ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ
Publish Date: Fri, 01 May 2026 06:51 PM (IST)
Updated Date: Sat, 02 May 2026 04:11 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਮਾਨਸਾ ਅੰਦਰ ਅਣ ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ 'ਤੇ ਪੂਰਨ ਤੌਰ ’ਤੇ ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਆਈਏਐਸ ਨੇ ਭਾਰਤੀ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਮੈਰਿਜ ਪੈਲਸਾਂ, ਧਾਰਮਿਕ ਸਥਾਨਾਂ, ਆਮ ਪਬਲਿਕ ਵੱਲੋਂ ਸਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮਾਂ ਵਿੱਚ ਲਾਊਡ ਸਪੀਕਰ, ਆਰਕੈਸਟਰਾ ਅਤੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ। ਇਸ ਦੇ ਫ਼ਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਤੇ ਬੱਚਿਆਂ ਦੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ ਅਤੇ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੁੰਦੀ ਹੈ। ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਬਿਨ੍ਹਾਂ ਪੂਰਵ ਪ੍ਰਵਾਨਗੀ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ਨਹੀਂ ਕਰ ਸਕਦਾ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜਿਸ ਵੀ ਮੈਰਿਜ ਪੈਲੇਸ, ਹੋਟਲ ਰੈਸਟੋਰੈਂਟ ਜਾਂ ਆਮ ਪਬਲਿਕ ਨੇ ਲਾਊਡ ਸਪੀਕਰ ਲਗਾਉਣਾ ਹੋਵੇਗਾ, ਉਹ ਵੱਖਰੇ ਤੌਰ ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਤੋਂ ਪ੍ਰਵਾਨਗੀ ਲਵੇਗਾ, ਪ੍ਰੰਤੂ ਇਸ ਪ੍ਰਵਾਨਗੀ ਦਾ ਭਾਵ ਕਿਸੇ ਵੀ ਤਰ੍ਹਾਂ ਆਮ ਪਬਲਿਕ ਦੀ ਸ਼ਾਂਤੀ ਭੰਗ ਕਰਨਾ ਨਹੀਂ ਹੋਵੇਗਾ। ਇਸ ਲਈ ਰਾਤ ਨੂੰ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ਤੇ ਪੂਰਨ ਪਾਬੰਦੀ ਹੋਵੇਗੀ। ਇਹ ਹੁਕਮ 31 ਮਈ 2026 ਤੱਕ ਲਾਗੂ ਰਹੇਗਾ।