ਨਗਰ ਪੰਚਾਇਤ ਚੋਣਾਂ ’ਚ ਕਾਂਗੜ ਦੀ ਦਾਅਵੇਦਾਰੀ ਮਜ਼ਬੂਤ : ਜਸਪ੍ਰੀਤ ਗਿੱਲ
ਨਗਰ ਪੰਚਾਇਤ ਚੋਣਾਂ ’ਚ ਟਿਕਟਾਂ ਨੇ ਕਾਂਗੜ ਦੀ ਦਾਅਵੇਦਾਰੀ ਮਜ਼ਬੂਤ ਕੀਤੀ : ਜਸਪ੍ਰੀਤ ਗਿੱਲ
Publish Date: Mon, 18 May 2026 05:15 PM (IST)
Updated Date: Tue, 19 May 2026 04:04 AM (IST)

ਸੰਜੀਵ ਸਿੰਗਲਾ, ਪੰਜਾਬੀ ਜਾਗਰਣ ਭਾਈ ਰੂਪਾ ਨਗਰ ਪੰਚਾਇਤ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਲੋਂ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਸਮਰਥਕਾਂ ਨੂੰ ਟਿਕਟਾਂ ਦਿੱਤੇ ਜਾਣ ਤੋਂ ਬਾਅਦ ਹਲਕੇ ਦੀ ਸਿਆਸਤ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਯੂਥ ਕਾਂਗਰਸ ਆਗੂ ਜਸਪ੍ਰੀਤ ਸਿੰਘ ਬੁਰਜ ਗਿੱਲ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਨੇ ਨਗਰ ਪੰਚਾਇਤ ਚੋਣਾਂ ਵਿੱਚ ਟਿਕਟਾਂ ਦੀ ਵੰਡ ਰਾਹੀਂ ਇਹ ਸੰਕੇਤ ਸਪੱਸ਼ਟ ਕਰ ਦਿੱਤਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਦਾਅਵੇਦਾਰੀ ਮਜ਼ਬੂਤ ਹੈ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਚੋਣਾਂ ਵਿੱਚ ਕਾਂਗਰਸ ਪਾਰਟੀ ਦੀਆਂ ਜ਼ਿਆਦਾਤਰ ਟਿਕਟਾਂ ਗੁਰਪ੍ਰੀਤ ਸਿੰਘ ਕਾਂਗੜ ਦੇ ਸਮਰਥਕਾਂ ਨੂੰ ਦਿੱਤੀਆਂ ਹਨ। ਇਸ ਤੋਂ ਪਹਿਲਾਂ ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੌਰਾਨ ਵੀ ਹਲਕੇ ਦੀਆਂ ਵੱਧਤਰ ਟਿਕਟਾਂ ਕਾਂਗੜ ਸਮਰਥਕਾਂ ਨੂੰ ਹੀ ਮਿਲੀਆਂ ਸਨ। ਇਸ ਨਾਲ ਸਪੱਸ਼ਟ ਹੋ ਗਿਆ ਹੈ ਕਿ ਪਾਰਟੀ ਹਾਈਕਮਾਂਡ ਦਾ ਭਰੋਸਾ ਅਜੇ ਵੀ ਕਾਂਗੜ ’ਤੇ ਕਾਇਮ ਹੈ। ਗਿੱਲ ਨੇ ਕਿਹਾ ਕਿ ਹਲਕੇ ਦੇ ਕਾਂਗਰਸੀ ਵਰਕਰ 2027 ਵਿੱਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾ ਰਹੇ ਹਨ। ਉਨ੍ਹਾਂ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਵਰਕਰਾਂ ਦੀ ਮਿਹਨਤ ਅਤੇ ਵਫ਼ਾਦਾਰੀ ਨੂੰ ਮਾਣ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਗਰ ਪੰਚਾਇਤ ਚੋਣਾਂ ਲੜ ਰਹੇ ਸਾਰੇ ਕਾਂਗਰਸੀ ਉਮੀਦਵਾਰਾਂ ਨੂੰ ਮੁਬਾਰਕਬਾਦ ਅਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ। ਜਸਪ੍ਰੀਤ ਸਿੰਘ ਗਿੱਲ ਨੇ ਦਾਅਵਾ ਕੀਤਾ ਕਿ ਨਗਰ ਕੌਂਸਲ ਭਗਤਾ ਭਾਈ ਕਾ, ਮਹਿਰਾਜ, ਭਾਈ ਰੂਪਾ, ਕੋਠਾ ਗੁਰੂ ਅਤੇ ਮਲੂਕਾ ਵਿੱਚ ਕਾਂਗਰਸ ਪਾਰਟੀ ਵੱਡੇ ਬਹੁਮਤ ਨਾਲ ਜਿੱਤ ਦਰਜ ਕਰੇਗੀ ਅਤੇ ਇਹ ਜਿੱਤ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਕਾਂਗਰਸ ਪਾਰਟੀ ਦੀ ਝੋਲੀ ਵਿੱਚ ਪਵੇਗੀ।