PSEB 12th Result 2026 : ਮੈਰਿਟ ਸੂਚੀ 'ਚ ਮੈਰੀਟੋਰੀਅਸ ਸਕੂਲਾਂ ਦੇ ਚਾਰ ਵਿਦਿਆਰਥੀ ਹਨ ਜਦੋਂ ਕਿ ਸਕੂਲ ਆਫ਼ ਐਮੀਨੈਂਸ ਦੇ ਦੋ ਵਿਦਿਆਰਥੀ ਵੀ ਮੈਰਿਟ ਲਿਸਟ ਦਾ ਹਿੱਸਾ ਬਣੇ ਹਨ। ਪੰਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਮੈਰਿਟ ਵਿਚ ਆਏ ਹਨ। ਚਾਰ ਪ੍ਰਾਈਵੇਟ ਸਕੂਲਾਂ ਨੇ ਮੈਰਿਟ ਵਿਚ ਸਥਾਨ ਬਣਾਇਆ ਹੈ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਬਠਿੰਡਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਜ਼ਿਲ੍ਹੇ ਵਿੱਚੋਂ ਪਹਿਲੇ ਦੋ ਸਥਾਨ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ ਹਨ, ਜਦੋਂ ਕਿ ਤੀਜਾ ਸਥਾਨ ਸਰਕਾਰੀ ਸਕੂਲ ਦੇ ਵਿਦਿਆਰਥੀ ਦੇ ਨਾਮ ਰਿਹਾ। ਇਸ ਵਾਰ ਵੀ ਨਤੀਜਿਆਂ ਦੇ ਐਲਾਨ ਤੋਂ ਬਾਅਦ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ।ਇਸ ਵਾਰ ਬਠਿੰਡਾ ਜ਼ਿਲ੍ਹੇ ਦੇ ਕੁੱਲ 16 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਆਪਣੀ ਥਾਂ ਬਣਾਈ ਹੈ। ਖਾਸ ਗੱਲ ਇਹ ਰਹੀ ਕਿ ਇਨ੍ਹਾਂ ਵਿੱਚੋਂ 12 ਵਿਦਿਆਰਥੀ ਸਰਕਾਰੀ ਸਕੂਲਾਂ ਨਾਲ ਸਬੰਧਤ ਹਨ, ਜਿਸ ਨਾਲ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਅਤੇ ਅਧਿਆਪਕਾਂ ਦੀ ਮਿਹਨਤ ਇਕ ਵਾਰ ਫਿਰ ਸਾਬਤ ਹੋਈ ਹੈ।
ਮੈਰਿਟ ਸੂਚੀ ਵਿਚ ਮੈਰੀਟੋਰੀਅਸ ਸਕੂਲਾਂ ਦੇ ਚਾਰ ਵਿਦਿਆਰਥੀ ਹਨ ਜਦੋਂ ਕਿ ਸਕੂਲ ਆਫ਼ ਐਮੀਨੈਂਸ ਦੇ ਦੋ ਵਿਦਿਆਰਥੀ ਵੀ ਮੈਰਿਟ ਲਿਸਟ ਦਾ ਹਿੱਸਾ ਬਣੇ ਹਨ। ਪੰਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਮੈਰਿਟ ਵਿਚ ਆਏ ਹਨ। ਚਾਰ ਪ੍ਰਾਈਵੇਟ ਸਕੂਲਾਂ ਨੇ ਮੈਰਿਟ ਵਿਚ ਸਥਾਨ ਬਣਾਇਆ ਹੈ। ਪਹਿਲੇ ਸਥਾਨ ’ਤੇ ਰਹਿਣ ਵਾਲੀ ਵਿਦਿਆਰਥਣ ਸਵਪਨਦੀਪ ਕੌਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਅਤੇ ਦੂਜੇ ਸਥਾਨ ’ਤੇ ਰਹਿਣ ਵਾਲੀ ਗੁਰਲੀਨ ਕੌਰ ਮਾਸਟਰ ਮਾਇੰਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੰਗੀ ਰੁਘੂ ਨਾਲ ਸਬੰਧਤ ਹਨ, ਜਦੋਂ ਕਿ ਤੀਜੇ ਸਥਾਨ ’ਤੇ ਰਹਿਣ ਵਾਲਾ ਵਰੁਣ ਕੁਮਾਰ ਸਕੂਲ ਆਫ਼ ਐਮੀਂਨੈਸ ਨਾਲ ਸਬੰਧਤ ਹੈ। ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀਆਂ ਨੇ ਇਸ ਪ੍ਰਦਰਸ਼ਨ ਨੂੰ ਸਰਕਾਰੀ ਸਕੂਲਾਂ ਲਈ ਮਾਣ ਵਾਲੀ ਗੱਲ ਦੱਸਿਆ ਹੈ। ਜਾਣਕਾਰੀ ਅਨੁਸਾਰ ਬਠਿੰਡਾ ਜ਼ਿਲ੍ਹੇ ਵਿੱਚੋਂ ਕੁੱਲ 12 ਹਜ਼ਾਰ 994 ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਇਨ੍ਹਾਂ ਵਿੱਚੋਂ 11 ਹਜ਼ਾਰ 460 ਵਿਦਿਆਰਥੀ ਸਫਲ ਰਹੇ ਹਨ। ਇਸ ਤਰ੍ਹਾਂ ਜ਼ਿਲ੍ਹੇ ਦਾ ਪਾਸ ਫੀਸਦੀ ਕਾਫੀ ਵਧੀਆ ਰਿਹਾ ਹੈ, ਪਰ ਸੂਬਾ ਪੱਧਰ ‘ਤੇ ਬਠਿੰਡਾ ਦਾ ਰੈਂਕ 20ਵਾਂ ਦਰਜ ਕੀਤਾ ਗਿਆ ਹੈ। ਹਾਲਾਂਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਨਤੀਜਿਆਂ ਨੂੰ ਹੋਰ ਸੁਧਾਰਨ ਲਈ ਯਤਨ ਕੀਤੇ ਜਾਣਗੇ।
ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲਾਂ ਦੇ ਸਟਾਫ਼ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਵਿੱਚ ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੱਗੇ ਵੀ ਇਨ੍ਹਾਂ ਹੀ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਨਤੀਜੇ ਐਲਾਨੇ ਜਾਣ ਤੋਂ ਬਾਅਦ ਸਕੂਲਾਂ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ। ਕਈ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਇਕ-ਦੂਜੇ ਨੂੰ ਵਧਾਈਆਂ ਦਿੱਤੀਆਂ ਗਈਆਂ। ਮੈਰਿਟ ਵਿੱਚ ਆਏ ਵਿਦਿਆਰਥੀਆਂ ਨੇ ਆਪਣੀ ਸਫਲਤਾ ਦਾ ਸਿਹਰਾ ਮਾਪਿਆਂ ਅਤੇ ਅਧਿਆਪਕਾਂ ਨੂੰ ਦਿੱਤਾ। ਵਿਦਿਆਰਥੀਆਂ ਨੇ ਕਿਹਾ ਕਿ ਨਿਯਮਿਤ ਪੜ੍ਹਾਈ ਅਤੇ ਅਧਿਆਪਕਾਂ ਦੀ ਰਹਿਨੁਮਾਈ ਕਾਰਨ ਉਹ ਇਹ ਮੁਕਾਮ ਹਾਸਲ ਕਰਨ ਵਿੱਚ ਕਾਮਯਾਬ ਰਹੇ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਹਿਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਰਿਟ ਸੂਚੀ ਵਿੱਚ ਆਪਣੀ ਥਾਂ ਬਣਾਈ ਹੈ। ਇਸ ਵਾਰ ਸ਼ਹਿਰ ਦੇ ਕੁੱਲ ਛੇ ਵਿਦਿਆਰਥੀਆਂ ਨੇ ਮੈਰਿਟ ਵਿੱਚ ਸਥਾਨ ਹਾਸਲ ਕਰਕੇ ਨਾ ਸਿਰਫ਼ ਆਪਣੇ ਸਕੂਲਾਂ ਸਗੋਂ ਪੂਰੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ। ਖਾਸ ਗੱਲ ਇਹ ਰਹੀ ਕਿ ਇਸ ਤੋਂ ਪਹਿਲਾਂ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਹਿਰ ਦਾ ਕੋਈ ਵੀ ਵਿਦਿਆਰਥੀ ਮੈਰਿਟ ਸੂਚੀ ਵਿੱਚ ਨਹੀਂ ਆ ਸਕਿਆ ਸੀ। ਪਰ ਬਾਰਵੀਂ ਦੇ ਨਤੀਜਿਆਂ ਨੇ ਇਸ ਘਾਟ ਨੂੰ ਕਾਫ਼ੀ ਹੱਦ ਤਕ ਪੂਰਾ ਕਰ ਦਿੱਤਾ ਹੈ ਅਤੇ ਸਿੱਖਿਆ ਖੇਤਰ ਵਿੱਚ ਇੱਕ ਨਵਾਂ ਉਤਸ਼ਾਹ ਪੈਦਾ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਮੈਰਿਟ ਵਿੱਚ ਆਏ ਛੇ ਵਿਦਿਆਰਥੀਆਂ ਵਿੱਚੋਂ ਚਾਰ ਵਿਦਿਆਰਥੀ ਮੈਰੀਟੋਰੀਅਸ ਸਕੂਲ ਨਾਲ ਸਬੰਧਤ ਹਨ, ਜਦੋਂ ਕਿ ਦੋ ਵਿਦਿਆਰਥਣਾਂ ਮਾਲ ਰੋਡ ਕੰਨਿਆ ਸਕੂਲ ਦੀਆਂ ਹਨ।