ਨਾਮਜ਼ਦਗੀ ਪੱਤਰ ਰੱਦ ਕਰਨ ਦੇ ਵਿਰੋਧ ’ਚ ਕਾਂਗਰਸ ਵੱਲੋਂ ਧਰਨਾ
ਨਾਮਜ਼ਦਗੀ ਪੱਤਰ ਰੱਦ ਕਰਨ ਦੇ ਵਿਰੋਧ ਵਿੱਚ ਕਾਂਗਰਸ ਦਾ ਧਰਨਾ
Publish Date: Tue, 19 May 2026 06:57 PM (IST)
Updated Date: Wed, 20 May 2026 04:07 AM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਨਿਗਮ ਚੋਣਾਂ ਦੇ ਮੱਦੇਨਜ਼ਰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ ਕਾਂਗਰਸ ਪਾਰਟੀ ਦੇ ਛੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ਕਾਂਗਰਸ ਵੱਲੋਂ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ ਤੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਗਿਆ। ਜਾਣਕਾਰੀ ਅਨੁਸਾਰ ਨਿਗਮ ਚੋਣਾਂ ਲਈ ਵੋਟਿੰਗ 26 ਮਈ ਨੂੰ ਹੋਣੀ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਗਈ ਸੀ, ਜਿਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਾਂਗਰਸ ਦੇ ਛੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ। ਕਾਂਗਰਸ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਡੀਸੀ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਤੇ ਘਿਰਾਓ ਕੀਤਾ। ਪ੍ਰਦਰਸ਼ਨ ਵਧਣ ਮਗਰੋਂ ਡਿਪਟੀ ਕਮਿਸ਼ਨਰ ਨੇ ਕਾਂਗਰਸ ਲੀਡਰਸ਼ਿਪ ਨੂੰ ਗੱਲਬਾਤ ਲਈ ਸੱਦਿਆ ਤੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ। ਕਾਂਗਰਸ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿੱਚ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਮਾਮਲਿਆਂ ਦੀ ਨਿਰਪੱਖ ਜਾਂਚ ਕਰਕੇ ਉਚਿਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਜੇ ਕੋਈ ਗੜਬੜ ਪਾਈ ਜਾਂਦੀ ਹੈ ਤਾਂ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਕਾਂਗਰਸ ਆਗੂ ਰਾਜਨ ਗਰਗ ਨੇ ਦੋਸ਼ ਲਗਾਇਆ ਕਿ ਸੱਤਾ ਧਿਰ ਵੱਲੋਂ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਜਿੱਤਣ ਯੋਗ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਗਲਤ ਢੰਗ ਨਾਲ ਰੱਦ ਕੀਤੇ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਨਿਰਪੱਖ ਜਾਂਚ ਨਾ ਹੋਈ ਤਾਂ ਕਾਂਗਰਸ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਮੇਅਰ ਅਸ਼ੋਕ ਕੁਮਾਰ, ਸਾਬਕਾ ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਣ, ਬਲਾਕ ਪ੍ਰਧਾਨ ਮਾਧਵ ਸ਼ਰਮਾ, ਜਗਰਾਜ ਸਿੰਘ, ਨਰੇਸ਼ ਗਰਗ, ਸੰਦੀਪ ਬੋਬੀ, ਹਰਵਿੰਦਰ ਸਿੰਘ ਲੱਡੂ, ਸਾਬਕਾ ਮੇਅਰ ਬਲਵੰਤ ਰਾਏ ਨਾਥ, ਹਰੀਓਮ ਕਪੂਰ, ਗੁਰਵਿੰਦਰ ਚਹਿਲ, ਦੁਪਿੰਦਰ ਮਿਸ਼ਰਾ, ਰਮਨਦੀਪ ਸਿੰਘ ਢਿੱਲੋਂ, ਨਰਿੰਦਰ ਸਿੰਘ ਗਾਂਧੀ ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਤੇ ਵਰਕਰਜ਼ ਹਾਜ਼ਰ ਸਨ।