਨ ਕਰਦੇ ਰਹੇ। ਪੀੜਤਾ ਨੂੰ ਕਥਿਤ ਤੌਰ ’ਤੇ ਤਸੀਹੇ ਦੇਣ ਤੋਂ ਬਾਅਦ ਘਰੋਂ ਵੀ ਕੱਢ ਦਿੱਤਾ ਗਿਆ। ਪਰਿਵਾਰ ਵੱਲੋਂ ਕਈ ਵਾਰ ਸਮਝੌਤੇ ਦੀ ਕੋਸ਼ਿਸ਼ ਕੀਤੀ ਗਈ, ਪਰ ਸਥਿਤੀ ਵਿੱਚ ਕੋਈ ਸੁਧਾਰ ਨਹੀਂ ਆਇਆ। ਮਾਮਲੇ ਦੀ ਜਾਂਚ ਤੋਂ ਬਾਅਦ ਮਹਿਲਾ ਥਾਣਾ ਪੁਲਿਸ ਨੇ ਦੋਵੇਂ ਮੁਲਜ਼ਮਾਂ ਖ਼ਿਲਾਫ਼ ਦਾਜ ਪਰੇਸ਼ਾਨੀ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਸੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਔਰਤਾਂ ਨਾਲ ਦਾਜ ਲਈ ਹੋਣ ਵਾਲੀ ਪਰੇਸ਼ਾਨੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹੇ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਸਖ਼ਤੀ ਨਾਲ ਕੀਤੀ ਜਾਵੇਗੀ।