ਨਿਰਪੱਖ ਚੋਣਾਂ ਲਈ ਆਬਜ਼ਰਵਰ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
ਨਿਰਪੱਖ ਚੋਣਾਂ ਲਈ ਆਬਜ਼ਰਵਰ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
Publish Date: Sun, 24 May 2026 05:14 PM (IST)
Updated Date: Mon, 25 May 2026 04:05 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ
ਆਗਾਮੀ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਚੋਣਾਂ ਦੇ ਮੱਦੇਨਜ਼ਰ ਬਠਿੰਡਾ ਰੇਂਜ ਅਤੇ ਮਾਨਸਾ ਜ਼ਿਲ੍ਹੇ ਅੰਦਰ ਸੁਰੱਖਿਆ ਵਿਵਸਥਾ ਨੂੰ ਲੈ ਕੇ ਉੱਚ ਪੱਧਰੀ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਚੁੱਕਾ ਹੈ। ਇਸੇ ਲੜੀ ਤਹਿਤ ਬਠਿੰਡਾ ਰੇਂਜ ਵਿੱਚ ਤਾਇਨਾਤ ਕੀਤੇ ਗਏ ਪੁਲਿਸ ਆਬਜ਼ਰਵਰ ਅਤੇ ਸੀਨੀਅਰ ਆਈਪੀਐੱਸ ਅਧਿਕਾਰੀ ਸੁਖਵੰਤ ਸਿੰਘ ਗਿੱਲ ਵੱਲੋਂ ਐਤਵਾਰ ਨੂੰ ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ, ਏਆਈਜੀ ਕਾਊਂਟਰ ਇੰਟੈਲੀਜੈਂਸ ਅਵਨੀਤ ਕੌਰ ਸਿੱਧੂ ਅਤੇ ਜ਼ਿਲ੍ਹਾ ਬਠਿੰਡਾ ਦੇ ਸਮੂਹ ਗਜ਼ਟਿਡ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰਕੇ ਚੋਣ ਤਿਆਰੀਆਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ। ਇਸ ਅਹਿਮ ਮੀਟਿੰਗ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ, ਮਤਦਾਨ ਪ੍ਰਕਿਰਿਆ ਨੂੰ ਅਮਨ-ਅਮਾਨ ਨਾਲ ਮੁਕੰਮਲ ਕਰਵਾਉਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਆਬਜ਼ਰਵਰ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਕਿ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ ਅਤੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇ।
ਦੱਸਣਯੋਗ ਹੈ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਬਠਿੰਡਾ ਅਤੇ ਮਾਨਸਾ ਜ਼ਿਲ੍ਹੇ ਵਿੱਚ 26 ਮਈ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਸੀਨੀਅਰ ਆਈਪੀਐੱਸ ਅਧਿਕਾਰੀ ਸੁਖਵੰਤ ਸਿੰਘ ਗਿੱਲ ਨੂੰ ਬਤੌਰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇੱਕ ਸਰਕਾਰੀ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਪ੍ਰਕਿਰਿਆ ਦੌਰਾਨ ਕੋਈ ਵੀ ਆਮ ਨਾਗਰਿਕ ਚੋਣਾਂ ਨਾਲ ਸਬੰਧਤ ਆਪਣੀ ਕੋਈ ਵੀ ਸ਼ਿਕਾਇਤ, ਸੁਝਾਅ ਜਾਂ ਅਹਿਮ ਸੂਚਨਾ ਸਿੱਧੇ ਤੌਰ ’ਤੇ ਪੁਲਿਸ ਆਬਜ਼ਰਵਰ ਤੱਕ ਪਹੁੰਚਾ ਸਕਦਾ ਹੈ। ਲੋਕਾਂ ਦੀ ਸਹੂਲਤ ਲਈ ਮੋਬਾਈਲ ਨੰਬਰ 8837545532 ਅਤੇ ਈਮੇਲ ਆਈਡੀ dig.int1@policepunjab.gov.in ਜਾਰੀ ਕੀਤੇ ਗਏ ਹਨ, ਜਿਨ੍ਹਾਂ ਰਾਹੀਂ ਸਿੱਧਾ ਸੰਪਰਕ ਕੀਤਾ ਜਾ ਸਕਦਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਚੋਣਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਭੈਅ-ਮੁਕਤ ਮਾਹੌਲ ਵਿੱਚ ਕਰਵਾਉਣ ਲਈ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ, ਵੋਟਿੰਗ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੰਵੇਦਨਸ਼ੀਲ ਬੂਥਾਂ ’ਤੇ ਵਾਧੂ ਪੁਲਿਸ ਫੋਰਸ ਤਾਇਨਾਤ ਕਰਨ ਦੀ ਤਿਆਰੀ ਵੀ ਕਰ ਲਈ ਗਈ ਹੈ।