ਤਲਵੰਡੀ ਸਾਬੋ 'ਚ ਦੇਹ ਵਪਾਰ ਦਾ ਪਰਦਾਫਾਸ਼, ਪੰਜ ਗ੍ਰਿਫ਼ਤਾਰ, ਇੱਕ ਫਰਾਰ
ਥਾਣਾ ਤਲਵੰਡੀ ਸਾਬੋ ਦੇ ਸਬ ਇੰਸਪੈਕਟਰ ਜਗਸੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋਸ਼ੀ ਹਰਜਿੰਦਰ ਸਿੰਘ ਵਾਸੀ ਗੁਰੂਸਰ ਜੱਗਾ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਨੂੰ ਝਾਂਸੇ ਵਿੱਚ ਲੈ ਕੇ ਆਪਣੀ ਕੋਠੀ ਵਿੱਚ ਬੁਲਾਉਂਦਾ ਅਤੇ ਉਨ੍ਹਾਂ ਤੋਂ ਜਬਰਦਸਤੀ ਦੇਹ ਵਪਾਰ ਕਰਵਾਉਂਦਾ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਟੀਮ ਨੇ ਮੌਕੇ ’ਤੇ ਛਾਪੇਮਾਰੀ ਕੀਤੀ।
Publish Date: Fri, 01 May 2026 04:04 PM (IST)
Updated Date: Fri, 01 May 2026 04:16 PM (IST)
ਕਰਾਈਮ ਰਿਪੋਰਟਰ, ਬਠਿੰਡਾ : ਥਾਣਾ ਤਲਵੰਡੀ ਸਾਬੋ ਪੁਲਿਸ ਨੇ ਇੱਕ ਘਰ ਵਿੱਚ ਲੜਕੀਆਂ ਤੋਂ ਦੇਹ ਵਪਾਰ ਕਰਵਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇੱਕ ਸਾਥੀ ਅਜੇ ਫਰਾਰ ਹੈ। ਪੁਲਿਸ ਨੇ ਸਾਰੇ ਦੋਸ਼ੀਆਂ ਖ਼ਿਲਾਫ਼ ਥਾਣਾ ਤਲਵੰਡੀ ਸਾਬੋ ਵਿੱਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਧੰਦਾ ਕਾਫੀ ਸਮੇਂ ਤੋਂ ਚੱਲ ਰਿਹਾ ਸੀ। ਦੋਸ਼ੀ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਬਹਲਾ-ਫੁਸਲਾ ਕੇ ਇਸ ਧੰਦੇ ਵਿੱਚ ਧੱਕਦੇ ਸਨ।
ਥਾਣਾ ਤਲਵੰਡੀ ਸਾਬੋ ਦੇ ਸਬ ਇੰਸਪੈਕਟਰ ਜਗਸੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋਸ਼ੀ ਹਰਜਿੰਦਰ ਸਿੰਘ ਵਾਸੀ ਗੁਰੂਸਰ ਜੱਗਾ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਨੂੰ ਝਾਂਸੇ ਵਿੱਚ ਲੈ ਕੇ ਆਪਣੀ ਕੋਠੀ ਵਿੱਚ ਬੁਲਾਉਂਦਾ ਅਤੇ ਉਨ੍ਹਾਂ ਤੋਂ ਜਬਰਦਸਤੀ ਦੇਹ ਵਪਾਰ ਕਰਵਾਉਂਦਾ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਟੀਮ ਨੇ ਮੌਕੇ ’ਤੇ ਛਾਪੇਮਾਰੀ ਕੀਤੀ।
ਛਾਪੇਮਾਰੀ ਦੌਰਾਨ ਪੁਲਿਸ ਨੇ ਮੁੱਖ ਦੋਸ਼ੀ ਹਰਜਿੰਦਰ ਸਿੰਘ ਤੋਂ ਇਲਾਵਾ ਰਾਜਵੀਰ ਸਿੰਘ ਵਾਸੀ ਪਿੰਡ ਲਖਦੀਰਵਾਲਾ ਜ਼ਿਲ੍ਹਾ ਮਾਨਸਾ, ਅਮਰਜੀਤ ਸਿੰਘ ਵਾਸੀ ਤਲਵੰਡੀ ਸਾਬੋ, ਬਸੀਰ ਖਾਨ ਵਾਸੀ ਪਿੰਡ ਜੱਗਾ ਰਾਮ ਤੀਰਥ ਅਤੇ ਸਤਵੀਰ ਸਿੰਘ ਵਾਸੀ ਪਿੰਡ ਪੱਕਾ ਸ਼ਹੀਦਾਂ ਵਾਲਾ ਨੂੰ ਗ੍ਰਿਫ਼ਤਾਰ ਕਰ ਲਿਆ। ਇੱਕ ਹੋਰ ਦੋਸ਼ੀ ਸੀਪਾ ਵਾਸੀ ਪਿੰਡ ਝੱਜਲ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁੱਖ ਦੋਸ਼ੀ ਹਰਜਿੰਦਰ ਸਿੰਘ ਲੰਮੇ ਸਮੇਂ ਤੋਂ ਇਸ ਗੈਰਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਸੀ। ਸਬ ਇੰਸਪੈਕਟਰ ਜਗਸੀਰ ਸਿੰਘ ਨੇ ਦੱਸਿਆ ਕਿ ਸਾਰੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਗਿਰੋਹ ਨਾਲ ਜੁੜੇ ਹੋਰ ਲੋਕਾਂ ਦੀ ਭਾਲ ਜਾਰੀ ਹੈ