ਫ਼ਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ

ਅਵਤਾਰ ਸਿੰਘ ਗੇਹਲੇ, ਪੰਜਾਬੀ ਜਾਗਰਣ, ਮਾਨਸਾ : ਫ਼ਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ 132 ਪੰਜਾਬ, ਜ਼ਿਲ੍ਹਾ ਮਾਨਸਾ ਵੱਲੋਂ ਆਪਣੀਆਂ ਹੱਕੀ ਮੰਗਾਂ ਅਤੇ ਸਾਥੀ ਆਪ੍ਰੇਟਰ ਲਵਪ੍ਰੀਤ ਸਿੰਘ ਤਰਨਤਾਰਨ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਫ਼ਰਦ ਕੇਂਦਰਾਂ ਦਾ ਕੰਮ ਬੰਦ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਚਕੇਰੀਆ ਅਤੇ ਮੀਤ ਪ੍ਰਧਾਨ ਕਰਮਜੀਤ ਸਿੰਘ ਭੀਖੀ ਨੇ ਕਿਹਾ ਕਿ ਪੰਜਾਬ ਦੇ ਫ਼ਰਦ ਕੇਂਦਰਾਂ ਵਿੱਚ ਕੰਮ ਕਰ ਰਹੇ ਮੁਲਾਜ਼ਮ ਪਿਛਲੇ 10 ਤੋਂ 15 ਸਾਲਾਂ ਤੋਂ ਇਮਾਨਦਾਰੀ ਤੇ ਮਿਹਨਤ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਪਰ ਸਰਕਾਰ ਅਤੇ ਵਿਭਾਗ ਵੱਲੋਂ ਅਜੇ ਤਕ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਗਈ। ਪੰਜਾਬ ਲੈਂਡ ਰਿਕਾਰਡਜ਼ ਸੁਸਾਇਟੀ (ਪੀਐੱਲਆਰਐੱਸ) ਵੱਲੋਂ ਜਾਰੀ ਨਵੇਂ ਮੈਨਪਾਵਰ ਟੈਂਡਰ ਵਿੱਚ ਸਿਰਫ਼ 674 ਕਰਮਚਾਰੀਆਂ ਦੀ ਲੋੜ ਦਰਸਾਈ ਹੈ, ਜਿਸ ਦਾ ਜਥੇਬੰਦੀ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਜਥੇਬੰਦੀ ਅਨੁਸਾਰ ਇਸ ਨਾਲ ਮੌਜੂਦਾ ਆਪ੍ਰੇਟਰਾਂ ਤੇ ਸੇਵਾਦਾਰਾਂ ਦੀਆਂ ਨੌਕਰੀਆਂ ’ਤੇ ਸਿੱਧਾ ਖ਼ਤਰਾ ਬਣ ਗਿਆ ਹੈ। ਸਰਕਾਰ ਵੱਲੋਂ ਸੱਤਾ ’ਚ ਆਉਣ ਤੋਂ ਪਹਿਲਾਂ ਠੇਕੇਦਾਰੀ ਪ੍ਰਣਾਲੀ ਖ਼ਤਮ ਕਰਕੇ ਮੁਲਾਜ਼ਮਾਂ ਨੂੰ ਪਾਲਿਸੀ ਤਹਿਤ ਰੈਗੂਲਰ ਕਰਨ ਦੇ ਵਾਅਦੇ ਕੀਤੇ ਸਨ, ਪਰ ਵਾਰ-ਵਾਰ ਮੀਟਿੰਗਾਂ ਦੇ ਬਾਵਜੂਦ ਕੋਈ ਢੁੱਕਵਾਂ ਹੱਲ ਨਹੀਂ ਕੱਢਿਆ। ਇਸ ਨਾਲ ਹੀ ਜ਼ਿਲ੍ਹਾ ਤਰਨਤਾਰਨ ਦੇ ਕਰਮਚਾਰੀ ਲਵਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਨੂੰ ਨੌਕਰੀ ‘ਤੇ ਬਹਾਲ ਕਰਨ ਲਈ ਜਥੇਬੰਦੀ ਵੱਲੋਂ ਸਮੇਂ-ਸਮੇਂ ‘ਤੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤੇ ਭਰੋਸੇ ਵੀ ਦਿੱਤੇ ਗਏ, ਪਰ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਕੋਈ ਕਾਰਵਾਈ ਨਾ ਹੋਣ ‘ਤੇ ਜਥੇਬੰਦੀ ਨੇ ਗੰਭੀਰ ਨਾਰਾਜ਼ਗੀ ਜਤਾਈ। ਜੱਥੇਬੰਦੀ ਦੇ ਸਾਰੇ ਸਾਥੀਆਂ ਵੱਲੋਂ ਇਹ ਫ਼ੈਸਲਾ ਕੀਤਾ ਕਿ ਜ਼ਿਲ੍ਹਾ ਮਾਨਸਾ ਦੇ ਸਮੂਹ ਫ਼ਰਦ ਕੇਂਦਰ ਪੂਰੀ ਤਰ੍ਹਾਂ ਬੰਦ ਕਰ ਕੇ ਆਪਣੀ ਏਕਤਾ ਅਤੇ ਸਹਿਮਤੀ ਦਰਸਾਈ ਜਾਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦ ਤੱਕ ਸਰਕਾਰ ਤੇ ਵਿਭਾਗ ਵੱਲੋਂ ਸਾਥੀ ਲਵਪ੍ਰੀਤ ਸਿੰਘ ਤਰਨ ਤਾਰਨ ਨੂੰ ਬਹਾਲ ਨਹੀਂ ਕੀਤਾ ਜਾਂਦਾ ਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ, ਉਦੋਂ ਤਕ ਜ਼ਿਲ੍ਹਾ ਮਾਨਸਾ ਦੇ ਸਮੂਹ ਫ਼ਰਦ ਕੇਂਦਰ ਪੰਜਾਬ ਪੱਧਰੀ ਸੰਘਰਸ਼ ਤਹਿਤ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਰਹਿਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਸੰਘਰਸ਼ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਹਮਾਇਤ ਕੀਤੀ। ਇਸ ਮੌਕੇ ਏਕਟੂ ਵੱਲੋਂ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ, ਮਜ਼ਦੂਰ ਮੁਕਤੀ ਮੋਰਚਾ ਤੋਂ ਲਿਬਰੇਸ਼ਨ ਸਕੱਤਰ ਸੁਰਿੰਦਰਪਾਲ ਸਿੰਘ, ਗੁਰਸੇਵਕ ਸਿੰਘ ਮਾਨਬੀਬੀਆ, ਪੀਆਰਟੀਸੀ ਪ੍ਰਧਾਨ ਹਰਤਾਰ ਸ਼ਰਮਾ ਅਤੇ ਅਜ਼ਾਦ ਮਜ਼ਦੂਰ ਜਥੇਬੰਦੀ ਦੇ ਆਗੂ ਵੀ ਸ਼ਾਮਲ ਹੋਏ। ਇਸ ਮੌਕੇ ਸੂਬਾ ਪ੍ਰਧਾਨ ਰਮਨਦੀਪ ਸਿੰਘ, ਖ਼ਜ਼ਾਨਚੀ ਰਾਜੇਸ਼ ਕੁਮਾਰ, ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ, ਸਕੱਤਰ ਸੇਵਕ ਸਿੰਘ, ਮੀਤ ਪ੍ਰਧਾਨ ਕਰਮਜੀਤ ਸਿੰਘ, ਮੀਤ ਸਕੱਤਰ ਕੁਲਦੀਪ ਸਿੰਘ, ਖ਼ਜ਼ਾਨਚੀ ਗਗਨਦੀਪ ਸਿੰਘ, ਪ੍ਰੈਸ ਸਕੱਤਰ ਮੰਗਾ ਰਾਮ, ਅੰਤਰ ਸਿੰਘ, ਹਰਪ੍ਰੀਤ ਸਿੰਘ ਅਤੇ ਹੋਰ ਅਪਰੇਟਰ ਹਾਜ਼ਰ ਸਨ।