ਪਾਵਰ ਕਾਮ ਦੇ ਕੱਚੇ ਕਰਮਚਾਰੀਆਂ ਨੇ ਕੀਤਾ ਰੋਸ ਪ੍ਰਦਰਸ਼ਨ
ਪੰਜਾਬ ਪਾਵਰ ਕਾਮ ਅਤੇ ਟਰਾਂਸਕੋ ਦੇ ਠੇਕਾ
Publish Date: Thu, 30 Apr 2026 05:43 PM (IST)
Updated Date: Fri, 01 May 2026 04:11 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਪਾਵਰ ਕਾਮ ਅਤੇ ਟਰਾਂਸਕੋ ਦੇ ਠੇਕਾ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਵਿਭਾਗ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਲੰਬੇ ਸਮੇਂ ਤੋਂ ਆਊਟਸੋਰਸਿੰਗ ਤਹਿਤ ਕੰਮ ਕਰ ਰਹੇ ਕਰਮਚਾਰੀਆਂ ਨੇ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੇ ਜਾਣ ’ਤੇ ਆਉਣ ਵਾਲੇ ਦਿਨਾਂ ’ਚ ਸੰਘਰਸ਼ ਹੋਰ ਜ਼ਿਆਦਾ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਰਮਚਾਰੀਆਂ ਨੇ ਸ਼ਹਿਰ ਵਿੱਚ ਪੰਜਾਬ ਸਰਕਾਰ ਦੀ ਅਰਥੀ ਚੁੱਕ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਅਰਥੀ ਫੂਕੀ। ਧਰਨਾਕਾਰੀਆਂ ਨੇ ਦੋਸ਼ ਲਗਾਇਆ ਕਿ ਬਿਜਲੀ ਬੋਰਡ ਵਿੱਚ ਆਊਟਸੋਰਸਿੰਗ ਤੇ ਕੰਮ ਕਰ ਰਹੇ ਕਰਮਚਾਰੀਆਂ ਦਾ ਲੰਬੇ ਸਮੇਂ ਤੋਂ ਸ਼ੋਸ਼ਣ ਕੀਤਾ ਜਾ ਰਿਹਾ ਹੈ। ਇਸੇ ਕਾਰਨ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਅਤੇ ਉਨ੍ਹਾਂ ਦੇ ਰੁਜ਼ਗਾਰ ਨੂੰ ਸੁਰੱਖਿਅਤ ਕਰਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਰਮਚਾਰੀਆਂ ਨੇ ਕਿਹਾ ਕਿ ‘ਬਰਾਬਰ ਕੰਮ ਬਰਾਬਰ ਤਨਖ਼ਾਹ’ ਦੇ ਸਿਧਾਂਤ ਦੇ ਬਾਵਜੂਦ ਉਨ੍ਹਾਂ ਨੂੰ ਪੂਰ੍ਹੀ ਤਨਖਾਹ ਨਹੀਂ ਮਿਲ ਰਹੀ ਹੈ। ਕਈ ਕਰਮਚਾਰੀ ਪਿਛਲੇ 10 ਤੋਂ 15 ਸਾਲਾਂ ਤੋਂ ਬੇਹਦ ਘੱਟ ਤਨਖ਼ਾਹ ਤੇ ਕੰਮ ਕਰਨ ਨੂੰ ਮਜ਼ਬੂਰ ਹਨ। ਧਰਨਾਕਾਰੀਆਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਬਣਨ ਤੋਂ ਪਹਿਲਾਂ ਠੇਕਾ ਤੇ ਕਰਮਚਾਰੀਆਂ ਨੂੰ ਨਿਯਮਿਤ ਕਰਨ ਦਾ ਵਾਅਦਾ ਕੀਤਾ ਸੀ। ਭਾਰਤ ਸਰਕਾਰ ਦੇ ਚਾਰ ਸਾਲ ਬੀਤ ਜਾਣ ਬਾਅਦ ਵੀ ਇਸ ਦਿਸ਼ਾ ਵਿੱਚ ਕੋਈ ਕਦਮ ਨਹੀਂ ਉਠਾਇਆ ਗਿਆ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੁਖਵਿੰਦਰ ਸਿੰਘ, ਪ੍ਰਦੀਪ ਕੁਮਾਰ, ਸੰਜੀਵ ਕੁਮਾਰ ਅਤੇ ਸ਼ਮਸ਼ੇਰ ਸਿੰਘ ਸਮੇਤ ਕਈ ਕਰਮਚਾਰੀ ਮੌਜੂਦ ਰਹੇ।