ਨਾਬਾਲਿਗਾ ਦੀ ਬਰਾਮਦਗੀ ਲਈ ਲੋਕਾਂ ਵੱਲੋਂ ਨੈਸ਼ਨਲ ਹਾਈਵੇਅ ਜਾਮ
ਨਾਬਾਲਗ ਲੜਕੀ ਦੀ ਬਰਾਮਦਗੀ ਲਈ ਲੋਕ ਸੜਕਾਂ ’ਤੇ ਆਏ
Publish Date: Tue, 19 May 2026 06:38 PM (IST)
Updated Date: Wed, 20 May 2026 04:07 AM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ
ਪਿੰਡ ਮੰਡੀ ਕਲਾਂ ਦੀ 15 ਸਾਲਾ ਨਾਬਾਲਗ ਲੜਕੀ ਦੇ 17 ਦਿਨਾਂ ਤੋਂ ਭੇਦਭਰੇ ਹਾਲਾਤਾਂ ਵਿੱਚ ਲਾਪਤਾ ਹੋਣ ਦੇ ਮਾਮਲੇ ਨੂੰ ਲੈ ਕੇ ਸੋਮਵਾਰ ਨੂੰ ਲੋਕਾਂ ਦਾ ਗੁੱਸਾ ਸੜਕਾਂ ’ਤੇ ਫੁੱਟ ਪਿਆ। ਪਿੰਡ ਦੀਆਂ ਦੋਵੇਂ ਪੰਚਾਇਤਾਂ, ਚਾਰ ਕਿਸਾਨ ਜਥੇਬੰਦੀਆਂ, ਪਰਿਵਾਰਕ ਮੈਂਬਰਾਂ ਅਤੇ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਰਾਮਪੁਰਾ–ਦਮਦਮਾ ਸਾਹਿਬ ਨੈਸ਼ਨਲ ਹਾਈਵੇ ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤਾ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸਰਪੰਚ ਮਲਕੀਤ ਸਿੰਘ, ਕਿਸਾਨ ਆਗੂ ਸੁਰਜੀਤ ਸਿੰਘ ਰੋਮਾਣਾ, ਸਾਬਕਾ ਸਰਪੰਚ ਸੁਖਦੇਵ ਸਿੰਘ, ਜਸਵੰਤ ਸਿੰਘ ਦਰਦ ਅਤੇ ਕਿਸਾਨ ਆਗੂ ਰਣਜੀਤ ਸਿੰਘ ਨੇ ਦੋਸ਼ ਲਾਇਆ ਕਿ ਥਾਣਾ ਬਾਲਿਆਂਵਾਲੀ ਪੁਲਿਸ ਇਸ ਮਾਮਲੇ ਵਿੱਚ ਗੰਭੀਰਤਾ ਨਹੀਂ ਦਿਖਾ ਰਹੀ। ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਸ਼ੱਕ ਦੇ ਆਧਾਰ ’ਤੇ ਇਕ ਔਰਤ ਦਾ ਨਾਮ ਪੁਲਿਸ ਨੂੰ ਦਿੱਤਾ ਗਿਆ ਸੀ, ਪਰ ਪੁਲਿਸ ਅਜੇ ਤੱਕ ਉਸ ਨੂੰ ਗ੍ਰਿਫ਼ਤਾਰ ਕਰਨ ਵਿੱਚ ਅਸਫਲ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ 17 ਦਿਨ ਬੀਤ ਜਾਣ ਦੇ ਬਾਵਜੂਦ ਨਾ ਤਾਂ ਲੜਕੀ ਦੀ ਕੋਈ ਉੱਘ-ਸੁੱਘ ਮਿਲੀ ਹੈ ਅਤੇ ਨਾ ਹੀ ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਪੁਲਿਸ ’ਤੇ ਲਾਪਰਵਾਹੀ ਵਰਤਣ ਦੇ ਦੋਸ਼ ਵੀ ਲਗਾਏ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਲੜਕੀ ਨੂੰ ਬਰਾਮਦ ਕਰਕੇ ਦੋਸ਼ੀਆਂ ਖ਼ਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਸਬੰਧੀ ਥਾਣਾ ਬਾਲਿਆਂਵਾਲੀ ਦੇ ਐਸਐਚਓ ਪਰਫਿੰਦਰ ਸਿੰਘ ਨੇ ਕਿਹਾ ਕਿ ਪਰਿਵਾਰ ਵੱਲੋਂ ਨਾਮਜ਼ਦ ਕੀਤੀ ਗਈ ਔਰਤ ਖ਼ਿਲਾਫ ਮਾਮਲਾ ਦਰਜ ਕਰਕੇ ਤਫਤੀਸ਼ ਜਾਰੀ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਪੁਲਿਸ ਪੂਰੀ ਇਮਾਨਦਾਰੀ ਨਾਲ ਜਾਂਚ ਕਰ ਰਹੀ ਹੈ। ਧਰਨੇ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।