ਜਸਵੀਰ ਜੱਸਾ ਤੇ ਬਸੰਤ ਅਗਰੋਈਆ ਭਾਜਪਾ ’ਚ ਸ਼ਾਮਲ
ਜਸਵੀਰ ਜੱਸਾ ਅਤੇ ਬਸੰਤ ਅਗਰੋਈਆ ਭਾਜਪਾ ਵਿੱਚ ਸ਼ਾਮਲ
Publish Date: Sun, 17 May 2026 05:10 PM (IST)
Updated Date: Mon, 18 May 2026 04:07 AM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ ਨਿਗਮ ਚੋਣਾਂ ਨੇੜੇ ਆਉਂਦਿਆਂ ਹੀ ਸ਼ਹਿਰ ਦੀ ਰਾਜਨੀਤੀ ਵਿੱਚ ਹਲਚਲ ਤੇਜ਼ ਹੋ ਗਈ ਹੈ। ‘ਆਪ’ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪਾਰਟੀ ਦੇ ਸਰਗਰਮ ਆਗੂ ਜਸਵੀਰ ਸਿੰਘ ਜੱਸਾ, ਡਾ. ਤਰਸੇਮ ਗਰਗ ਦੀ ਪਤਨੀ ਅਤੇ ਬਸੰਤ ਸਿੰਘ ਅਗਰੋਈਆ ਆਪਣੇ ਹਮਾਇਤੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਤਿੰਨਾਂ ਆਗੂਆਂ ਨੇ ਭਾਜਪਾ ਦੇ ਸੀਨੀਅਰ ਆਗੂ ਅਤੇ ਬਠਿੰਡਾ ਨਗਰ ਨਿਗਮ ਚੋਣਾਂ ਦੇ ਪ੍ਰਭਾਰੀ ਜੀਵਨ ਗੁਪਤਾ ਤੇ ਭਾਜਪਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਮੌਜੂਦਗੀ ’ਚ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਇਸ ਮੌਕੇ ਭਾਜਪਾ ਆਗੂਆਂ ਨੇ ਸ਼ਾਮਲ ਹੋਏ ਆਗੂਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਨਗਰ ਨਿਗਮ ਚੋਣਾਂ ਵਿੱਚ ਪਾਰਟੀ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲੇਗਾ। ਉਨ੍ਹਾਂ ਦਾਅਵਾ ਕੀਤਾ ਕਿ ਸ਼ਹਿਰ ਵਿੱਚ ਭਾਜਪਾ ਦੇ ਹੱਕ ’ਚ ਮਾਹੌਲ ਬਣ ਚੁੱਕਾ ਹੈ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਵਰਕਰ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਭਾਜਪਾ ’ਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਲੰਮੇ ਸਮੇਂ ਤੱਕ ਆਮ ਆਦਮੀ ਪਾਰਟੀ ਵਿੱਚ ਰਹਿ ਕੇ ਸੰਗਠਨ ਅਤੇ ਲੋਕਾਂ ਦੀ ਸੇਵਾ ਕੀਤੀ, ਪਰ ਪਾਰਟੀ ਵੱਲੋਂ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਪਾਰਟੀ ਵਿੱਚ ਵਰਕਰਾਂ ਦੀ ਬਜਾਏ ਕੁਝ ਚੁਣਿੰਦੇ ਲੋਕਾਂ ਨੂੰ ਹੀ ਤਰਜੀਹ ਦਿੱਤੀ ਜਾ ਰਹੀ ਸੀ, ਜਿਸ ਕਾਰਨ ਉਹ ਆਪਣੇ ਆਪ ਨੂੰ ਅਣਦੇਖਿਆ ਮਹਿਸੂਸ ਕਰ ਰਹੇ ਸਨ। ਤਿੰਨਾਂ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਨੀਤੀਆਂ, ਵਿਕਾਸ ਕਾਰਜਾਂ ਅਤੇ ਮਜ਼ਬੂਤ ਨੇਤ੍ਰਿਤਵ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਭਾਜਪਾ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਭਾਜਪਾ ਨਾਲ ਜੁੜ ਕੇ ਉਹ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਹੋਰ ਵਧੀਆ ਢੰਗ ਨਾਲ ਕਰ ਸਕਣਗੇ। ਭਾਜਪਾ ਆਗੂਆਂ ਨੇ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਮਜ਼ਬੂਤੀ ਨਾਲ ਮੈਦਾਨ ਵਿੱਚ ਉਤਰੇਗੀ। ਇਸ ਮੌਕੇ ਭਾਜਪਾ ਦੇ ਹੋਰ ਸੀਨੀਅਰ ਆਗੂਆਂ ਤੋਂ ਇਲਾਵਾ ਅਸ਼ਵਨੀ ਗਰਗ ਵੀ ਮੌਜੂਦ ਸਨ।