ਮੁੱਖ ਮੰਤਰੀ ਪੰਜਾਬ ਦੀ ਯਾਤਰਾ ਦੌਰਾਨ ਉਨ੍ਹਾਂ ਨੂੰ ਆਪਣੇ ਮਸਲਿਆਂ ਸਬੰਧੀ ਸਵਾਲ ਪੁੱਛਣ ਅਤੇ ਮੰਗਾਂ ਰੱਖਣ ਲਈ ਜਾ ਰਹੇ ਕਿਸਾਨਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅਪੂਰਨ ਮਾਹੌਲ ਬਣ ਗਿਆ ਅਤੇ ਕਿਸਾਨ ਜਥੇਬੰਦੀਆਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ‘ਤੇ ਸਵਾਲ ਚੁੱਕੇ ਹਨ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਮੁੱਖ ਮੰਤਰੀ ਪੰਜਾਬ ਦੀ ਯਾਤਰਾ ਦੌਰਾਨ ਉਨ੍ਹਾਂ ਨੂੰ ਆਪਣੇ ਮਸਲਿਆਂ ਸਬੰਧੀ ਸਵਾਲ ਪੁੱਛਣ ਅਤੇ ਮੰਗਾਂ ਰੱਖਣ ਲਈ ਜਾ ਰਹੇ ਕਿਸਾਨਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅਪੂਰਨ ਮਾਹੌਲ ਬਣ ਗਿਆ ਅਤੇ ਕਿਸਾਨ ਜਥੇਬੰਦੀਆਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ‘ਤੇ ਸਵਾਲ ਚੁੱਕੇ ਹਨ।
ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸਦੋਹਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਵਰਕਰ ਪਿੰਡ ਕੋਟਭਾਰਾ ਦੇ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਏ ਸਨ। ਕਿਸਾਨਾਂ ਦਾ ਕਹਿਣਾ ਸੀ ਕਿ ਉਹ ਮੁੱਖ ਮੰਤਰੀ ਨੂੰ ਮਿਲ ਕੇ ਕਿਸਾਨਾਂ ਨਾਲ ਜੁੜੇ ਵੱਖ-ਵੱਖ ਮਸਲਿਆਂ ਬਾਰੇ ਸਵਾਲ ਪੁੱਛਣਾ ਚਾਹੁੰਦੇ ਸਨ ਅਤੇ ਆਪਣੀਆਂ ਮੰਗਾਂ ਰੱਖਣ ਲਈ ਸ਼ਾਂਤਮਈ ਢੰਗ ਨਾਲ ਜਾਣ ਦੀ ਤਿਆਰੀ ਕਰ ਰਹੇ ਸਨ।
ਇਸ ਦੌਰਾਨ ਪੁਲਿਸ ਨੇ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਅਤੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਘੇਰਾ ਪਾ ਲਿਆ। ਹਾਲਾਂਕਿ ਕਿਸਾਨ ਆਗੂਆਂ ਨੇ ਪੁਲਿਸ ਦੀ ਕਾਰਵਾਈ ਦਾ ਵਿਰੋਧ ਕੀਤਾ ਅਤੇ ਪੁਲਿਸ ਦਾ ਘੇਰਾ ਤੋੜਦੇ ਹੋਏ ਪਿੰਡ ਚੱਠੇ ਵਾਲਾ ਵੱਲ ਰਵਾਨਾ ਹੋ ਗਏ।
ਕਿਸਾਨਾਂ ਦੇ ਅੱਗੇ ਵਧਣ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਹੋਰ ਫੋਰਸ ਤਾਇਨਾਤ ਕਰ ਦਿੱਤੀ ਅਤੇ ਪਿੰਡ ਚੱਠੇ ਵਾਲਾ ਵਿਖੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪਰ ਕਿਸਾਨ ਖੇਤਾਂ ਦੇ ਰਸਤੇ ਹੁੰਦੇ ਹੋਏ ਪਿੰਡ ਜੀਵਨ ਸਿੰਘ ਵਾਲਾ ਤੱਕ ਪਹੁੰਚ ਗਏ। ਇੱਥੇ ਪੁਲਿਸ ਅਤੇ ਕਿਸਾਨਾਂ ਵਿਚਾਲੇ ਕਾਫੀ ਧੱਕਾ-ਮੁੱਕੀ ਹੋਈ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਕਰੀਬ 50 ਤੋਂ 55 ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਨ੍ਹਾਂ ਨੂੰ ਥਾਣੇ ਵਿੱਚ ਲਿਜਾ ਕੇ ਬੰਦ ਕਰ ਦਿੱਤਾ।
ਹਿਰਾਸਤ ਵਿੱਚ ਲਏ ਗਏ ਕਿਸਾਨਾਂ ਨੇ ਦੋਸ਼ ਲਗਾਇਆ ਕਿ ਸਰਕਾਰ ਲੋਕਤੰਤਰਿਕ ਹੱਕਾਂ ਦਾ ਘਾਣ ਕਰ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਮੁੱਖ ਮੰਤਰੀ ਤੱਕ ਪਹੁੰਚਾਉਣ ਦਾ ਵੀ ਮੌਕਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਦੀ ਬਜਾਏ ਉਨ੍ਹਾਂ ਨੂੰ ਰੋਕਣ ਅਤੇ ਹਿਰਾਸਤ ਵਿੱਚ ਲੈਣ ਦੀ ਨੀਤੀ ਅਪਣਾਏਗੀ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਉੱਧਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਕਾਰਵਾਈ ਕੀਤੀ ਗਈ ਸੀ। ਪੁਲਿਸ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਸਥਿਤੀ ਤੋਂ ਬਚਣ ਲਈ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ।
ਮੁੱਖ ਮੰਤਰੀ ਦੀ ਯਾਤਰਾ ਖਤਮ ਹੋਣ ਤੋਂ ਬਾਅਦ ਪੁਲਿਸ ਨੇ ਸਾਰੇ ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਰਿਹਾ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਿੱਚ ਰੋਸ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਆਗੂਆਂ ਨੇ ਸਰਕਾਰ ਖ਼ਿਲਾਫ਼ ਸੰਘਰਸ਼ ਹੋਰ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ ਹੈ।