ਕਣਕ ਦੀ ਨਾੜ ਸਾੜਨੋਂ ਰੋਕਣ ਲਈ ਫਾਇਰ ਬ੍ਰਿਗੇਡ ਮੁਲਾਜ਼ਮ ਮੁਸਤੈਦ
ਜ਼ਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ
Publish Date: Sat, 02 May 2026 06:08 PM (IST)
Updated Date: Sun, 03 May 2026 04:11 AM (IST)
ਪੰਜਾਬੀ ਜਾਗਰਣ ਰਿਪੋਰਟਰ, ਮਾਨਸਾ : ਜ਼ਿਲ੍ਹੇ ਵਿਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਸਖ਼ਤੀ ਨਾਲ ਨੱਥ ਪਾਉਣ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਪੁਲਿਸ ਪ੍ਰਸ਼ਾਸਨ ਨੂੰ ਵਧੇਰੇ ਮੁਸਤੈਦ ਰਹਿਣ ਤੇ ਪਿੰਡਾਂ ਵਿੱਚ ਗਸ਼ਤ ਹੋਰ ਤੇਜ਼ ਕਰਨ ਦੇ ਆਦੇਸ਼ ਦਿੱਤੇ ਹਨ। ਡੀਸੀ ਦੀਆਂ ਹਦਾਇਤਾਂ ‘ਤੇ ਅਮਲ ਕਰਦਿਆਂ ਸਬ ਡਵੀਜ਼ਨਾਂ ਅੰਦਰ ਐੱਸਡੀਐੱਮ ਤੇ ਡੀਐੱਸਪੀ ਦੀ ਨਿਗਰਾਨੀ ਹੇਠ ਪੁਲਿਸ ਵਿਭਾਗ ਵੱਲੋਂ ਪਿੰਡਾਂ ਵਿੱਚ ਗਸ਼ਤ ਵਧਾ ਦਿੱਤੀ ਹੈ ਤਾਂ ਜੋ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਅਧਿਕਾਰੀਆਂ ਵੱਲੋ ਕਿਸਾਨਾਂ ਨੂੰ ਜਾਗਰੂਕ ਵੀ ਕਰ ਰਿਹਾ ਹੈ, ਪਰ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਖੇਤ ਵਿੱਚ ਫ਼ਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਦੀ ਕਾਰਵਾਈ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਤੁਰੰਤ ਕੰਟਰੋਲ ਰੂਮ ‘ਤੇ ਇਸ ਬਾਰੇ ਸੂਚਨਾ ਦਿੱਤੀ ਜਾਵੇ।
ਡੀਸੀ ਨੇ ਕਿਹਾ ਕਿ ਮੌਸਮ ਮਾਹਿਰਾਂ ਵੱਲੋਂ ਇਨ੍ਹਾਂ ਦਿਨਾਂ ਵਿੱਚ ਹਨੇਰੀ ਤੂਫ਼ਾਨ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਅਤੇ ਅਜਿਹੇ ਵੇਲੇ ਕਿਸਾਨਾਂ ਨੂੰ ਵੱਡੇ ਲੋਕ ਹਿੱਤ ਦੇ ਮੱਦੇਨਜ਼ਰ ਨਾੜ ਨੂੰ ਅੱਗ ਲਾਉਣ ਤੋਂ ਗ਼ੁਰੇਜ਼ ਕਰਨ ਦੀ ਲੋੜ ਹੈ। ਹਨੇਰੀ ਤੂਫ਼ਾਨ ਕਾਰਨ ਨਾੜ ਨੂੰ ਲੱਗੀ ਅੱਗ ਕਈ ਵਾਰ ਨੁਕਸਾਨ ਦਾ ਕਾਰਨ ਬਣ ਜਾਂਦੀ ਹੈ। ਰਹਿੰਦ-ਖੂਹੰਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਫਾਇਰ ਬ੍ਰਿਗੇਡ ਦੇ ਦਸਤੇ 24 ਘੰਟੇ ਪੂਰੀ ਤਰ੍ਹਾਂ ਮੁਸਤੈਦ ਹਨ ਤੇ ਜਿਵੇਂ ਹੀ ਕਿਸੇ ਖੇਤ ਵਿੱਚ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੁੰਦੀ ਹੈ, ਤਾਂ ਸਬੰਧਿਤ ਕਾਰਜਸਾਧਕ ਅਫ਼ਸਰ ਦੀ ਨਿਗਰਾਨੀ ਹੇਠ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾ ਰਹੀਆਂ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਅਤੇ ਵਾਤਾਵਰਣ ਦੇ ਹੋ ਰਹੇ ਪ੍ਰਦੂਸ਼ਣ ਨੂੰ ਫੌਰੀ ਤੌਰ ’ਤੇ ਰੋਕਿਆ ਜਾ ਸਕੇ। ਡੀਸੀ ਨੇ ਇਹ ਵੀ ਕਿਹਾ ਕਿ ਨਾੜ ਸਾੜਨ ਨਾਲ ਪੈਦਾ ਹੋ ਰਿਹਾ ਪ੍ਰਦੂਸ਼ਣ, ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ ਲਈ ਜਾਨਲੇਵਾ ਸਿੱਧ ਹੁੰਦਾ ਹੈ ਅਤੇ ਰਾਹਗੀਰਾਂ ਨੂੰ ਵਾਹਨ ਚਲਾਉਣ ਸਮੇਂ ਵੀ ਜ਼ੋਖਿਮ ਉਠਾਉਣਾ ਪੈਂਦਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਵੱਡੀ ਗਿਣਤੀ ਨੋਡਲ ਅਫ਼ਸਰ, ਕਲੱਸਟਰ ਅਫ਼ਸਰ, ਉਪ ਮੰਡਲ ਮੈਜਿਸਟਰੇਟ, ਐੱਸਪੀ, ਡੀਐੱਸਪੀ, ਥਾਣਾ ਮੁਖੀ, ਖੇਤੀਬਾੜੀ, ਬਾਗਬਾਨੀ, ਸਹਿਕਾਰਤਾ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪਾਵਰਕੌਮ, ਮਾਲ ਵਿਭਾਗ ਦੇ ਅਧਿਕਾਰੀਆਂ ਕਿਸਾਨਾਂ ਨੂੰ ਨਾੜ ਸਾੜਨ ਤੋਂ ਰੋਕਣ ਲਈ ਜਾਗਰੂਕ ਕਰ ਰਹੇ ਹਨ।