ਚੰਡੀਗੜ੍ਹ ’ਚ ਕਿਸਾਨਾਂ ’ਤੇ ਢਾਹੇ ਜ਼ਬਰ ਖਿਲਾਫ਼ ਰੋਸ ਪ੍ਰਦਰਸ਼ਨ,

-ਨੈਸ਼ਨਲ ਹਾਈਵੇਅ ਤਕ ਰੋਸ ਮਾਰਚ ਕੱਢਣ ਤੇ ਪੁਤਲਾ ਫੂਕਣ ਉਪਰੰਤ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ
ਚੰਡੀਗੜ੍ਹ ਵਿੱਚ ਕਿਸਾਨਾਂ ਨੂੰ ਰੋਕਣ ਅਤੇ ਉਨ੍ਹਾਂ ’ਤੇ ਪਾਣੀ ਦੀਆਂ ਬੁਛਾੜਾਂ ਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਘਟਨਾ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਰਾਮਪੁਰਾ ਵੱਲੋਂ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਦੇ ਵਿਰੋਧ ਵਿੱਚ ਪੁਤਲੇ ਫੂਕ ਕੇ ਆਪਣਾ ਗੁੱਸਾ ਪ੍ਰਗਟਾਇਆ।
ਕਿਸਾਨਾਂ ਵੱਲੋਂ ਪਿੰਡ ਰਾਮਪੁਰਾ ਦੇ ਗੁਰੂ ਘਰ ਤੋਂ ਨੈਸ਼ਨਲ ਹਾਈਵੇ ਤਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਹੱਥਾਂ ਵਿੱਚ ਝੰਡੇ ਅਤੇ ਬੈਨਰ ਫੜੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੋਸ ਮੁਜ਼ਾਹਰੇ ਦੌਰਾਨ ਕਿਸਾਨਾਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਸੁਣਨ ਦੀ ਬਜਾਏ ਦਬਾਉ ਵਾਲੀ ਨੀਤੀ ਅਪਣਾ ਰਹੀ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ 15 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਦੇ ਪਾਣੀਆਂ ਸਬੰਧੀ ਮੰਗ ਪੱਤਰ ਦੇਣ ਲਈ ਵੱਡੀ ਗਿਣਤੀ ਵਿੱਚ ਕਿਸਾਨ ਚੰਡੀਗੜ੍ਹ ਵੱਲ ਜਾ ਰਹੇ ਸਨ। ਪਰ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਹੀ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ।
ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪਾਣੀ ਦੀਆਂ ਤੇਜ਼ ਬੁਛਾੜਾਂ ਮਾਰੀਆਂ ਗਈਆਂ ਅਤੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ ਗਏ। ਇਸ ਕਾਰਵਾਈ ਕਾਰਨ ਕਈ ਕਿਸਾਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਅਤੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਹੱਕੀ ਮੰਗਾਂ ਨੂੰ ਸ਼ਾਂਤਮਈ ਢੰਗ ਨਾਲ ਸਰਕਾਰ ਤੱਕ ਪਹੁੰਚਾਉਣਾ ਚਾਹੁੰਦੇ ਸਨ, ਪਰ ਸਰਕਾਰ ਨੇ ਲੋਕਤੰਤਰਕ ਅਧਿਕਾਰਾਂ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਹੈ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਪੰਜਾਬ ਦੇ ਪਾਣੀਆਂ ਦੇ ਮਸਲੇ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਪੰਜਾਬ ਪਹਿਲਾਂ ਹੀ ਪਾਣੀ ਦੇ ਸੰਕਟ ਨਾਲ ਜੂਝ ਰਿਹਾ ਹੈ ਅਤੇ ਕਿਸਾਨ ਆਪਣੇ ਹੱਕਾਂ ਦੀ ਰੱਖਿਆ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਭਰ ਵਿੱਚ ਕੀਤੇ ਗਏ ਪੁਤਲਾ ਫੂਕ ਮੁਜ਼ਾਹਰਿਆਂ ਦੇ ਤਹਿਤ ਰਾਮਪੁਰਾ ਫੂਲ ਵਿੱਚ ਵੀ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਗੁਲਾਬ ਸਿੰਘ ਜਿਉਦ, ਬੂਟਾ ਸਿੰਘ ਬੱਲ੍ਹੋ, ਬਲਦੇਵ ਸਿੰਘ ਚੌਕੇ, ਸਗਨਦੀਪ ਸਿੰਘ ਜਿਉਦ, ਪ੍ਰੀਤਮ ਸਿੰਘ ਪਿੱਥੋ, ਬਿੰਦਰ ਸਿੰਘ ਜੈਦ, ਅਮਨਾ ਚੌਕੇ, ਦਰਸ਼ਨ ਸਿੰਘ ਖੋਖਰ ਅਤੇ ਭੂਰਾ ਸਿੰਘ ਡਿੱਖ ਸਮੇਤ ਹੋਰ ਆਗੂ ਹਾਜ਼ਰ ਸਨ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਸੁਣਿਆ ਜਾਂਦਾ, ਤਦ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਟਕਰਾਅ ਦੀ ਬਜਾਏ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਵੀ ਕੀਤੀ।