ਸੀਆਈਏ ਦੇ ਏਐੱਸਆਈ ਦੀ ਜ਼ਮਾਨਤ ਅਰਜ਼ੀ ਖਾਰਜ
news from bti news from bti
Publish Date: Tue, 12 May 2026 08:00 PM (IST)
Updated Date: Wed, 13 May 2026 04:12 AM (IST)

ਗੁਰਤੇਜ ਸਿੰਘ ਸਿੱਧੂ , ਪੰਜਾਬੀ ਜਾਗਰਣ, ਬਠਿੰਡਾ : ਭ੍ਰਿਸ਼ਟਾਚਾਰ ਦੇ ਗੰਭੀਰ ਮਾਮਲੇ ’ਚ ਘਿਰੇ ਸੀਆਈਏ ਸਟਾਫ-1 ਦੇ ਏਐੱਸਆਈ ਮਨਜਿੰਦਰ ਸਿੰਘ ਨੂੰ ਸਥਾਨਕ ਅਦਾਲਤ ਨੇ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਦੋਸ਼ੀ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ ਕਰਦਿਆਂ ਵਿਜੀਲੈਂਸ ਬਿਊਰੋ ਦੀਆਂ ਦਲੀਲਾਂ ਨੂੰ ਸਹੀ ਠਹਿਰਾਇਆ ਹੈ। ਵਿਜੀਲੈਂਸ ਨੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਹੋਰ ਤੇਜ਼ ਕਰ ਦਿੱਤੀਆਂ ਹਨ। ਇੱਕ ਕਾਰੋਬਾਰੀ ਦੀ ਸ਼ਿਕਾਇਤ ’ਤੇ ਵਿਜੀਲੈਂਸ ਬਿਊਰੋ ਨੇ ਏਐੱਸਆਈ ਮਨਜਿੰਦਰ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਸੀ। ਦੋਸ਼ ਹੈ ਕਿ ਮੁਲਜ਼ਮ ਨੇ ਆਪਣੇ ਅਹੁਦੇ ਦਾ ਦੁਰਵਰਤੋਂ ਕਰਦਿਆਂ ਨਾਜਾਇਜ਼ ਵਸੂਲੀ ਕੀਤੀ ਸੀ। -ਬਾਕਸ- -4 ਮਈ ਨੂੰ ਲਗਾਈ ਸੀ ਅਗਾਊਂ ਜ਼ਮਾਨਤ ਅਰਜ਼ੀ ਸੂਤਰਾਂ ਮੁਤਾਬਕ ਦੋਸ਼ੀ ਏਐੱਸਆਈ ਨੇ 4 ਮਈ ਨੂੰ ਸਥਾਨਕ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ। ਮੰਗਲਵਾਰ ਨੂੰ ਹੋਈ ਸੁਣਵਾਈ ਦੌਰਾਨ ਸਰਕਾਰੀ ਪੱਖ ਨੇ ਅਦਾਲਤ ਨੂੰ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂਆਤੀ ਪੜਾਅ ’ਚ ਹੈ ਤੇ ਦੋਸ਼ੀ ਤੋਂ ਪੁੱਛਗਿੱਛ ਕਰਨੀ ਬਹੁਤ ਜ਼ਰੂਰੀ ਹੈ। ਵਿਜੀਲੈਂਸ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਨਾਲ ਕਈ ਅਹਿਮ ਖੁਲਾਸੇ ਹੋ ਸਕਦੇ ਹਨ। ਇਸ ਨਾਲ ਮਾਮਲੇ ਨਾਲ ਜੁੜੇ ਹੋਰ ਲੋਕਾਂ ਅਤੇ ਸੰਭਾਵਿਤ ਨੈੱਟਵਰਕ ਬਾਰੇ ਵੀ ਜਾਣਕਾਰੀ ਮਿਲ ਸਕਦੀ ਹੈ। ਅਦਾਲਤ ਨੇ ਸਰਕਾਰੀ ਪੱਖ ਦੀਆਂ ਦਲੀਲਾਂ ਨਾਲ ਸਹਿਮਤੀ ਜਤਾਉਂਦਿਆਂ ਕਿਹਾ ਕਿ ਇਸ ਪੜਾਅ ’ਤੇ ਅਗਾਊਂ ਜ਼ਮਾਨਤ ਦੇਣ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਇਸ ਤੋਂ ਬਾਅਦ ਅਦਾਲਤ ਨੇ ਅਰਜ਼ੀ ਖਾਰਜ ਕਰ ਦਿੱਤੀ। -ਬਾਕਸ- -ਗ੍ਰਿਫ਼ਤਾਰੀ ਲਈ ਕਈ ਥਾਵਾਂ ’ਤੇ ਛਾਪੇਮਾਰੀ ਅਦਾਲਤ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀਆਂ ਤੇਜ਼ ਕਰ ਦਿੱਤੀਆਂ ਹਨ। ਵੱਖ-ਵੱਖ ਸੰਭਾਵਿਤ ਟਿਕਾਣਿਆਂ ’ਤੇ ਦਬਿਸ਼ ਦਿੱਤੀ ਜਾ ਰਹੀ ਹੈ ਅਤੇ ਦੋਸ਼ੀ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਜਾਂਚ ਵਿੱਚ ਕੇਵਲ ਇੱਕ ਪੁਲਿਸ ਅਧਿਕਾਰੀ ਹੀ ਨਹੀਂ, ਸਗੋਂ ਹੋਰ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਲਈ ਦੋਸ਼ੀ ਦੀ ਗ੍ਰਿਫ਼ਤਾਰੀ ਜਾਂਚ ਲਈ ਅਹਿਮ ਮੰਨੀ ਜਾ ਰਹੀ ਹੈ। -ਦੋ ਹੋਰ ਪੁਲਿਸ ਮੁਲਾਜ਼ਮਾਂ ਦੇ ਨਾਮ ਵੀ ਹਨ ਚਰਚਾ ’ਚ ਵਿਜੀਲੈਂਸ ਸੂਤਰਾਂ ਅਨੁਸਾਰ ਮੁੱਢਲੀ ਜਾਂਚ ਵਿੱਚ ਦੋ ਹੋਰ ਪੁਲਿਸ ਕਰਮਚਾਰੀਆਂ ਦੇ ਨਾਮ ਵੀ ਸਾਹਮਣੇ ਆਏ ਹਨ। ਹਾਲਾਂਕਿ ਅਜੇ ਤੱਕ ਕਿਸੇ ਹੋਰ ਕਰਮਚਾਰੀ ਨੂੰ ਅਧਿਕਾਰਿਕ ਤੌਰ ’ਤੇ ਨਾਮਜ਼ਦ ਨਹੀਂ ਕੀਤਾ ਗਿਆ, ਪਰ ਵਿਜੀਲੈਂਸ ਪੂਰੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ। ਸੂਤਰਾਂ ਦਾ ਦਾਅਵਾ ਹੈ ਕਿ ਜੇ ਜਾਂਚ ਵਿੱਚ ਸਬੂਤ ਮਿਲੇ ਤਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਪੁਲਿਸ ਕਰਮਚਾਰੀਆਂ ਖ਼ਿਲਾਫ਼ ਵੀ ਕਾਰਵਾਈ ਹੋ ਸਕਦੀ ਹੈ। ਇਸ ਮਾਮਲੇ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਵੀ ਹਲਚਲ ਤੇਜ਼ ਹੋ ਗਈ ਹੈ। -ਬਾਕਸ- -ਪੁਲਿਸ ਮਹਿਕਮੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਮਾਮਲਾ ਸੀਆਈਏ ਸਟਾਫ ਦੇ ਅਧਿਕਾਰੀ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਤੇ ਅਗਾਊਂ ਜ਼ਮਾਨਤ ਅਰਜ਼ੀ ਖਾਰਜ ਹੋਣ ਤੋਂ ਬਾਅਦ ਇਹ ਮਾਮਲਾ ਪੁਲਿਸ ਵਿਭਾਗ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਵਿਭਾਗੀ ਹਲਕਿਆਂ ਵਿੱਚ ਮੰਨਿਆ ਜਾ ਰਿਹਾ ਹੈ ਕਿ ਵਿਜੀਲੈਂਸ ਜਾਂਚ ਅੱਗੇ ਵਧਣ ਨਾਲ ਹੋਰ ਵੀ ਹੈਰਾਨ ਕਰਨ ਵਾਲੇ ਖੁਲਾਸੇ ਹੋ ਸਕਦੇ ਹਨ।