ਬਿਮਾਰੀਆਂ ਮੁਕਤ ਸਮਾਜ ਸਿਰਜਣ ਲਈ ਬੱਚਿਆਂ ਦਾ ਟੀਕਾਕਰਨ ਲਾਜ਼ਮੀ
ਬਿਮਾਰੀਆਂ ਮੁਕਤ ਸਮਾਜ ਦੀ ਸਿਰਜਣਾ ਲਈ ਬੱਚਿਆਂ ਦਾ ਸਮੇਂ ਸਿਰ ਟੀਕਾਕਰਨ ਲਾਜ਼ਮੀ
Publish Date: Tue, 19 May 2026 04:40 PM (IST)
Updated Date: Wed, 20 May 2026 04:01 AM (IST)

ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ ਬੱਚਿਆਂ ਨੂੰ ਜਾਨਲੇਵਾ ਤੇ ਨਾਮੁਰਾਦ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਬਠਿੰਡਾ ਜ਼ਿਲ੍ਹੇ ਦੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਨਿਯਮਿਤ ਟੀਕਾਕਰਨ ਮੁਹਿੰਮ ਪੂਰੀ ਸਰਗਰਮੀ ਨਾਲ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜਨਮ ਤੋਂ ਲੈ ਕੇ 16 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਮੁਫ਼ਤ ਟੀਕੇ ਲਗਾਏ ਜਾ ਰਹੇ ਹਨ। ਬੱਚਿਆਂ ਦੇ ਨਾਲ-ਨਾਲ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਟੈਟਨਸ ਦੇ ਟੀਕੇ ਲਗਾਉਣ ਦਾ ਕੰਮ ਵੀ ਨਿਰੰਤਰ ਜਾਰੀ ਹੈ ਤਾਂ ਜੋ ਮਾਂ ਅਤੇ ਹੋਣ ਵਾਲਾ ਬੱਚਾ ਦੋਵੇਂ ਸਿਹਤਮੰਦ ਰਹਿ ਸਕਣ। ਸਿਵਲ ਸਰਜਨ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ ਇਸ ਮੁਹਿੰਮ ਦੇ ਸਬੰਧੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਗਰਭ ਅਵਸਥਾ ਦੌਰਾਨ ਟੈਟਨਸ ਦਾ ਟੀਕਾ ਲਗਵਾਉਣਾ ਬੇਹੱਦ ਜ਼ਰੂਰੀ ਹੈ। ਇਹ ਟੀਕਾ ਨਵਜੰਮੇ ਬੱਚੇ ਤੇ ਮਾਂ ਨੂੰ ਟੈਟਨਸ ਵਰਗੀ ਗੰਭੀਰ ਬਿਮਾਰੀ ਦੇ ਖ਼ਤਰੇ ਤੋਂ ਬਚਾਉਂਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਵੱਲੋਂ ਲਗਾਏ ਜਾ ਰਹੇ ਇਹ ਟੀਕੇ ਪੂਰੀ ਤਰ੍ਹਾਂ ਸੁਰੱਖਿਅਤ ਤੇ ਪ੍ਰਭਾਵਸ਼ਾਲੀ ਹਨ, ਇਸ ਲਈ ਹਰ ਬੱਚੇ ਨੂੰ ਸਮੇਂ ਸਿਰ ਸਾਰੇ ਟੀਕੇ ਲਗਵਾਉਣੇ ਚਾਹੀਦੇ ਹਨ। ਡਾ. ਸਿੰਗਲਾ ਅਨੁਸਾਰ ਸਿਹਤ ਵਿਭਾਗ ਦੀਆਂ ਫੀਲਡ ਟੀਮਾਂ, ਜਿਨ੍ਹਾਂ ਵਿੱਚ ਆਸ਼ਾ ਵਰਕਰਾਂ, ਏ.ਐਨ.ਐਮ ਅਤੇ ਮਲਟੀਪਰਪਜ਼ ਹੈਲਥ ਵਰਕਰ ਸ਼ਾਮਲ ਹਨ, ਘਰ-ਘਰ ਜਾ ਕੇ ਪਰਿਵਾਰਾਂ ਨੂੰ ਟੀਕਾਕਰਨ ਦੀ ਅਹਿਮੀਅਤ ਬਾਰੇ ਜਾਗਰੂਕ ਕਰ ਰਹੇ ਹਨ। ਉਨ੍ਹਾਂ ਸਮੂਹ ਅਭਿਭਾਵਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਟੀਕਾਕਰਨ ਕਾਰਡ ਜ਼ਰੂਰ ਚੈੱਕ ਕਰਨ। ਜੇਕਰ ਕਿਸੇ ਕਾਰਨ ਬੱਚੇ ਦਾ ਕੋਈ ਟੀਕਾ ਰਹਿ ਗਿਆ ਹੋਵੇ, ਤਾਂ ਬਿਨਾਂ ਕਿਸੇ ਦੇਰੀ ਦੇ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਟੀਕਾਕਰਨ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਟੀਕਾਕਰਨ ਰਾਹੀਂ ਹੀ ਅਸੀਂ ਆਪਣੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕਰ ਸਕਦੇ ਹਾਂ ਅਤੇ ਇੱਕ ਤੰਦਰੁਸਤ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾ ਸਕਦੇ ਹਾਂ।