ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈੱਡਰੇਸ਼ਨ ਨੇ ਕੱਢਿਆ ਝੰਡਾ ਮਾਰਚ
ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਵੱਲੋਂ ਸਰਕਾਰ ਖ਼ਿਲਾਫ਼ ਝੰਡਾ ਮਾਰਚ
Publish Date: Sat, 23 May 2026 06:08 PM (IST)
Updated Date: Sun, 24 May 2026 04:08 AM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਵੱਲੋਂ ਜਲੰਧਰ ਕਨਵੈਨਸ਼ਨ ਦੇ ਐਲਾਨਨਾਮੇ ਅਨੁਸਾਰ ਨਗਰ ਪਾਲਿਕਾ ਚੋਣਾਂ ਤੋਂ ਪਹਿਲਾਂ ਆਪਣੇ ਸੰਘਰਸ਼ ਨੂੰ ਤਿੱਖਾ ਕਰਦਿਆਂ ਅੱਜ ਬਠਿੰਡਾ ਸ਼ਹਿਰ ਵਿੱਚ ਪੰਜਾਬ ਸਰਕਾਰ ਦੇ ਖ਼ਿਲਾਫ਼ ਝੰਡਾ ਮਾਰਚ ਕੱਢਿਆ ਗਿਆ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ‘ਤੇ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟ ਨਾ ਪਾਉਣ ਦੀ ਅਪੀਲ ਕੀਤੀ। ਇਸ ਦੌਰਾਨ “ਇਸ ਵਾਰ ਹਰਾਉ ਝਾੜੂ ਵਾਲੀ ਸਰਕਾਰ” ਦੇ ਨਾਅਰੇ ਵੀ ਲਗਾਏ ਗਏ। ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮਲ ਹੋਏ। ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ 1406/22ਬੀ ਚੰਡੀਗੜ੍ਹ ਜ਼ਿਲ੍ਹਾ ਬਠਿੰਡਾ ਦੇ ਪ੍ਰੈੱਸ ਸਕੱਤਰ ਗੁਰਮੀਤ ਸਿੰਘ ਭੋਡੀਪੁਰਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੈਡਰੇਸ਼ਨ ਦੇ ਫੀਲਡ ਕਰਮਚਾਰੀਆਂ ਨੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਗਹਿਰੀ ਦੇ ਸੱਦੇ ‘ਤੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਰੋਸ ਮਾਰਚ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਜੋਸ਼ੋ-ਖ਼ਰੋਸ਼ ਨਾਲ ਨਾਅਰੇਬਾਜ਼ੀ ਕਰਦਿਆਂ ਲੋਕਾਂ ਸਾਹਮਣੇ ਸਰਕਾਰ ਦਾ “ਮਜ਼ਦੂਰ, ਮੁਲਾਜ਼ਮ, ਕਿਸਾਨ ਅਤੇ ਛੋਟੇ ਦੁਕਾਨਦਾਰ ਵਿਰੋਧੀ ਚਿਹਰਾ” ਬੇਨਕਾਬ ਕੀਤਾ। ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਵੱਡੇ-ਵੱਡੇ ਇਨਕਲਾਬੀ ਦਾਅਵੇ ਕੀਤੇ ਗਏ ਸਨ, ਪਰ ਹਕੀਕਤ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸਾਨ, ਮਜ਼ਦੂਰ, ਮੁਲਾਜ਼ਮ, ਛੋਟੇ ਦੁਕਾਨਦਾਰ ਜਾਂ ਬੇਰੁਜ਼ਗਾਰ ਨੌਜਵਾਨ ਆਪਣੀਆਂ ਮੰਗਾਂ ਲੈ ਕੇ ਸਰਕਾਰ ਕੋਲ ਜਾਂਦੇ ਹਨ ਤਾਂ ਉਨ੍ਹਾਂ ਨੂੰ ਮੀਟਿੰਗਾਂ ਦੇ ਕੇ ਸਿਰਫ਼ ਟਾਲਿਆ ਜਾਂਦਾ ਹੈ। ਫਰੰਟ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਦੀ “ਲੁਕਣ-ਮੀਟੀ” ਵਾਲੀ ਨੀਤੀ ਤੋਂ ਅੱਕੇ ਹੋਏ ਮੁਲਾਜ਼ਮ ਅਤੇ ਪੈਨਸ਼ਨਰ ਹੁਣ ਨਗਰ ਪਾਲਿਕਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਚੋਣਾਂ ਸਰਕਾਰ ਲਈ “ਸੈਮੀਫਾਈਨਲ” ਹਨ ਤੇ ਮੁਲਾਜ਼ਮ ਵਰਗ ਇਸ ਵਾਰ ਸਰਕਾਰ ਦੀ ਨੀਂਹ ਹਿਲਾ ਕੇ ਰਹੇਗਾ। ਇਸ ਮੌਕੇ ਰਾਮਰੱਖਾ ਜੌੜਕੀਆਂ, ਸੁਖਰਾਜ ਤਲਵੰਡੀ, ਸੂਬਾ ਆਗੂ ਕੁਲਵੰਤ ਸਿੰਘ ਬੁਰਜ ਥਰੋੜ, ਪਰਮਜੀਤ ਪੂਹਲਾ, ਸ਼ਮਸ਼ੇਰ ਸਿੰਘ, ਦੁੱਲਾ ਸਿੰਘ, ਛਬੀਲ ਸਿੰਘ, ਜਗਦੀਪ ਫੂਸਮੰਡੀ, ਗੁਰਚਰਨ ਜੌੜਕੀਆਂ, ਪਰਮਚੰਦ ਬਠਿੰਡਾ, ਬਲਜਿੰਦਰ ਚੁੱਗੇ, ਹੰਸਾ ਸਿੰਘ ਤਲਵੰਡੀ, ਸੂਬਾ ਆਗੂ ਸੁਖਚੈਨ ਸਿੰਘ ਬਠਿੰਡਾ, ਹਰਪ੍ਰੀਤ ਸਿੰਘ ਜ਼ਿਲ੍ਹਾ ਕੈਸ਼ੀਅਰ, ਜੀਤ ਰਾਮ ਦੋਦੜਾ ਸਮੇਤ ਹੋਰ ਆਗੂ ਹਾਜ਼ਰ ਸਨ।