ਪ੍ਰਦੂਸ਼ਣ ਰੋਕਥਾਮ ਬੋਰਡ ਦੀ ਟੀਮ ਵੱਲੋਂ ਐਮਆਰਐਫ਼ ਸੈਂਟਰ ਦਾ ਨਿਰੀਖਣ
ਸਾਫ-ਸਫਾਈ ਅਤੇ ਕੂੜੇ ਦੇ ਯੋਗ ਨਿਪਟਾਰੇ ਨੂੰ ਯਕੀਨੀ
Publish Date: Thu, 25 Dec 2025 06:46 PM (IST)
Updated Date: Fri, 26 Dec 2025 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਾਫ਼-ਸਫ਼ਾਈ ਅਤੇ ਕੂੜੇ ਦੇ ਯੋਗ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਟੀਮ ਵੱਲੋਂ ਐੱਸਡੀਓ ਹਰਮਨਦੀਪ ਸਿੰਘ ਦੀ ਅਗਵਾਈ ਹੇਠ ਨਗਰ ਪੰਚਾਇਤ ਸਰਦੂਲਗੜ੍ਹ ਅਤੇ ਜੋਗਾ ਵਿੱਚ ਐਮਆਰਐਫ਼ ਸੈਂਟਰ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ ਕਰਨ ਵਾਲੇ ਕਰਮਚਾਰੀਆਂ ਨੂੰ ਕੂੜੇ ਦੇ ਸਹੀ ਨਿਬੇੜੇ ਬਾਰੇ ਜਾਣਕਾਰੀ ਦਿੱਤੀ। ਠੋਸ ਰਹਿੰਦ-ਖੁੰਹਦ ਨੂੰ ਸਾੜਨ ਤੋਂ ਗੁਰੇਜ਼ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਰਹਿੰਦ ਖੂੰਹਦ ਨੂੰ ਸਾੜਨ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜਿਸ ਨਾਲ ਸਾਹ ਅਤੇ ਫੇਫੜੇ ਦੀਆਂ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਬਾਇਓਡੀਗਰੇਡੇਬਲ, ਨਾਨ-ਬਾਇਓਡੀਗਰੇਡੇਬਲ ਕੂੜੇ ਦੇ ਨਿਬੇੜੇ ਦੇ ਤਰੀਕਿਆਂ ਬਾਰੇ ਦੱਸਿਆ। ਉਨ੍ਹਾਂ ਕੂੜਾ ਕਰਕਟ ਦੇ ਸਹੀ ਨਿਪਟਾਰੇ ਲਈ ਢੁਕਵੇਂ ਵਿਗਿਆਨਕ ਤਰੀਕੇ ਅਪਣਾਉਣ ਲਈ ਕਿਹਾ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਕਰਕੇ ਹੀ ਪਾਉਣ। ਉਨ੍ਹਾਂ ਕਿਹਾ ਕਿ ਕੂੜਾ ਕਰਕਟ ਦਾ ਯੋਗ ਨਿਪਟਾਰਾ ਹਰ ਨਾਗਰਿਕ ਦਾ ਫਰਜ਼ ਹੈ ਇਸ ਲਈ ਸਾਰਿਆਂ ਨੂੰ ਇਸ ਵਿਚ ਸਹਿਯੋਗ ਕਰਨਾ ਚਾਹੀਦਾ ਹੈ।