ਜਾਨ ਮਾਲ ਦੀ ਰੱਖਿਆ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ : ਕੁਲਵੰਤ ਸਿੰਗਲਾ
ਬੀਤੀ ਰਾਤ ਲਗਾਤਾਰ ਸੱਤ ਥਾਵਾਂ ‘ਤੇ ਹੋਈਆਂ
Publish Date: Sat, 11 Apr 2026 07:00 PM (IST)
Updated Date: Sun, 12 Apr 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ
ਬੀਤੀ ਰਾਤ ਲਗਾਤਾਰ ਸੱਤ ਥਾਵਾਂ ‘ਤੇ ਹੋਈਆਂ ਚੋਰੀਆਂ ਦੀਆਂ ਘਟਨਾਵਾਂ ਨੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਨ੍ਹਾਂ ਘਟਨਾਵਾਂ ਨਾਲ ਨਾ ਸਿਰਫ਼ ਵਪਾਰੀਆਂ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੈ, ਸਗੋਂ ਆਮ ਲੋਕਾਂ ਵਿੱਚ ਵੀ ਭਾਰੀ ਨਿਰਾਸ਼ਾ ਅਤੇ ਗੁੱਸਾ ਵੇਖਣ ਨੂੰ ਮਿਲ ਰਿਹਾ ਹੈ। ਇਸ ਗੰਭੀਰ ਸਥਿਤੀ ਨੂੰ ਦੇਖਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਆਪਣੇ ਸਾਥੀਆਂ ਸਮੇਤ ਬਰੇਟਾ ਪਹੁੰਚੇ ਅਤੇ ਪੀੜ੍ਹਤ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ। ਜਾਣਕਾਰੀ ਮੁਤਾਬਕ, ਸ਼ੁੱਕਰਵਾਰ ਦੀ ਰਾਤ ਬਰੇਟਾ ਮੰਡੀ ਵਿੱਚ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਦੁਕਾਨਾਂ ਅਤੇ ਮਕਾਨਾਂ ਦੇ ਤਾਲੇ ਤੋੜ ਕੇ ਚੋਰੀਆਂ ਕੀਤੀਆਂ ਗਈਆਂ। ਇਹ ਸਾਰੀਆਂ ਚੋਰੀਆਂ ਇੱਕੋ ਹੀ ਤਰੀਕੇ ਨਾਲ ਕੀਤੀਆਂ ਗਈਆਂ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਸੰਗਠਿਤ ਢੰਗ ਨਾਲ ਕੀਤੀ ਗਈ ਵੱਡੀ ਸਾਜ਼ਿਸ਼ ਹੋ ਸਕਦੀ ਹੈ। ਸੀਸੀਟੀਵੀ ਕੈਮਰਿਆਂ ਦੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਤਿੰਨ ਵਿਅਕਤੀ ਰਾਤ ਦੇ ਸਮੇਂ ਆਰਾਮ ਨਾਲ ਵੱਖ-ਵੱਖ ਥਾਵਾਂ ‘ਤੇ ਜਾ ਕੇ ਸ਼ਟਰਾਂ ਅਤੇ ਦਰਵਾਜ਼ਿਆਂ ਦੇ ਜਿੰਦੇ ਤੋੜਦੇ ਰਹੇ ਅਤੇ ਚੋਰੀਆਂ ਨੂੰ ਅੰਜਾਮ ਦਿੰਦੇ ਰਹੇ।
ਇਸ ਦੌਰਾਨ ਸਿੰਗਲਾ ਨੇ ਆਪਣੇ ਸਾਥੀਆਂ ਨਾਲ ਮਿਲ ਥਾਣਾ ਬਰੇਟਾ ਦੇ ਐਸਐਚਓ ਮੇਲਾ ਸਿੰਘ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਾਮਲੇ ਦੀ ਗੰਭੀਰਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਮੰਗ ਕੀਤੀ ਕਿ ਚੋਰੀਆਂ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਕੇ ਕਾਨੂੰਨ ਦੇ ਹਵਾਲੇ ਕੀਤਾ ਜਾਵੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਸਖ਼ਤ ਕਦਮ ਚੁੱਕੇ ਜਾਣ। ਇਸ ਮੌਕੇ ਰਾਈਸ ਮਿਲ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਕੁਮਾਰ ਟੈਣੀ, ਆੜਤੀ ਆਗੂ ਸਮਿਤ ਗਰਗ ਅਤੇ ਹੋਰ ਹਾਜ਼ਰ ਸਨ। ਕੁਲਵੰਤ ਸਿੰਗਲਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਚੋਰੀ ਦਾ ਸ਼ਿਕਾਰ ਹੋਏ ਦੁਕਾਨਦਾਰਾਂ ਅਤੇ ਘਰਾਂ ਦੀ ਵਿਸਥਾਰਪੂਰਵਕ ਜਾਣਕਾਰੀ ਐਸਐਚਓ ਨੂੰ ਦਿੱਤੀ ਗਈ ਹੈ, ਜਿਸ ਵਿੱਚ ਰਿਪੀ ਸਿੰਘ ਕਿਸ਼ਨਗੜ੍ਹ, ਹੈਪੀ ਕੁਮਾਰ ਕੁਲਰੀਆਂ ਵਾਲੇ, ਸੈਣੀ ਆਪਟੀਕਲ ਅਤੇ ਸ਼ੈਲੀ ਕਰਿਆਨਾ ਸਟੋਰ ਆਦਿ ਸ਼ਾਮਲ ਹਨ। ਉਨ੍ਹਾਂ ਨੇ ਪੁਲਿਸ ਨੂੰ ਅਪੀਲ ਕੀਤੀ ਕਿ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਕੇ ਮੁਲਜ਼ਮਾਂ ਦੀ ਪਛਾਣ ਕੀਤੀ ਜਾਵੇ।ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਲਾਕੇ ਵਿੱਚ ਰਾਤ ਸਮੇਂ ਪੁਲਿਸ ਗਸ਼ਤ ਵਧਾਈ ਜਾਵੇ ਅਤੇ ਸੁਰੱਖਿਆ ਦੇ ਪੱਕੇ ਇੰਤਜ਼ਾਮ ਕੀਤੇ ਜਾਣ।