ਤੇਲ ਤੇ ਗੈਸ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ ਕਾਂਗਰਸ ਦਾ ਅਨੋਖਾ ਖੱਚਰ-ਰੇਹੜਾ ਪ੍ਰਦਰਸ਼ਨ
ਪੈਟਰੋਲ, ਡੀਜ਼ਲ ਤ ਗੈਸ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼
Publish Date: Sat, 30 May 2026 07:07 PM (IST)
Updated Date: Sun, 31 May 2026 04:05 AM (IST)

ਅੱਛੇ ਦਿਨ ਨਹੀਂ ਕਾਂਗਰਸ ਵਾਲੇ ਦਿਨ ਹੀ ਵਾਪਿਸ ਕਰ ਦੋ : ਕੁਲਵੰਤ ਰਾਏ ਸਿੰਗਲਾ ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੈਟਰੋਲ, ਡੀਜ਼ਲ, ਘਰੇਲੂ ਗੈਸ, ਸੀਐਨਜੀ ਅਤੇ ਮੋਬਾਇਲ ਰਿਚਾਰਜ ਦੀਆਂ ਕੀਮਤਾਂ ਵਿੱਚ ਲਗਾਤਾਰ ਕੀਤੇ ਜਾ ਰਹੇ ਵਾਧੇ ਖ਼ਿਲਾਫ਼ ਅੱਜ ਕਾਂਗਰਸ ਪਾਰਟੀ ਵੱਲੋਂ ਬਰੇਟਾ ਵਿਖੇ ਵਿਲੱਖਣ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਖੱਚਰ ਰੇਹੜੇ ਉਪਰ ਬੈਠ ਕੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਉਜਾਗਰ ਕੀਤਾ। ਰੋਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕੀਤੀ। ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ, ਵਰਕਰ ਅਤੇ ਆਮ ਲੋਕ ਵੀ ਸ਼ਾਮਲ ਹੋਏ। ਖੱਚਰ ਰੇਹੜੇ ‘ਤੇ ਸਵਾਰ ਹੋ ਕੇ ਕਾਂਗਰਸੀ ਆਗੂਆਂ ਨੇ ਬਾਜ਼ਾਰਾਂ ਵਿੱਚੋਂ ਰੋਸ ਮਾਰਚ ਕੱਢਿਆ ਅਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੌਰਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਆਮ ਲੋਕਾਂ ਦਾ ਜੀਵਨ ਬਹੁਤ ਮੁਸ਼ਕਿਲ ਹੋ ਗਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕਰਕੇ ਦੇਸ਼ ਦੀ ਆਰਥਿਕਤਾ ਨੂੰ ਹਿਲਾ ਕੇ ਰੱਖ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦਾ ਸਿੱਧਾ ਅਸਰ ਹਰ ਵਰਗ ‘ਤੇ ਪੈ ਰਿਹਾ ਹੈ। ਟਰਾਂਸਪੋਰਟ ਮਹਿੰਗੀ ਹੋਣ ਕਾਰਨ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀਆਂ ਕੀਮਤਾਂ ਵਿੱਚ ਵੀ ਬੇਹਿਸਾਬ ਵਾਧਾ ਹੋ ਰਿਹਾ ਹੈ, ਜਿਸ ਕਾਰਨ ਆਮ ਲੋਕਾਂ ਦਾ ਘਰੇਲੂ ਬਜਟ ਪੂਰੀ ਤਰ੍ਹਾਂ ਵਿਗੜ ਗਿਆ ਹੈ। ਉਨ੍ਹਾਂ ਕਿਹਾ ਕਿ ਘਰੇਲੂ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ ਨੇ ਘਰੇਲੂ ਮਹਿਲਾਵਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ। ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਲਈ ਰਸੋਈ ਚਲਾਉਣਾ ਬਹੁਤ ਮੁਸ਼ਕਿਲ ਹੋ ਗਿਆ ਹੈ। ਇਸ ਤੋਂ ਇਲਾਵਾ ਸੀ.ਐਨ.ਜੀ. ਅਤੇ ਮੋਬਾਈਲ ਰਿਚਾਰਜ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨੇ ਨੌਜਵਾਨਾਂ, ਵਿਦਿਆਰਥੀਆਂ ਅਤੇ ਛੋਟੇ ਕਾਰੋਬਾਰੀਆਂ ਉਪਰ ਵੀ ਵੱਡਾ ਬੋਝ ਪਾਇਆ ਹੈ। ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਕੇਂਦਰ ਸਰਕਾਰ ਹਰ ਮੋਰਚੇ ‘ਤੇ ਫੇਲ੍ਹ ਸਾਬਤ ਹੋ ਰਹੀ ਹੈ। ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਦੀ ਬਜਾਏ ਸਰਕਾਰ ਲਗਾਤਾਰ ਟੈਕਸਾਂ ਦਾ ਬੋਝ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ, ਮਜ਼ਦੂਰ, ਵਪਾਰੀ ਅਤੇ ਆਮ ਨੌਕਰੀਪੇਸ਼ਾ ਵਰਗ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਡੀਜ਼ਲ ਦੀਆਂ ਵਧੀਆਂ ਕੀਮਤਾਂ ਕਾਰਨ ਕਿਸਾਨਾਂ ਦੀ ਖੇਤੀ ਲਾਗਤ ਵਿੱਚ ਵੀ ਕਾਫ਼ੀ ਵਾਧਾ ਹੋ ਗਿਆ ਹੈ। ਟ੍ਰੈਕਟਰ, ਸਿੰਚਾਈ ਮੋਟਰਾਂ ਅਤੇ ਹੋਰ ਖੇਤੀਬਾੜੀ ਸੰਦਾਂ ਲਈ ਡੀਜ਼ਲ ਦੀ ਲੋੜ ਪੈਂਦੀ ਹੈ, ਜਿਸ ਕਾਰਨ ਕਿਸਾਨ ਆਰਥਿਕ ਤੰਗੀ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਕਾਰੋਬਾਰ ਨਾਲ ਜੁੜੇ ਲੋਕਾਂ ਲਈ ਵੀ ਹਾਲਾਤ ਬਹੁਤ ਮਾੜੇ ਹੋ ਚੁੱਕੇ ਹਨ। ਕਾਂਗਰਸੀ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਦੇਸ਼ ਦਾ ਹਰ ਵਰਗ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਵਿੱਚ ਲੱਗੀ ਹੋਈ ਹੈ, ਜਦਕਿ ਆਮ ਲੋਕਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਪੈਟਰੋਲ, ਡੀਜ਼ਲ ਅਤੇ ਘਰੇਲੂ ਗੈਸ ਦੀਆਂ ਕੀਮਤਾਂ ਤੁਰੰਤ ਘਟਾਈਆਂ ਜਾਣ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਾ ਦਿੱਤਾ ਤਾਂ ਕਾਂਗਰਸ ਪਾਰਟੀ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਹੋਰ ਆਗੂਆਂ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਦੇਸ਼ ਵਿੱਚ ਵਧ ਰਹੀ ਮਹਿੰਗਾਈ ਨੇ ਲੋਕਾਂ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਘਟ ਰਹੇ ਹਨ ਅਤੇ ਛੋਟੇ ਕਾਰੋਬਾਰ ਬੰਦ ਹੋਣ ਦੇ ਕਿਨਾਰੇ ਪਹੁੰਚ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਮ ਲੋਕਾਂ ਦੀ ਆਵਾਜ਼ ਉਠਾਉਂਦੀ ਰਹੀ ਹੈ ਅਤੇ ਅੱਗੇ ਵੀ ਲੋਕ ਹਿੱਤਾਂ ਲਈ ਸੰਘਰਸ਼ ਜਾਰੀ ਰੱਖੇਗੀ। ਅੰਤ ਵਿੱਚ ਕਾਂਗਰਸੀ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਿੰਗਾਈ ਅਤੇ ਲੋਕ ਵਿਰੋਧੀ ਨੀਤੀਆਂ ਖਿਲਾਫ ਇਕੱਠੇ ਹੋ ਕੇ ਆਵਾਜ਼ ਉਠਾਉਣ ਤਾਂ ਜੋ ਸਰਕਾਰ ਨੂੰ ਲੋਕਾਂ ਦੀਆਂ ਮੁਸ਼ਕਲਾਂ ਦਾ ਅਹਿਸਾਸ ਕਰਵਾਇਆ ਜਾ ਸਕੇ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਇਲਾਕੇ ਦੇ ਲੋਕ ਹਾਜ਼ਰ ਸਨ। ਇਸ ਮੌਕੇ ਅਜੀਤ ਇੰਦਰ ਸਿੰਘ ਮੋਫਰ, ਅਰਸ਼ਦੀਪ ਗਗੋਵਾਲ, ਗੋਰਾ ਚਮਕੌਰ ਸਿੰਘ ਮੂਸਾ, ਮਨਦੀਪ ਗੋਰਾ, ਬਲਵਿੰਦਰ ਨਾਰੰਗ, ਜਤਿੰਦਰ ਕੁਮਾਰ ਆਗਰਾ, ਬਲਕਰਨ ਸਿੰਘ ਬੱਲੀ, ਪ੍ਰਿਤਪਾਲ ਮੌਂਟੀ ਸ਼ਰਮਾ, ਚਮਕੌਰ ਸਿੰਘ ਠੇਕੇਦਾਰ, ਹਰਵਿੰਦਰ ਕੌਰ ਸਿੱਧੂ ਪ੍ਰਧਾਨ ਮਹਿਲਾ ਕਾਂਗਰਸ ਹਾਜ਼ਰ ਸਨ।