ਅਕਾਲੀ ਦਲ ਦਾ ਡੀਸੀ ਦਫ਼ਤਰ ਅੱਗੇ ਧਰਨਾ ਅੱਜ
news from bti news from bti
Publish Date: Fri, 09 Jan 2026 05:58 PM (IST)
Updated Date: Fri, 09 Jan 2026 06:00 PM (IST)

- ਆਤਸ਼ੀ ਤੇ ਭਗਵੰਤ ਮਾਨ ਦੇ ਰਵੱਈਏ ਦਾ ਕੀਤਾ ਵਿਰੋਧ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਨਿਚਰਵਾਰ ਨੂੰ ਸਵੇਰੇ 11 ਵਜੇ ਬਠਿੰਡਾ ਦੇ ਡੀਸੀ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਇਹ ਧਰਨਾ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਸ਼ੀ ਵੱਲੋਂ ਗੁਰੂ ਸਾਹਿਬਾਨ ਖ਼ਿਲਾਫ਼ ਕੀਤੀਆਂ ਗਈਆਂ ਟਿੱਪਣੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਹੰਕਾਰੀ ਤੇ ਲੋਕ ਵਿਰੋਧੀ ਰਵੱਈਏ ਖ਼ਿਲਾਫ਼ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਗੁਰੂ ਸਾਹਿਬਾਨ ਖ਼ਿਲਾਫ਼ ਕਿਸੇ ਵੀ ਕਿਸਮ ਦੀ ਅਪਮਾਨਜਨਕ ਟਿੱਪਣੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਬਿਆਨਾਂ ਨੇ ਸਿੱਖ ਸਮਾਜ ਵਿੱਚ ਭਾਰੀ ਰੋਸ ਪੈਦਾ ਕੀਤਾ ਹੈ, ਪਰ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ‘ਚ ਚੁੱਪੀ ਧਾਰਨ ਕਰਨਾ ਬਹੁਤ ਹੀ ਨਿੰਦਣਯੋਗ ਹੈ। ਬਬਲੀ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹੰਕਾਰੀ ਰਵੱਈਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਬੇਪ੍ਰਵਾਹੀ ਹੁਣ ਸਹਿਨਯੋਗ ਨਹੀਂ ਰਹੀ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਲੋਕਤੰਤਰਿਕ ਤਰੀਕੇ ਨਾਲ ਸਰਕਾਰ ਦੀਆਂ ਨੀਤੀਆਂ ਅਤੇ ਬਿਆਨਾਂ ਦਾ ਵਿਰੋਧ ਕਰਦਾ ਰਹੇਗਾ। ਉਨ੍ਹਾਂ ਸਾਰੇ ਸਰਕਲ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਅਕਾਲੀ ਵਰਕਰਾਂ ਨੂੰ ਨਾਲ ਲੈ ਕੇ ਸ਼ਨੀਵਾਰ ਸਵੇਰੇ 11 ਵਜੇ ਬਠਿੰਡਾ ਦੇ ਡੀਸੀ ਦਫ਼ਤਰ ਦੇ ਸਾਹਮਣੇ ਪਹੁੰਚਣ।