ਮਿੱਟੀ ਪਰਖ ਤੇ ਖਾਦਾਂ ਵਰਤਣ ਬਾਰੇ ਕਿਸਾਨ ਕੀਤੇ ਜਾਗਰੂਕ
ਮਿੱਟੀ ਪਰਖ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਗਰੂਕਤਾ ਕੈਂਪ
Publish Date: Wed, 20 May 2026 06:07 PM (IST)
Updated Date: Thu, 21 May 2026 04:04 AM (IST)

-ਕਿਸਾਨਾਂ ਨੂੰ ਅਪੀਲ, ਸਿਫਾਰਸ਼ ਕੀਤੀਆਂ ਕਿਸਮਾਂ ਦੀ ਹੀ ਕੀਤੀ ਜਾਵੇ ਕਾਸ਼ਤ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ), ਬਠਿੰਡਾ, ਫਾਰਮ ਸਲਾਹਕਾਰ ਸੇਵਾ ਕੇਂਦਰ, ਬਠਿੰਡਾ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੁਆਰਾ ਸਾਂਝੇ ਤੌਰ ਤੇ ਖਾਦਾਂ ਦੀ ਸੁਚੱਜੀ ਅਤੇ ਸੰਤੁਲਿਤ ਵਰਤੋਂ ਸਬੰਧੀ ਇੱਕ ਕਿਸਾਨ ਜਾਗਰੂਕਤਾ ਕੈਂਪ ਪਿੰਡ ਬੰਗੀ ਦੀਪਾ ਸਿੰਘ ਬਲਾਕ ਤਲਵੰਡੀ ਸਾਬੋ ਵਿਖੇ ਆਯੋਜਿਤ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਘੱਟ ਲਾਗਤ ਨਾਲ ਵੱਧ ਉਤਪਾਦਨ ਪ੍ਰਾਪਤ ਕਰਨ ਲਈ ਵਿਗਿਆਨਕ ਤਰੀਕਿਆਂ ਬਾਰੇ ਜਾਣੂ ਕਰਵਾਉਣਾ ਸੀ। ਕੈਂਪ ਦੌਰਾਨ ਡਾ. ਗੁਰਮੀਤ ਸਿੰਘ ਢਿੱਲੋਂ, ਪ੍ਰੋਫੈਸਰ (ਪਸਾਰ ਸਿੱਖਿਆ) ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਿਤ ਝੋਨੇ ਦੀਆਂ ਪ੍ਰਮਾਣਿਤ ਪੀ.ਆਰ ਕਿਸਮਾਂ ਪੀ.ਆਰ 133. ਪੀ.ਆਰ 132, ਪੀਆਰ 131, ਪੀਆਰ 128, ਪੀਆਰ 126, ਪੀਆਰ 114 ਅਤੇ ਬਾਸਮਤੀ 1509 ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਕਿਸਮਾਂ ਵੱਧ ਉਪਜ ਦੇਣ ਦੇ ਨਾਲ-ਨਾਲ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਫਾਰਸ਼ ਕੀਤੀਆਂ ਕਿਸਮਾਂ ਦੀ ਹੀ ਕਾਸ਼ਤ ਕਰਨ ਅਤੇ ਵਿਗਿਆਨਕ ਤਰੀਕਿਆਂ ਨੂੰ ਅਪਣਾਉਣ, ਇਸ ਮੌਕੇ ਡਾ. ਪ੍ਰਿਤਪਾਲ ਸਿੰਘ, ਜਿਲ੍ਹਾ ਪਸਾਰ ਮਾਹਿਰ (ਭੂਮੀ ਵਿਗਿਆਨ) ਨੇ ਫ਼ਸਲਾਂ ਵਿੱਚ ਰਸਾਇਣਕ ਖ਼ਾਦਾਂ ਦੀ ਸੁਚੱਜੀ ਅਤੇ ਸੰਤੁਲਿਤ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਫ਼ਸਲਾਂ ਵਿੱਚ ਸੂਖ਼ਮ ਖ਼ੁਰਾਕੀ ਤੱਤਾਂ ਦੀ ਘਾਟ ਦੀ ਨਿਸ਼ਾਨੀਆਂ, ਘਾਟ ਦੇ ਕਾਰਨਾਂ ਅਤੇ ਘਾਟ ਦੀ ਪੂਰਤੀ ਸਬੰਧੀ ਵਿਸਥਾਰਪੂਰਵਕ ਦੱਸਿਆ। ਇਸ ਮੌਕੇ ਕਿਸਾਨ ਵੀਰਾਂ ਨੂੰ ਨਰਮੇਂ ਵਿੱਚ ਰਸਾਇਣਕ ਖ਼ਾਦਾਂ ਦੀ ਸੁਚੱਜੀ ਵਰਤੋਂ, ਨਦੀਨਾਂ ਦੀ ਰੋਕਥਾਮ ਅਤੇ ਚਿੱਟੀ ਮੱਖੀ ਅਤੇ ਗੁਲਾਬੀ ਸੂੰਡੀ ਦੀ ਰੋਕਥਾਮ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਡਾ. ਨਵਨੀਤ ਕੌਰ ਜ਼ਿਲ੍ਹਾ ਪਸਾਰ ਮਾਹਿਰ (ਫ਼ਸਲ ਵਿਗਿਆਨ) ਨੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਤੇ ਫ਼ਸਲਾਂ ਵਿੱਚ ਨਦੀਨਾਂ ਦੀ ਸੁਚੱਜੀ ਰੋਕਥਾਮ ਬਾਰੇ ਕਿਸਾਨ ਵੀਰਾਂ ਨਾਲ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਝੋਨੇ ਵਿੱਚ ਮਧਰੇ ਬੂਟਿਆਂ ਦੀ ਸਮੱਸਿਆ ਬਾਰੇ ਵੀ ਵਿਚਾਰ ਸਾਂਝੇ ਕੀਤੇ। ਕੈਂਪ ਦੌਰਾਨ 50 ਕਿਸਾਨ/ਕਿਸਾਨ ਬੀਬੀਆਂ ਨੇ ਭਾਗ ਲਿਆ ਅਤੇ ਵਿਗਿਆਨੀਆਂ ਨਾਲ ਸਿੱਧੀ ਗੱਲਬਾਤ ਕੀਤੀ। ਅੰਤ ਵਿੱਚ ਵਿਗਿਆਨੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਖੇਤੀਬਾੜੀ ਵਿੱਚ ਨਵੀਂ ਤਕਨਾਲੋਜੀ ਨੂੰ ਅਪਣਾ ਕੇ ਖਰਚ ਘਟਾਉਣ ਅਤੇ ਆਮਦਨ ਵਿੱਚ ਵਾਧਾ ਕਰਨ।