ਚੋਣਾਂ ਨੂੰ ਲੈ ਕੇ ਨਥਾਣਾ ਪਹੁੰਚੇ ਸੁਖਜਿੰਦਰ ਸਿੰਘ ਰੰਧਾਵਾ, ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

- ਕਾਂਗਰਸੀ ਉਮੀਦਵਾਰਾਂ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ
ਹਰਪ੍ਰੀਤ ਮਦੇਸ਼ਾ, ਪੰਜਾਬੀ ਜਾਗਰਣ
ਨਥਾਣਾ : ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਨਥਾਣਾ ਵਿੱਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਚੋਣ ਪ੍ਰਚਾਰ ਆਪਣੇ ਪੂਰੇ ਸਿਖਰ ’ਤੇ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਜਿੱਤ ਯਕੀਨੀ ਬਣਾਉਣ ਲਈ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ। ਇਸੇ ਦੌਰਾਨ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਥਾਣਾ ਪਹੁੰਚੇ। ਉਹ ਇੱਥੇ ਕਾਂਗਰਸੀ ਆਗੂ ਗੁਰਪਿਆਰ ਸਿੰਘ ਰਿਚੀ ਦੇ ਘਰ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿੱਥੇ ਉਨ੍ਹਾਂ ਦਾ ਪਾਰਟੀ ਵਰਕਰਾਂ ਅਤੇ ਸਮਰਥਕਾਂ ਵੱਲੋਂ ਭਰਪੂਰ ਸਵਾਗਤ ਕੀਤਾ ਗਿਆ।
ਇਸ ਮੌਕੇ ਸਰਬਜੀਤ ਸਿੰਘ ਨੇ ਕਿਹਾ ਕਿ ਨਥਾਣਾ ਵਿੱਚ ਕਾਂਗਰਸ ਪਾਰਟੀ ਆਮ ਆਦਮੀ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ ਨੂੰ ਸਖ਼ਤ ਟੱਕਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਦਾ ਹੌਸਲਾ ਵਧਾਉਣ ਅਤੇ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸੁਖਜਿੰਦਰ ਸਿੰਘ ਰੰਧਾਵਾ ਖ਼ਾਸ ਤੌਰ ’ਤੇ ਨਥਾਣਾ ਪਹੁੰਚੇ ਹਨ। ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਲਈ ਕੋਈ ਢੁੱਕਵਾਂ ਕੰਮ ਨਹੀਂ ਕੀਤਾ, ਪਰ ਹਰ ਥਾਂ ਸਿਰਫ਼ ਇਸ਼ਤਿਹਾਰਾਂ ਅਤੇ ਬੋਰਡਾਂ ਰਾਹੀਂ ਆਪਣਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਸਰਕਾਰ ਦੇ ਦਾਅਵਿਆਂ ਅਤੇ ਹਕੀਕਤ ਵਿਚਲਾ ਫਰਕ ਸਮਝ ਚੁੱਕੇ ਹਨ। ਰੰਧਾਵਾ ਨੇ ਅਕਾਲੀ ਦਲ ’ਤੇ ਵੀ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜਿਹੜੀ ਪਾਰਟੀ ਬੇਅਦਬੀ ਵਰਗੇ ਗੰਭੀਰ ਮਾਮਲਿਆਂ ਲਈ ਲੋਕਾਂ ਦੇ ਸਵਾਲਾਂ ਦੇ ਘੇਰੇ ਵਿੱਚ ਰਹੀ ਹੋਵੇ, ਉਸ ਨੂੰ ਲੋਕ ਕਦੇ ਵੀ ਮੁੜ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਨਥਾਣਾ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਜਿਹੜਾ ਵੀ ਵਿਕਾਸ ਹੋਇਆ ਹੈ, ਉਹ ਕਾਂਗਰਸ ਸਰਕਾਰ ਦੇ ਸਮੇਂ ਦੌਰਾਨ ਹੀ ਹੋਇਆ ਹੈ।
ਇਸ ਮੌਕੇ ਰੰਧਾਵਾ ਨੇ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਸਿਰਫ਼ ਲੋਕਾਂ ਦਾ ਮਨੋਰੰਜਨ ਕੀਤਾ ਹੈ ਅਤੇ ਕੋਈ ਵੱਡਾ ਵਿਕਾਸ ਕਾਰਜ ਨਹੀਂ ਕਰਵਾਇਆ। ਇਸ ਮੌਕੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੀਆਂ ਗ੍ਰਾਂਟਾਂ ਅਤੇ ਕਰਵਾਏ ਗਏ ਵਿਕਾਸ ਕਾਰਜ ਅੱਜ ਵੀ ਪਿੰਡ ਦੀਆਂ ਗਲੀਆਂ ਵਿੱਚ ਲੱਗੀਆਂ ਇੰਟਰਲਾਕ ਟਾਈਲਾਂ ਰਾਹੀਂ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਨਥਾਣਾ ਵਿੱਚ ਜਿਹੜਾ ਵੀ ਵਿਕਾਸ ਹੋਇਆ ਹੈ, ਉਹ ਕਾਂਗਰਸ ਪਾਰਟੀ ਦੀ ਦੇਣ ਹੈ ਅਤੇ ਹੋਰ ਕਿਸੇ ਸਰਕਾਰ ਨੇ ਇੱਥੇ ਇੱਕ ਇੱਟ ਵੀ ਨਹੀਂ ਲਗਾਈ। ਐੱਸਸੀ ਵਿੰਗ ਦੇ ਜ਼ਿਲ੍ਹਾ ਚੇਅਰਮੈਨ ਸਰਦੂਲ ਸਿੰਘ ਗੋਬਿੰਦਪੁਰਾ ਅਤੇ ਸਾਬਕਾ ਸਰਪੰਚ ਜੋਗਿੰਦਰ ਸਿੰਘ ਕਾਕਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਸਾਰੇ ਆਗੂ ਅਤੇ ਵਰਕਰ ਇਕਜੁੱਟ ਹਨ ਅਤੇ ਮਿਲ ਕੇ ਚੋਣ ਮੈਦਾਨ ਵਿੱਚ ਜਿੱਤ ਹਾਸਲ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਕਾਂਗਰਸ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾ ਰਹੇ ਹਨ। ਇਸ ਮੌਕੇ ਕੁਲਵੰਤ ਸਿੰਘ ਲੱਬੂ, ਐੱਮਸੀ ਕੌਰ ਸਿੰਘ ਖਾਲਸਾ, ਪੂਰਨ ਸਿੰਘ ਲਾਡੀ, ਨੈਬ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਆਦਿ ਹਾਜ਼ਰ ਸਨ।